ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਿਸਾਨ ਚੰਡੀਗੜ੍ਹ ਪਹੁੰਚ ਰਹੇ ਹਨ। ਇਕ ਪਾਸੇ ਜਿੱਥੇ ਸੰਯੁਕਤ ਕਿਸਾਨ ਮੋਰਚਾ ਆਪਣੇ ਅੰਦੋਲਨ ਦੀ 5ਵੀਂ ਵਰ੍ਹੇਗੰਢ ਮਨਾਉਣ ਲਈ ਸੈਕਟਰ-43 ਦੁਸਹਿਰਾ ਗਰਾਊਂਡ ‘ਚ ਪੁੱਜੇਗਾ, ਉੱਥੇ ਹੀ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਚੰਡੀਗੜ੍ਹ ‘ਚ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਇੱਥੇ ਕਿਸਾਨਾਂ ਵਲੋਂ ਵੱਡੀ ਰੈਲੀ ਕੀਤੀ ਜਾਵੇਗੀ ਅਤੇ ਸਰਕਾਰ ਦੇ ਮੁੱਖ ਨੁਮਾਇੰਦਿਆਂ ਨੂੰ ਮੰਗ ਪੱਤਰ ਦਿੱਤਾ ਜਾਵੇਗਾ।
ਰੈਲੀ ‘ਚ ਹਜ਼ਾਰਾਂ ਕਿਸਾਨਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ, ਜਿਸ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਸੈਕਟਰ-43 ਅਤੇ ਉਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਭਾਰੀ ਪੁਲਸ ਬਲ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਕਾਨੂੰਨ-ਵਿਵਸਥਾ ਬਣੀ ਰਹੇ ਅਤੇ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾਲ ਨਜਿੱਠਿਆ ਜਾ ਸਕੇ।
ਕਿਸਾਨਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਉਨ੍ਹਾਂ ਵਲੋਂ ਦੁਬਾਰਾ ਇੱਥੇ ਮੋਰਚਾ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਸਮੇਂ ਤੱਕ ਸ਼ਹਿਰ ‘ਚ ਕਿਸਾਨਾਂ ਦਾ ਭਾਰੀ ਇਕੱਠ ਹੋ ਚੁੱਕਾ ਹੈ ਅਤੇ ਅਜੇ ਵੀ ਕਿਸਾਨਾਂ ਦਾ ਆਉਣਾ ਲਗਾਤਾਰ ਜਾਰੀ ਹੈ।
