ਗੁਰਪ੍ਰੀਤ ਸਿੰਘ :- ਪੰਜਾਬ ਦੇ ਲੁਧਿਆਣਾ ਵਿੱਚ ਭਾਰਤੀ ਕਿਸਾਨ ਯੂਨੀਅਨ ਵੱਲੋਂ ਅੱਜ ਦੁਪਹਿਰ 12 ਵਜੇ ਤੋਂ ਲਾਡੋਵਾਲ ਟੋਲ ਪਲਾਜ਼ਾ ‘ਤੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਲਗਾ ਦਿੱਤਾ ਗਿਆ ਹੈ। ਯੂਨੀਅਨ ਨੇ ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਦਾ ਪੁਤਲਾ ਫੂਕਣ ਦਾ ਵੀ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀ ਕੇਂਦਰੀ ਗ੍ਰਹਿ ਮੰਤਰੀ ਦੇ ਪੰਜਾਬ ਦੌਰੇ ਦਾ ਸਖ਼ਤ ਵਿਰੋਧ ਕਰ ਰਹੀ ਹੈ।
ਯੂਨੀਅਨ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਇਹ ਮੋਰਚਾ ਕੇਵਲ ਵਿਰੋਧ ਤੱਕ ਸੀਮਤ ਨਹੀਂ ਰਹੇਗਾ, ਸਗੋਂ ਆਪਣੀਆਂ ਪ੍ਰਮੁੱਖ ਮੰਗਾਂ ਮਨਵਾਉਣ ਲਈ ਲੰਬੇ ਸਮੇਂ ਤੱਕ ਜਾਰੀ ਰੱਖਿਆ ਜਾਵੇਗਾ। ਜਥੇਬੰਦੀ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਸਰਾਲੀ ਬੰਨ੍ਹ ਨੂੰ ਮਜ਼ਬੂਤ ਕਰਨ ਅਤੇ ਰਾਹੋਂ ਰੋਡ ਦੀ ਖ਼ਰਾਬ ਹਾਲਤ ਨੂੰ ਠੀਕ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ ਹਨ, ਜਿਸ ਕਾਰਨ ਕਿਸਾਨਾਂ ਅਤੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਰੋਸ ਹੈ।
