ਨੈਸ਼ਨਲ ਟਾਈਮਜ਼ ਬਿਊਰੋ:- ਕਿਸਾਨਾਂ ਮਜਦੂਰਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ, ਫਰਵਰੀ 2024 ਤੋਂ ਲਗਾਤਾਰ ਜਾਰੀ ਕਿਸਾਨ ਅੰਦੋਲਨ 2 ਵੱਖ-ਵੱਖ ਬਾਡਰਾਂ ਤੇ ਕਿਸਾਨ ਮਜ਼ਦੂਰ ਮੋਰਚਾ, ਭਾਰਤ ਅਤੇ ਸੰਯੁਕਤ ਕਿਸਾਨ ਮੋਰਚਾ, ਗੈਰ ਰਾਜਨੀਤਿਕ ਦੀ ਅਗਵਾਈ ਵਿੱਚ ਸ਼ੰਭੂ, ਖਨੌਰੀ, ਰਤਨਪੁਰਾ (ਰਾਜਸਥਾਨ) ਵਿਖੇ ਲਗਾਤਾਰ ਜਾਰੀ ਹੈ। ਸ਼ੰਭੂ ਬਾਰਡਰ ਮੋਰਚੇ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਕੋਆਡੀਨੇਟਰ ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਕਿਸਾਨ ਆਗੂ ਜਰਮਨਜੀਤ ਸਿੰਘ ਬੰਡਾਲਾ ਨੇ ਪ੍ਰੈਸ ਬਿਆਨ ਜਾਰੀ ਕਰਕੇ ਜਾਣਕਾਰੀ ਦਿੱਤੀ ਕਿ ਕਿਸਾਨਾਂ ਮਜਦੂਰਾਂ ਦੇ ਹੱਕਾਂ ਦੀ ਪ੍ਰਾਪਤੀ ਲਈ ਵਿੱਢੇ ਗਏ ਸੰਘਰਸ਼ ਨੂੰ 13 ਫਰਵਰੀ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ ਅਤੇ ਇਸੇ ਸਬੰਧ ਵਿੱਚ ਸ਼ੰਭੂ ਬਾਰਡਰ ਤੇ ਰੱਖੇ ਗਏ ਸਾਲਾਨਾ ਇੱਕਠ ਤਹਿਤ ਪੂਰੇ ਦੇਸ਼ ਤੋਂ ਕਿਸਾਨ ਮਜਦੂਰ ਜਥੇਬੰਦੀਆਂ ਦੇ ਨੁਮਾਇੰਦੇ ਸ਼ਿਰਕਤ ਕਰਨਗੇ।
ਉਹਨਾਂ ਦਿੱਲੀ ਚੋਣ ਦੇ ਨਤੀਜ਼ਿਆਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਭਾਵੇਂ ਸਾਰੀਆਂ ਰਾਜਨੀਤਿਕ ਪਾਰਟੀਆਂ ਅੱਜ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਤੇ ਕੰਮ ਕਰ ਰਹੀਆਂ ਹਨ, ਪਰ ਪੰਜਾਬ ਵਿਚਲੀ ਸਰਕਾਰ ਨੂੰ ਦਿੱਲੀ ਤੋਂ ਸਬਕ ਲੈਣਾ ਚਾਹੀਦਾ ਹੈ ਅਤੇ ਪੰਜਾਬ ਅੰਦਰ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆ ਤੋਂ ਬਾਜ਼ ਆਉਣਾ ਚਾਹੀਦਾ ਹੈ।ਉਹਨਾਂ ਜਾਣਕਾਰੀ ਦਿੱਤੀ ਕਿ ਅੱਜ ਸੋਮਵਾਰ ਨੂੰ ਜਿਲ੍ਹਾ ਅੰਮ੍ਰਿਤਸਰ ਤੋਂ ਸੈਂਕੜੇ ਕਿਸਾਨ ਮਜ਼ਦੂਰ ਸ਼ੰਭੂ ਬਾਰਡਰ ਮੋਰਚੇ ਵਿੱਚ ਸ਼ਮੂਲੀਅਤ ਲਈ ਪਹੁੰਚਣਗੇ। ਉਹਨਾ ਕਿਹਾ ਕਿ ਫ਼ਸਲਾਂ ਦੀ ਖਰੀਦ ਤੇ ਐਮ ਐਸ ਪੀ ਦਾ ਗਰੰਟੀ ਕਾਨੂੰਨ ਅਤੇ ਭਾਅ ਸਵਾਮੀਨਾਥਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ, ਮਨਰੇਗਾ ਤਹਿਤ ਪ੍ਰਤੀ ਸਾਲ 200 ਰੁਜਗਾਰ ਅਤੇ ਦਿਹਾੜੀ 700, ਕਿਸਾਨਾਂ ਮਜਦੂਰਾਂ ਦੀ ਕਰਜ਼ ਮੁਕਤੀ, ਜਮੀਨ ਅਧਿਗ੍ਰਹਿਣ ਕਾਨੂੰਨ ਨੂੰ 2013 ਵਾਲੇ ਰੂਪ। ਵਿੱਚ ਬਹਾਲ ਕਰਵਾਓਣ, ਦਿੱਲੀ ਅੰਦੋਲਨ ਦੌਰਾਨ ਪਾਏ ਗਏ ਕੇਸ ਰੱਦ ਕਰਨ ਅਤੇ ਲਖੀਮਪੁਰ ਖੀਰੀ ਕਤਲਕਾਂਡ ਦੇ ਦੋਸ਼ੀਆਂ ਖਿਲਾਫ ਕਾਰਵਾਈ, ਫ਼ਸਲੀ ਬੀਮਾ ਯੋਜਨਾ, ਕਿਸਾਨ ਮਜ਼ਦੂਰ ਦੀ ਪੈਨਸ਼ਨ, ਆਦਿਵਾਸੀਆਂ ਦੇ ਹੱਕਾਂ ਦੀ ਰਾਖੀ ਲਈ ਸੰਵਿਧਾਨ ਦੀ ਪੰਜਵੀਂ ਸੂਚੀ ਲਾਗੂ ਕਰਨ, ਸਮੇਤ ਸਾਰੀਆਂ ਮੰਗਾਂ ਦੇ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।