ਚੰਡੀਗੜ੍ਹ, 20 ਨਵੰਬਰ (ਗੁਰਪ੍ਰੀਤ ਸਿੰਘ) : ਪੰਜਾਬ ਸਰਕਾਰ ਦੇ ਖਾਤੇ ਸੀਜ਼ ਕਰਨ ਦੇ ਦੋਸ਼ਾਂ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਬਣਦੇ ਫੰਡ ਰੋਕ ਕੇ ਸੂਬੇ ਨਾਲ ਵਿਤਕਰਾ ਕਰ ਰਹੀ ਹੈ, ਜਦਕਿ ਇਸ ਦੇ ਬਾਵਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਯਤਨਾਂ ਅਤੇ ਸੁਚੱਜੇ ਵਿੱਤੀ ਪ੍ਰਬੰਧਨ ਰਾਹੀਂ ਪੰਜਾਬ ਦਾ ਮਾਲੀਆ ਦੁੱਗਣਾ ਕੀਤਾ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ 3 ਕਰੋੜ ਪੰਜਾਬੀਆਂ ਦੇ ਹੱਕ ਦੇ ਫੰਡ ਰੋਕੇ ਹੋਏ ਹਨ। ਇਨ੍ਹਾਂ ਵਿੱਚ ਪੇਂਡੂ ਵਿਕਾਸ ਫੰਡ (RDF) ਦੇ ਬਕਾਏ ਅਤੇ ਵੱਖ-ਵੱਖ ਸਕੀਮਾਂ ਤਹਿਤ ਮਿਲਣ ਵਾਲੀਆਂ ਗ੍ਰਾਂਟਾਂ ਸ਼ਾਮਲ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਪਹਿਲਾਂ ਜਾਣਬੁੱਝ ਕੇ ਪੰਜਾਬ ਦੇ ਬਣਦੇ ਵਿੱਤੀ ਸਰੋਤ ਰੋਕਦੀ ਹੈ ਅਤੇ ਫਿਰ ਸੂਬੇ ਦੀ ਵਿੱਤੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦੀ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਤੀ ਪਾਬੰਦੀਆਂ ਅਤੇ ਕੇਂਦਰ ਸਰਕਾਰ ਦੇ ਲਗਾਤਾਰ ਵਿਤਕਰੇ ਦੇ ਬਾਵਜੂਦ ਪੰਜਾਬ ਨੇ ਆਪਣੇ ਮਾਲੀਏ ਦੇ ਆਧਾਰ ਨੂੰ ਮਜ਼ਬੂਤ ਕੀਤਾ ਹੈ। ਇਹ ਸਰਕਾਰ ਦੇ ਵਿੱਤੀ ਅਨੁਸ਼ਾਸਨ, ਕੁਸ਼ਲ ਪ੍ਰਸ਼ਾਸਨ ਅਤੇ ਸੂਬੇ ਦੇ ਵਿਕਾਸ ਪ੍ਰਤੀ ਵਚਨਬੱਧਤਾ ਦਾ ਸਬੂਤ ਹੈ।
ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਜਿੰਨਾ ਜ਼ਿਆਦਾ ਪੰਜਾਬ ਦਾ ਵਿੱਤੀ ਗਲਾ ਘੁੱਟਣ ਦੀ ਕੋਸ਼ਿਸ਼ ਕਰੇਗੀ, ਸੂਬਾ ਸਰਕਾਰ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਓਨੀ ਹੀ ਦ੍ਰਿੜ੍ਹਤਾ ਨਾਲ ਕੰਮ ਕਰੇਗੀ।
