ਗੁਰਪ੍ਰੀਤ ਸਿੰਘ :- ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾਰ ਅੱਜ ਮੁੜ ਆਪਣੀ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਹ ਅੱਜ ਸਵੇਰੇ ਪਿੰਡ ਬਾਦਲ ਸਥਿਤ ਰਿਹਾਇਸ਼ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਰਸਮੀ ਤੌਰ ’ਤੇ ਘਰ ਵਾਪਸੀ ਕਰਨਗੇ। ਜ਼ਿਕਰਯੋਗ ਹੈ ਕਿ ਮੱਖਣ ਬਰਾਰ ਨੇ ਮਹਿਜ਼ ਤਿੰਨ ਦਿਨ ਪਹਿਲਾਂ ਹੀ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਸੀ।
ਮੱਖਣ ਬਰਾਰ, ਜੋ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਹਿ ਚੁੱਕੇ ਹਨ, ਨੇ ਸੋਸ਼ਲ ਮੀਡੀਆ ਰਾਹੀਂ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ’ਤੇ ਗੰਭੀਰ ਇਲਜ਼ਾਮ ਲਾਉਂਦਿਆਂ ਪਾਰਟੀ ਛੱਡੀ ਸੀ।
ਉਨ੍ਹਾਂ ਦੋਸ਼ ਲਾਇਆ ਕਿ ਇਹ ਆਗੂ ਏਜੰਸੀਆਂ ਨਾਲ ਮਿਲ ਕੇ ਪੰਥ ਨੂੰ ਗੁੰਮਰਾਹ ਕਰ ਰਹੇ ਹਨ। ਮੋਗਾ ਜ਼ਿਲ੍ਹੇ ਦੀ ਸਿਆਸਤ ਵਿੱਚ ਅਹਿਮ ਰਸੂਖ ਰੱਖਣ ਵਾਲੇ ਬਰਾਰ ਦੀ ਵਾਪਸੀ ਨੂੰ ਅਕਾਲੀ ਦਲ ਲਈ ਵੱਡੀ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ। ਅਕਾਲੀ ਸੂਤਰਾਂ ਅਨੁਸਾਰ ਮੱਖਣ ਬਰਾਰ ਆਪਣੇ ਵੱਡੀ ਗਿਣਤੀ ਸਮਰਥਕਾਂ ਨਾਲ ਅੱਜ ਬਾਦਲ ਪਿੰਡ ਪਹੁੰਚ ਕੇ ਪਾਰਟੀ ਦਾ ਪੱਲਾ ਫੜਨਗੇ, ਜਿਸ ਨਾਲ ਮੋਗਾ ਅਤੇ ਧਰਮਕੋਟ ਹਲਕਿਆਂ ਵਿੱਚ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਣ ਦੀ ਉਮੀਦ ਹੈ।
