ਪਟਿਆਲਾ (ਨੈਸ਼ਨਲ ਟਾਈਮਜ਼): ਪੰਜਾਬੀ ਅਤੇ ਹਿੰਦੀ ਸਾਹਿਤ ਦੇ ਮਹਾਨ ਵਿਦਵਾਨ ਤੇ ਪਦਮ ਸ਼੍ਰੀ ਸਨਮਾਨਿਤ ਡਾ. ਰਤਨ ਸਿੰਘ ਜੱਗੀ ਦਾ ਭੋਗ ਅਤੇ ਅੰਤਿਮ ਅਰਦਾਸ 1 ਜੂਨ 2025 ਨੂੰ ਪਟਿਆਲਾ ਵਿਖੇ ਹੋਵੇਗਾ। 98 ਸਾਲ ਦੀ ਉਮਰ ਵਿੱਚ ਇਸ ਦੁਨੀਆਂ ਨੂੰ ਅਲਵਿਦਾ ਕਹਿਣ ਵਾਲੇ ਡਾ. ਜੱਗੀ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ।
ਉਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਧਰਮ ਪਤਨੀ ਡਾ. ਗੁਰਸ਼ਰਨ ਕੌਰ ਜੱਗੀ (ਸੇਵਾਮੁਕਤ ਪ੍ਰਿੰਸੀਪਲ, ਸਰਕਾਰੀ ਕਾਲਜ ਲੜਕੀਆਂ, ਪਟਿਆਲਾ) ਅਤੇ ਪੁੱਤਰ ਮਾਲਵਿੰਦਰ ਸਿੰਘ ਜੱਗੀ (ਸੇਵਾਮੁਕਤ ਆਈ.ਏ.ਐਸ.) ਸਮੇਤ ਸਾਹਿਤ ਜਗਤ ਦਾ ਵਿਸ਼ਾਲ ਪਰਿਵਾਰ ਸ਼ਾਮਲ ਹੈ।
ਡਾ. ਰਤਨ ਸਿੰਘ ਜੱਗੀ ਦਾ ਨਾਂ ਪੰਜਾਬੀ ਅਤੇ ਹਿੰਦੀ ਸਾਹਿਤ ਦੇ ਉੱਘੇ ਵਿਦਵਾਨਾਂ ਵਿੱਚ ਸਤਿਕਾਰ ਨਾਲ ਲਿਆ ਜਾਂਦਾ ਹੈ। ਉਨ੍ਹਾਂ ਨੇ ਗੁਰਮਤਿ, ਭਗਤੀ ਲਹਿਰ ਅਤੇ ਮੱਧਕਾਲੀਨ ਸਾਹਿਤ ਦੇ ਅਧਿਐਨ ਵਿੱਚ ਆਪਣਾ ਜੀਵਨ ਸਮਰਪਿਤ ਕੀਤਾ।
ਉਨ੍ਹਾਂ ਦੀਆਂ 150 ਤੋਂ ਵੱਧ ਕਿਤਾਬਾਂ ਸਾਹਿਤ ਜਗਤ ਲਈ ਅਨਮੋਲ ਖਜ਼ਾਨਾ ਹਨ, ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਨਾ ਦਿੰਦੀਆਂ ਰਹਿਣਗੀਆਂ। ਉਨ੍ਹਾਂ ਦੇ ਮਹੱਤਵਪੂਰਨ ਕਾਰਜਾਂ ਵਿੱਚ “ਦਸਮ ਗ੍ਰੰਥ ਦਾ ਟੀਕਾ” (ਪੰਜ ਜਿਲਦਾਂ ਵਿੱਚ, ਪੰਜਾਬੀ ਅਤੇ ਹਿੰਦੀ), “ਭਾਵ ਪ੍ਰਬੋਧਨੀ ਟੀਕਾ-ਸ੍ਰੀ ਗੁਰੂ ਗ੍ਰੰਥ ਸਾਹਿਬ” (ਅੱਠ ਜਿਲਦਾਂ), “ਪੰਜਾਬੀ ਸਾਹਿਤ ਸੰਦਰਭ ਕੋਸ਼”, “ਗੁਰੂ ਗ੍ਰੰਥ ਵਿਸ਼ਵਕੋਸ਼” ਅਤੇ “ਸਿੱਖ ਪੰਥ ਵਿਸ਼ਵਕੋਸ਼” ਸ਼ਾਮਲ ਹਨ। ਉਨ੍ਹਾਂ ਨੇ “ਤੁਲਸੀ ਰਾਮਾਇਣ” ਦਾ ਪੰਜਾਬੀ ਵਿੱਚ ਅਨੁਵਾਦ ਵੀ ਕੀਤਾ, ਜਿਸ ਨੂੰ ਸਾਹਿਤ ਅਕਾਦਮੀ ਦਾ ਰਾਸ਼ਟਰੀ ਪੁਰਸਕਾਰ ਮਿਲਿਆ।
ਡਾ. ਜੱਗੀ ਨੂੰ ਉਨ੍ਹਾਂ ਦੇ ਸਾਹਿਤਕ ਯੋਗਦਾਨ ਲਈ ਅਨੇਕ ਸਨਮਾਨ ਪ੍ਰਾਪਤ ਹੋਏ। 2023 ਵਿੱਚ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ। ਇਸ ਤੋਂ ਇਲਾਵਾ, ਸਾਹਿਤ ਅਕਾਦਮੀ ਦਾ ਕੌਮੀ ਪੁਰਸਕਾਰ, ਪੰਜਾਬ ਸਰਕਾਰ ਦਾ ਪੰਜਾਬੀ ਸਾਹਿਤ ਸ਼੍ਰੋਮਣੀ ਪੁਰਸਕਾਰ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਗਿਆਨ ਰਤਨ ਪੁਰਸਕਾਰ, ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਆਨਰੇਰੀ ਡੀ.ਲਿਟ. ਦੀਆਂ ਡਿਗਰੀਆਂ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼ ਸਰਕਾਰਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸਨਮਾਨ ਮਿਲੇ।
27 ਜੁਲਾਈ 1927 ਨੂੰ ਜਨਮੇ ਡਾ. ਜੱਗੀ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ “ਦਸਮ ਗ੍ਰੰਥ ਦਾ ਪੌਰਾਣਿਕ ਅਧਿਐਨ” ਵਿਸ਼ੇ ‘ਤੇ ਪੀਐਚ.ਡੀ. ਅਤੇ ਮਗਧ ਯੂਨੀਵਰਸਿਟੀ, ਬੋਧਗਯਾ ਤੋਂ “ਸ੍ਰੀ ਗੁਰੂ ਨਾਨਕ: ਵਿਅਕਤਿਤਵ, ਕ੍ਰਿਤਿਤਵ ਔਰ ਚਿੰਤਨ” ਵਿਸ਼ੇ ‘ਤੇ ਡੀ.ਲਿਟ. ਦੀ ਡਿਗਰੀ ਹਾਸਲ ਕੀਤੀ। ਉਹ 1987 ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਦੇ ਮੁਖੀ ਵਜੋਂ ਸੇਵਾਮੁਕਤ ਹੋਏ। ਅੰਗਰੇਜ਼ੀ, ਹਿੰਦੀ, ਪੰਜਾਬੀ, ਉਰਦੂ, ਫਾਰਸੀ ਅਤੇ ਸੰਸਕ੍ਰਿਤ ਵਿੱਚ ਮੁਹਾਰਤ ਰੱਖਣ ਵਾਲੇ ਡਾ. ਜੱਗੀ ਦੀਆਂ ਰਚਨਾਵਾਂ ਸਾਹਿਤਕ ਖੇਤਰ ਵਿੱਚ ਮੀਲ ਪੱਥਰ ਸਾਬਤ ਹੋਈਆਂ ਹਨ।
ਉਨ੍ਹਾਂ ਦੀ ਵਿਦਾਇਗੀ ਸਾਹਿਤ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਸਾਹਿਤ ਪ੍ਰੇਮੀ ਅਤੇ ਸਿੱਖ ਸੰਗਤ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਣ ਕਰੇਗੀ।