ਅੰਮ੍ਰਿਤਸਰ (ਸਰਬਜੀਤ)- ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ ਨਿਯੁਕਤ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਾਰੀ ਹੋਏ ਹੁਕਮਨਾਮੇ ਉਸੇ ਤਰੀਕੇ ਹੀ ਲਾਗੂ ਰਹਿਣਗੇ।
ਇੱਥੇ ਦੱਸ ਦੇਈਏ ਕਿ ਅੱਜ ਸਵੇਰੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕਾਰਜਕਾਰੀ ਜਥੇਦਾਰ ਦੇ ਤੌਰ ‘ਤੇ ਸੇਵਾ ਸੰਭਾਲੀ ਗਈ ਹੈ, ਜਿਸ ਤੋਂ ਬਾਅਦ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਉਨ੍ਹਾਂ ਦੀ ਦਸਤਾਰਬੰਦੀ ਵੀ ਕੀਤੀ ਗਈ ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹਿਲਾਂ ਫੈਸਲੇ ਹੋਏ ਹਨ ਉਹ ਫੈਸਲੇ ਇਸੇ ਤਰੀਕੇ ਹੀ ਲਾਗੂ ਰਹਿਣਗੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਿਆਰ ਕੀਤੀ ਗਈ ਪੰਜ ਮੈਂਬਰੀ ਕਮੇਟੀ ਵੀ ਕਾਇਮ ਰਹੇਗੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਉੱਪਰੋਂ ਪੰਜ ਸਿੰਘ ਸਾਹਿਬਾਨਾਂ ਵੱਲੋਂ ਕੀਤੇ ਫੈਸਲੇ ਵੀ ਨਿਰੰਤਰ ਜਾਰੀ ਰਹਿਣਗੇ। ਅੱਗੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਇਕ ਘਰ ‘ਚ ਲੜਾਈ ਝਗੜੇ ਹੁੰਦੇ ਰਹਿੰਦੇ ਹਨ ਪਰ ਉਹ ਝਗੜੇ ਘਰ ‘ਚ ਹੀ ਬੈਠ ਕੇ ਸੁਲਝਾ ਲਏ ਜਾਂਦੇ ਹਨ।