ਰਜਿਸਟਰੀਆਂ ਕਰਵਾਉਣ ਵਾਲਿਆਂ ਲਈ Good News, ਲਿਆ ਗਿਆ ਵੱਡਾ ਫ਼ੈਸਲਾ

ਬਠਿੰਡਾ : ਪੰਜਾਬ ਸਰਕਾਰ ਵੱਲੋਂ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਦੀ ਪ੍ਰਕਿਰਿਆ 48 ਘੰਟਿਆਂ ਅੰਦਰ ਮੁਕੰਮਲ ਹੋਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨੇ ਵਸੀਕਾ ਨਵੀਸ ਅਤੇ ਵਕੀਲ ਸਾਹਿਬਾਨ ਨਾਲ ਕੀਤੀ ਗਈ ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕਰਦਿਆਂ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਕਿਹਾ ਕਿ ਹੁਣ ਆਮ ਲੋਕਾਂ ਨੂੰ ਦਫ਼ਤਰਾਂ ਵਿਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਈਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਪ੍ਰਾਜੈਕਟ ਦੀ ਸ਼ੁਰੂਆਤ ਤੋਂ ਬਾਅਦ ਲੋਕਾਂ ਨੂੰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਹੁਣ ਸਥਾਨਕ ਸਬ-ਰਜਿਸਟਰਾਰ ਦਫਤਰ ਵਿਚ ਜਾਣ ਦੀ ਲੋੜ ਨਹੀਂ ਸਗੋਂ ਜਿੱਥੇ ਚਾਹੁਣ ਜ਼ਿਲੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿਚ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਦਸਤਾਵੇਜ਼ ਤਿਆਰ ਕਰਨ ਲਈ ਹੈਲਪਲਾਈਨ ਨੰਬਰ 1076 ਰਾਹੀਂ ਸੇਵਾ ਸਹਾਇਕਾਂ ਨੂੰ ਘਰ ਵੀ ਬੁਲਾਇਆ ਜਾ ਸਕਦਾ ਹੈ। ਇਸ ਨਾਲ ਪੇਂਡੂ ਪਰਿਵਾਰਾਂ, ਸੀਨੀਅਰ ਨਾਗਰਿਕਾਂ, ਕੰਮਕਾਜ ਵਾਲੇ ਪੇਸ਼ੇਵਰਾਂ ਅਤੇ ਬਾਹਰ ਨਾ ਜਾ ਸਕਣ ਵਾਲਿਆਂ ਨੂੰ ਵੱਡੀ ਸਹੂਲਤ ਮਿਲੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਵੀਂ ਪ੍ਰਣਾਲੀ ਤਹਿਤ ਲੋਕਾਂ ਨੂੰ ਰਜਿਸਟਰੀ ਲਈ ਦਸਤਾਵੇਜ਼ ਜਮ੍ਹਾ ਕਰਵਾਉਣ, ਪ੍ਰਵਾਨਗੀ, ਅਦਾਇਗੀ ਅਤੇ ਦਫਤਰ ਆਉਣ ਦਾ ਸਮਾਂ ਲੈਣ ਜਿਹੀ ਸਾਰੀ ਜਾਣਕਾਰੀ ਵਟਸਐਪ ਰਾਹੀਂ ਮਿਲੇਗੀ ਤਾਂ ਕਿ ਉਹ ਪਲ-ਪਲ ਦੀ ਸੂਚਨਾ ਬਾਰੇ ਜਾਣੂ ਹੋ ਸਕਣ। 

ਉਨ੍ਹਾਂ ਕਿਹਾ ਕਿ ਆਨਲਾਈਨ ਦਸਤਾਵੇਜ਼ ਜਮ੍ਹਾ ਕਰਵਾਉਣ, ਡਿਜੀਟਲ ਵਿਧੀ ਨਾਲ ਅਗਾਊਂ ਪੜਤਾਲ ਕਰਨ ਅਤੇ ਰਜਿਸਟਰੀ ਲਈ ਸਬ-ਰਜਿਸਟਰਾਰ ਦਫ਼ਤਰ ਜਾਣ ਲਈ ਖੁਦ ਹੀ ਸਮੇਂ ਦੀ ਚੋਣ ਕਰਨ ਵਰਗੀਆਂ ਸਹੂਲਤਾਂ ਹੋਣਗੀਆਂ ਅਤੇ ਕਿਸੇ ਵੀ ਨਾਗਰਿਕ ਨੂੰ ਹੁਣ ਲੰਮੀਆਂ ਲਾਈਨਾਂ ’ਚ ਲੱਗਣ ਅਤੇ ਦਫ਼ਤਰਾਂ ਦੇ ਵਾਰ-ਵਾਰ ਗੇੜੇ ਮਾਰਨ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੇਲ ਡੀਡ ਦਾ ਖਰੜਾ ਖੁਦ ਤਿਆਰ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਸੇਵਾ ਸਹਾਇਕਾਂ ਰਾਹੀਂ ਘਰ ਬੈਠਿਆਂ ਰਜਿਸਟਰੀ ਦੇ ਦਸਤਾਵੇਜ਼ ਤਿਆਰ ਕਰਨ ਲਈ ਸੇਵਾਵਾਂ ਹਾਸਲ ਹੋਣਗੀਆਂ, ਜਿਸ ਨਾਲ ਲੋਕਾਂ ਨੂੰ ਸੇਲ ਡੀਡ ਤਿਆਰ ਕਰਨ ਲਈ ਪ੍ਰਾਈਵੇਟ ਲੋਕਾਂ ਅਤੇ ਵਿਚੋਲਿਆਂ ਰਾਹੀਂ ਵਸੂਲੀਆਂ ਜਾਂਦੀਆਂ ਮੋਟੀਆਂ ਫੀਸਾਂ ਨਹੀਂ ਦੇਣੀਆਂ ਪੈਣਗੀਆਂ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕਦਮ ਜਿੱਥੇ ਸਵੈ-ਨਿਰਭਰਤਾ ਵਧਾਉਂਦਾ ਹੈ, ਉਥੇ ਹੀ ਪ੍ਰਾਈਵੇਟ ਲੋਕਾਂ ’ਤੇ ਨਿਰਭਰਤਾ ਘਟਾਉਂਦਾ ਹੈ ਅਤੇ ਲੋਕਾਂ ਨੂੰ ਸਰਕਾਰੀ ਸਿਸਟਮ ਵਿਚ ਹੋਰ ਤਾਕਤਵਰ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਜਿਸਟਰੀ ਦੀ ਫੀਸ ਦੇ ਭੁਗਤਾਨ ਲਈ ਬੈਂਕਾਂ ਵੱਲ ਨਹੀਂ ਭੱਜਣਾ ਪਵੇਗਾ। ਉਨ੍ਹਾਂ ਕਿਹਾ ਕਿ ਆਨਲਾਈਨ ਭੁਗਤਾਨ ਲਈ ਵਿਸ਼ੇਸ਼ ਗੇਟਵੇ ਨਾਗਰਿਕਾਂ ਨੂੰ ਡਿਜੀਟਲ ਲੈਣ-ਦੇਣ ’ਚ ਸਾਰੀਆਂ ਫੀਸਾਂ (ਜਿਵੇਂ ਸਟੈਂਪ ਡਿਊਟੀ, ਰਜਿਸਟ੍ਰੇਸ਼ਨ ਫੀਸ) ਦਾ ਭੁਗਤਾਨ ਕਰਨ ਦੀ ਆਗਿਆ ਦਿੰਦਾ ਹੈ, ਜਿਸ ਨਾਲ ਬੈਂਕਾਂ ’ਚ ਆ ਕੇ ਡਿਮਾਂਡ ਡਰਾਫਟ ਤਿਆਰ ਕਰਨ ਦੀ ਲੋੜ ਨਹੀਂ ਰਹੀ ਅਤੇ ਨਕਦੀ ਕੋਲ ਹੋਣ ਕਰਕੇ ਸੁਰੱਖਿਆ ਦੀ ਚਿੰਤਾ ਵੀ ਨਹੀਂ ਰਹੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਜਿਸਟਰੀ ਨੂੰ ਲੈ ਕੇ ਜੇਕਰ ਕਿਸੇ ਨੂੰ ਸ਼ਿਕਾਇਤ ਹੈ ਤਾਂ ਵਟਸਐਪ ਰਾਹੀਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨਾਗਰਿਕ ਕੋਲੋਂ ਰਿਸ਼ਵਤ ਮੰਗੀ ਜਾਂਦੀ ਹੈ ਤਾਂ ਵਟਸਐਪ ਲਿੰਕ ਰਾਹੀਂ ਤੁਰੰਤ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਅਤੇ ਰਿਸ਼ਵਤ ਮੰਗਣ ਵਾਲੇ ਅਧਿਕਾਰੀ ਖਿਲਾਫ਼ ਕੀਤੀ ਗਈ ਕਾਰਵਾਈ ਬਾਰੇ ਤਾਜ਼ਾ ਜਾਣਕਾਰੀ ਵੀ ਮਿਲੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਤੋਂ ਇਲਾਵਾ ਜ਼ਿਲੇ ਨਾਲ ਸਬੰਧਤ ਵਸੀਕਾ ਨਵੀਸ ਆਦਿ ਹਾਜ਼ਰ ਸਨ।

By Gurpreet Singh

Leave a Reply

Your email address will not be published. Required fields are marked *