ਹਰਿਆਣਾ ‘ਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਸਰਕਾਰ ਨੇ ਭਾਰਤ ਦੀ ਸੁਰੱਖਿਆ ਵਿੱਚ ਲੱਗੇ ਅਗਨੀਵੀਰਾਂ ਲਈ ਵੱਡੇ ਐਲਾਨ ਕੀਤੇ ਹਨ। ਹਰਿਆਣਾ ਸਰਕਾਰ ਹੁਣ ਸ਼ਹੀਦ ਅਗਨੀਵੀਰਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਵੇਗੀ। ਇਹ ਫੈਸਲਾ ਸੋਮਵਾਰ ਨੂੰ ਮੁੱਖ ਮੰਤਰੀ ਨਾਇਬ ਸੈਣੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ‘ਚ ਲਿਆ ਗਿਆ ਅਤੇ ਇਸ ਨਾਲ ਸਬੰਧਤ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਹਰਿਆਣਾ ਸਰਕਾਰ ਵੱਲੋਂ ਜਾਰੀ ਅਧਿਕਾਰਤ ਬਿਆਨ ਅਨੁਸਾਰ ਹੁਣ ਤੱਕ ਰਾਜ ਸਰਕਾਰ ਰੱਖਿਆ ਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਦਿੰਦੀ ਸੀ। ਹਾਲਾਂਕਿ ਹੁਣ ਤੋਂ (ਸ਼ਹੀਦ) ਅਗਨੀਵੀਰ ਦੇ ਪਰਿਵਾਰ ਨੂੰ ਵੀ ਇਹੀ ਲਾਭ ਯਾਨੀ 1 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਨੂੰ ਸ਼ਹੀਦਾਂ ਦੇ ਪਰਿਵਾਰਾਂ ਲਈ ਰਾਹਤ ਵਾਲਾ ਫੈਸਲਾ ਮੰਨਿਆ ਜਾ ਰਿਹਾ ਹੈ।
ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨੇ ਅਗਨੀਵੀਰਾਂ ਲਈ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਇਹ ਫੈਸਲਾ ਲਿਆ ਗਿਆ ਹੈ ਕਿ ਹਰਿਆਣਾ ਪੁਲਿਸ ਦੀ ਭਰਤੀ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਕੋਟਾ 10 ਪ੍ਰਤੀਸ਼ਤ ਤੋਂ ਵਧਾ ਕੇ 20 ਪ੍ਰਤੀਸ਼ਤ ਕਰ ਦਿੱਤਾ ਗਿਆ ਹੈ। ਹਰਿਆਣਾ ਸਰਕਾਰ ਦੀ ਕੈਬਨਿਟ ਨੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਜਲ ਸੈਨਾ ਅਧਿਕਾਰੀ ਲੈਫਟੀਨੈਂਟ ਵਿਨੈ ਨਰਵਾਲ ਦੇ ਪਰਿਵਾਰ ਲਈ ਵੀ ਇੱਕ ਵੱਡਾ ਐਲਾਨ ਕੀਤਾ ਹੈ। ਕੈਬਨਿਟ ਨੇ ਲੈਫਟੀਨੈਂਟ ਵਿਨੈ ਨਰਵਾਲ ਦੇ ਪਰਿਵਾਰ ਦੇ ਇੱਕ ਯੋਗ ਮੈਂਬਰ ਨੂੰ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਸਰਕਾਰੀ ਨੌਕਰੀ ਦੇਣ ਨੂੰ ਮਨਜ਼ੂਰੀ ਦੇ ਦਿੱਤੀ ਹੈ।