ਹਰਿਦੁਆਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ ਰਾਜਪਾਲ ਕਟਾਰੀਆ ਦਾ ਵੱਡਾ ਐਲਾਨ, ₹5-5 ਲੱਖ ਦੀ ਮਦਦ

ਚੰਡੀਗੜ੍ਹ, 2 ਅਗਸਤ (ਗੁਰਪ੍ਰੀਤ ਸਿੰਘ) : ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਐਤਵਾਰ ਨੂੰ ਹਰਿਦੁਆਰ ਵਿੱਚ ਕਾਂਵੜ ਯਾਤਰਾ ਦੌਰਾਨ ਗੰਗਾ ਦਰਿਆ ਦੇ ਤੇਜ਼ ਵਹਾਅ ਵਿੱਚ ਰੁੜ੍ਹ ਕੇ ਜਾਨ ਗੁਆਉਣ ਵਾਲੇ ਚੰਡੀਗੜ੍ਹ ਦੇ ਚਾਰ ਬੱਚਿਆਂ ਦੇ ਪਰਿਵਾਰਾਂ ਨੂੰ ₹5-5 ਲੱਖ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

ਪ੍ਰਸ਼ਾਸਕ ਨੇ ਅੱਜ ਸ਼ਾਮ ਪੀੜ੍ਹਤ ਪਰਿਵਾਰਾਂ ਨਾਲ ਉਨ੍ਹਾਂ ਦੇ ਨਿਵਾਸ ਸਥਾਨਾਂ ‘ਤੇ ਜਾ ਕੇ ਮੁਲਾਕਾਤ ਕੀਤੀ ਅਤੇ ਇਸ ਦੁਖਦਾਈ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਪੂਰੀ ਸੰਵੇਦਨਸ਼ੀਲਤਾ ਨਾਲ ਉਨ੍ਹਾਂ ਦੇ ਨਾਲ ਖੜ੍ਹਾ ਹੈ।

ਇਸ ਘਟਨਾ ਨੂੰ ਬਹੁਤ ਹੀ ਦਿਲ ਦਹਿਲਾ ਦੇਣ ਵਾਲਾ ਦੱਸਦਿਆਂ ਸ੍ਰੀ ਕਟਾਰੀਆ ਨੇ ਕਿਹਾ ਕਿ ਚਾਰ ਮਾਸੂਮ ਬੱਚਿਆਂ ਦੀ ਅਚਨਚੇਤ ਮੌਤ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰਾਂ ਲਈ, ਸਗੋਂ ਪੂਰੇ ਸ਼ਹਿਰ ਲਈ ਇੱਕ ਨਾ ਪੂਰੀ ਹੋ ਸਕਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਬੱਚੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸੰਬੰਧਿਤ ਸਨ, ਜਿਨ੍ਹਾਂ ਵਿੱਚੋਂ ਕੁਝ ਪਰਿਵਾਰ ਬਹੁਤ ਹੀ ਮੁਸ਼ਕਲ ਆਰਥਿਕ ਹਾਲਾਤਾਂ ਵਿੱਚ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਪੀੜ੍ਹਤ ਪਰਿਵਾਰਾਂ ਨੂੰ ਇਸ ਅਸਹਿ ਦੁੱਖ ਨੂੰ ਸਹਿਣ ਬਲ ਬਖ਼ਸ਼ਣ ਦੀ ਕਾਮਨਾ ਕੀਤੀ।

ਆਪਣੇ ਅਖਤਿਆਰੀ ਫੰਡ ਵਿੱਚੋਂ ਰਾਹਤ ਰਾਸ਼ੀ ਦਾ ਐਲਾਨ ਕਰਦਿਆਂ ਸ੍ਰੀ ਕਟਾਰੀਆ ਨੇ ਕਿਹਾ ਕਿ ਪ੍ਰਭਾਵਿਤ ਚਾਰੇ ਪਰਿਵਾਰਾਂ ਨੂੰ ₹5-5 ਲੱਖ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਬੱਚੇ ਦੇ ਵਿਛੋੜੇ ਦੀ ਭਰਪਾਈ ਕੋਈ ਵੀ ਵਿੱਤੀ ਸਹਾਇਤਾ ਨਹੀਂ ਕਰ ਸਕਦੀ, ਪਰ ਇਹ ਸਹਾਇਤਾ ਇਸ ਔਖੇ ਸਮੇਂ ਵਿੱਚ ਪਰਿਵਾਰਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਦਿੱਤੀ ਜਾ ਰਹੀ ਹੈ।

ਸ੍ਰੀ ਕਟਾਰੀਆ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ।

ਪ੍ਰਸ਼ਾਸਕ ਨੇ ਇੱਕ ਵਾਰ ਫਿਰ ਸੋਗ ਵਿਚ ਡੁੱਬੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਇਸ ਦੁੱਖ ਦੀ ਘੜੀ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਪੂਰੀ ਮਜ਼ਬੂਤੀ ਨਾਲ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਪ੍ਰਦਾਨ ਕੀਤਾ ਜਾਵੇਗਾ।

By Gurpreet Singh

Leave a Reply

Your email address will not be published. Required fields are marked *