ਦੇਰ ਰਾਤ ਵਰਦਾਨ ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ

ਜਲੰਧਰ :- ਥਾਣਾ ਡਵੀਜ਼ਨ ਨੰਬਰ-6 ਦੇ ਅਧੀਨ ਆਉਂਦੇ ਇਲਾਕੇ ਬੱਸ ਅੱਡੇ ਦੇ ਨਜ਼ਦੀਕ ਸਥਿਤ ਵਰਦਾਨ ਹਸਪਤਾਲ ਦੇ ਬਾਹਰ ਮੋਤਾ ਸਿੰਘ ਨਗਰ ਵਿਚ ਸ਼ਨੀਵਾਰ ਰਾਤ ਨੂੰ ਇਕ ਨੌਜਵਾਨ ਵੱਲੋਂ ਗੋਲੀਆਂ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਵਿਚ 24 ਘੰਟੇ ’ਚ ਹੋਈ ਇਸ ਦੂਜੀ ਵੱਡੀ ਵਾਰਦਾਤ ਨੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਤੇ ਸ਼ਹਿਰ ਵਾਸੀਆਂ ਵਿਚ ਇਸ ਗੱਲ ਦੀ ਆਮ ਚਰਚਾ ਹੋਣ ਲੱਗੀ ਹੈ ਕਿ ਅਪਰਾਧੀਆਂ ਨੂੰ ਪੁਲਸ ਦਾ ਡਰ ਖ਼ਤਮ ਹੋ ਗਿਆ ਹੈ।

ਵਰਦਾਨ ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ ਦੀ ਸੂਚਨਾ ਮਿਲਦੇ ਹੀ ਡੀ. ਸੀ. ਪੀ. ਕ੍ਰਾਈਮ ਮਨਪ੍ਰੀਤ ਸਿੰਘ ਢਿੱਲੋਂ ਅਤੇ ਹੋਰ ਪੁਲਸ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕੀਤੀ। ਹਸਪਤਾਲ ਦੇ ਡਾਕਟਰ ਮੁਤਾਬਕ ਗੋਲੀਆਂ ਚਲਾਏ ਜਾਣ ਦੀ ਘਟਨਾ ਰਾਤ ਕਰੀਬ 9:45 ਵਜੇ ਦੀ ਹੈ। ਡੀ. ਸੀ. ਪੀ. ਮਨਪ੍ਰੀਤ ਸਿੰਘ ਢਿੱਲੋਂ ਨੇ ਇਸ ਮੌਕੇ ਮੀਡੀਆ ਨੂੰ ਦੱਸਿਆ ਕਿ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੱਸ ਰਹੀ ਹੈ ਕਿ ਮੋਟਰਸਾਈਕਲ ਸਵਾਰ ਇਕ ਨੌਜਵਾਨ ਵੱਲੋਂ ਇਹ ਫਾਇਰਿੰਗ ਕੀਤੀ ਗਈ ਹੈ, ਜਿਸ ਨੇ ਕੁੱਲ 4 ਤੋਂ 5 ਫਾਇਰ ਕੀਤੇ ਹਨ ਅਤੇ ਵਾਰਦਾਤ ਤੋਂ ਬਾਅਦ ਉਹ ਮੌਕੇ ਤੋਂ ਤੇਜ਼ ਰਫ਼ਤਾਰ ਬਾਈਕ ਲੈ ਕੇ ਫ਼ਰਾਰ ਹੋ ਗਿਆ।

ਹਮਲਾਵਰ ਨੇ ਹੈਲਮੇਟ ਪਾਇਆ ਹੋਇਆ ਸੀ ਅਤੇ ਹਸਪਤਾਲ ਦੇ ਗੇਟ ’ਤੇ ਵੀ ਗੋਲੀਆਂ ਦੇ ਨਿਸ਼ਾਨ ਪਾਏ ਗਏ ਹਨ। ਡੀ. ਸੀ. ਪੀ. ਨੇ ਕਿਹਾ ਕਿ ਪੁਲਸ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਗਹਿਰਾਈ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਐੱਫ. ਆਈ. ਆਰ. ਦਰਜ ਕਰਨ ਤੋਂ ਬਾਅਦ ਜਲਦ ਹੀ ਮੁਲਜ਼ਮ ਨੂੰ ਬੇਨਕਾਬ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਡਾਕਟਰ ਮੁਤਾਬਕ ਉਨ੍ਹਾਂ ਨੂੰ ਕਿਸੇ ਦੀ ਕੋਈ ਧਮਕੀ ਭਰੀ ਕਾਲ ਨਹੀਂ ਆਈ ਸੀ ਅਤੇ ਨਾ ਹੀ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਹੈ। ਜ਼ਿਕਰਯੋਗ ਹੈ ਕਿ ਇਸ ਵਾਰਦਾਤ ਤੋਂ ਕਰੀਬ 20 ਘੰਟੇ ਪਹਿਲਾਂ ਸ਼ੁੱਕਰਵਾਰ ਦੇਰ ਰਾਤ ਵੀ ਸੰਤੋਖਪੁਰਾ ਵਿਚ ਇਕ ਵੈਟਰਨਰੀ ਡਾਕਟਰ ਦੇ ਘਰ ’ਤੇ ਫਾਇਰਿੰਗ ਕੀਤੀ ਗਈ ਸੀ। ਇਨ੍ਹਾਂ ਘਟਨਾਵਾਂ ਨਾਲ ਸ਼ਹਿਰਵਾਸੀਆਂ ਵਿਚ ਸਹਿਮ ਦਾ ਮਾਹੌਲ ਹੈ।

By Gurpreet Singh

Leave a Reply

Your email address will not be published. Required fields are marked *