2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ

ਗੁਰਪ੍ਰੀਤ ਸਿੰਘ :- ਪੰਜਾਬ ਦੇ ਸਿੱਖਿਆ ਸੁਧਾਰਾਂ ਦਾ ਲੜੀ ਵਿਚ ਇਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੀ ਸਰਕਾਰੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਅਤੇ ਇਸ ਦੇ ਸੁਧਾਰ ਸਬੰਧੀ ਆਪਣੀ ਨਿਰੰਤਰ ਮੁਹਿੰਮ ਦੇ ਹਿੱਸੇ ਵਜੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਝੀਤਾ ਕਲਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਬੈਂਸ ਨੇ ਦੱਸਿਆ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਪੰਜਾਬ ਭਰ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕੀਤਾ ਹੈ, ਜਿਸ ਨੂੰ ਉਨ੍ਹਾਂ ਨੇ ਸੂਬੇ ਦੇ ਇਤਿਹਾਸ ਵਿਚ ਇਕ ਨਵਾਂ ਮਾਪਦੰਡ ਕਰਾਰ ਦਿੱਤਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੈਂ ਅਹੁਦਾ ਸੰਭਾਲਣ ਤੋਂ ਲੈ ਕੇ ਸੂਬੇ ਭਰ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਜ਼ਮੀਨੀ ਪੱਧਰ ’ਤੇ ਦੌਰਾ ਕਰ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਹ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਹੈ ਜਦੋਂ ਕਿਸੇ ਸਿੱਖਿਆ ਮੰਤਰੀ ਨੇ ਸਿੱਖਿਆ ਪ੍ਰਣਾਲੀ ਦੀ ਇੰਨੇ ਵੱਡੇ ਪੱਧਰ ‘ਤੇ ਜ਼ਮੀਨੀ ਪੱਧਰ ‘ਤੇ ਸਮੀਖਿਆ ਕੀਤੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਤਹਿਤ ਮੈਂ ਪਠਾਨਕੋਟ ਤੋਂ ਫਾਜ਼ਿਲਕਾ, ਫਿਰੋਜ਼ਪੁਰ ਤੋਂ ਮੋਹਾਲੀ ਤੱਕ ਕੋਈ ਜ਼ਿਲ੍ਹਾ ਨਹੀਂ ਛੱਡਿਆ ਹੈ, ਜੋ ਕਿ ਸੂਬੇ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਪ੍ਰਤੀ ਮੇਰੇ ਜਨੂੰਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਤਕਰੀਬਨ 20,000 ਸਕੂਲ ਹਨ, ਜਿਨ੍ਹਾਂ ਦੇ ਜ਼ਮੀਨੀ ਪੱਧਰ ‘ਤੇ ਨਿਰੀਖਣ ਲਈ ਮੈਂ ਇਕ ਮਿਸ਼ਨ ‘ਤੇ ਹਾਂ। ਸਟਾਫ਼ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਵਿਚ ਸਿੱਖਿਆ ਅਤੇ ਪ੍ਰਬੰਧਨ ਦੇ ਮਿਆਰਾਂ ਦੀ ਸਮੀਖਿਆ ਕੀਤੀ ਅਤੇ ‘ਸਮਰੱਥ’ ਪ੍ਰੋਗਰਾਮ, ਜੋ ਪ੍ਰਾਇਮਰੀ ਕਲਾਸਾਂ ਵਿਚ ਪੜ੍ਹਾਈ-ਲਿਖਾਈ ਸਬੰਧੀ ਦਰਪੇਸ਼ ਸਮੱਸਿਆਵਾਂ ਦੇ ਹੱਲ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਇਕ ਪ੍ਰਮੁੱਖ ਪਹਿਲਕਦਮੀ ਹੈ, ਦੀ ਪ੍ਰਗਤੀ ਦਾ ਮੁਲਾਂਕਣ ਵੀ ਕੀਤਾ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਚੰਗੀ ਤਰ੍ਹਾਂ ਪੜ੍ਹਾਉਣ ਵਾਲੇ ਅਧਿਆਪਕ ਸ਼ਾਨਦਾਰ ਨਤੀਜੇ ਦੇ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੀ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਅਜਿਹੀ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਜ਼ੀਰੋ-ਸਹਿਣਸ਼ੀਲਤਾ ਨੀਤੀ ਦੀ ਪੁਸ਼ਟੀ ਕਰਦਿਆਂ ਸਿੱਖਿਆ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿਚ ਨਾਕਾਮ ਰਹਿਣ ਵਾਲੇ ਅਧਿਆਪਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੁਰੱਖਿਅਤ ਅਤੇ ਅਨੁਕੂਲ ਸਿੱਖਿਆ ਵਾਤਾਵਰਨ ਨੂੰ ਯਕੀਨੀ ਬਣਾਉਣ ਲਈ ਚੁੱਕੇ ਗਏ ਕਦਮਾਂ ‘ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 500 ਤੋਂ ਵੱਧ ਵਿਦਿਆਰਥੀਆਂ ਦੇ ਦਾਖਲੇ ਵਾਲੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡ ਤਾਇਨਾਤ ਕੀਤੇ ਗਏ ਹਨ।

ਵਿਦਿਆਰਥੀਆਂ ਦੀ ਹਾਲੀਆ ਪ੍ਰੀਖਿਆ ਕਾਰਗੁਜ਼ਾਰੀ ਅਤੇ ਸਕੂਲ ਵਿਚ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਕਾਰਜਾਂ ਦੀ ਸ਼ਲਾਘਾ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਭਗਵੰਤ ਮਾਨ ਸਰਕਾਰ ਦੀ ਸਰਕਾਰੀ ਸਕੂਲਾਂ ਵਿਚ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕੀਤੇ ਜਾ ਰਹੇ ਸਿੱਖਿਆ ਸੁਧਾਰਾਂ ਦੀ ਰਫ਼ਤਾਰ ਨੂੰ ਕਾਇਮ ਰੱਖਣ ਲਈ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ।

By Gurpreet Singh

Leave a Reply

Your email address will not be published. Required fields are marked *