ਨੈਸ਼ਨਲ ਟਾਈਮਜ਼ ਬਿਊਰੋ :- ਸੰਯੁਕਤ ਕਿਸਾਨ ਮੋਰਚਾ ਹਰਿਆਣਾ ਦੇ ਬੈਨਰ ਹੇਠ ਕਿਸਾਨਾਂ ਨੇ ਅੱਜ ਸੈਕਟਰ-3 ਸਥਿਤ ਮੁੱਖ ਮੰਤਰੀ ਦੇ ਨਿਵਾਸ ਅੱਗੇ ਪ੍ਰਦਰਸ਼ਨ ਕੀਤਾ ਅਤੇ ਖੇਤੀ ਮੰਡੀ ਨੀਤੀ ਨੂੰ ਰੱਦ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਮੰਗ ਪੱਤਰ ਸੌਂਪਿਆ। ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ। ਇਸ ਦੌਰਾਨ ਕਾਫ਼ੀ ਪੁਲੀਸ ਤਾਇਨਾਤ ਸੀ। ਸਵੇਰੇ ਕਿਸਾਨ ਪਿਪਲੀ ਦੇ ਤਾਊ ਦੇਵੀ ਲਾਲ ਪਾਰਕ ਵਿੱਚ ਇਕੱਠੇ ਹੋਏ। ਬਾਅਦ ਦੁਪਹਿਰ 2 ਵਜੇ ਦੇ ਕਰੀਬ ਉਨ੍ਹਾਂ ਦੇਵੀ ਲਾਲ ਪਾਰਕ ਤੋਂ ਸੈਕਟਰ 3 ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਸ਼ੁਰੂ ਕੀਤਾ। ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਜਿਵੇਂ ਹੀ ਕਿਸਾਨ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਪਹੁੰਚੇ, ਪੁਲੀਸ ਨੇ ਬੈਰੀਕੇਡ ਲਗਾ ਦਿੱਤੇ ਅਤੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਗੁੱਸੇ ਵਿੱਚ ਆਏ ਕਿਸਾਨਾਂ ਨੇ ਉੱਥੇ ਲਗਪਗ ਦੋ ਘੰਟੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਆਗੂ ਸੁਰੇਸ਼ ਕੌਥ ਨੇ ਕਿਹਾ ਉਨ੍ਹਾਂ ਦਾ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਗ੍ਰਿਫ਼ਤਾਰ ਕਿਸਾਨ ਆਗੂਆਂ ਅਤੇ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ। ਇਸ ਮੌਕੇ ਕਿਸਾਨ ਆਗੂ ਰਵੀ ਆਜ਼ਾਦ, ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਨੇ ਹੋਰ ਮੰਗਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪ੍ਰਧਾਨ ਮੰਤਰੀ ਦੀ ਆਲੋਚਨਾ ਕੀਤੀ। ਇਸ ਮੌਕੇ ਉਨ੍ਹਾਂ ਮੰਗਾਂ ਸਬੰਧੀ ਮੰਗ ਪੱਤਰ ਵੀ ਦਿੱਤਾ। ਉਨ੍ਹਾਂ ਭਗਵੰਤ ਮਾਨ ’ਤੇ ਕਿਸਾਨਾਂ ਨਾਲ ਵਾਅਦਾ ਖ਼ਿਲਾਫ਼ੀ ਕਰਨ ਦਾ ਦੋਸ਼ ਲਾਇਆ।
ਹਰਿਆਣਾ: ਕਿਸਾਨਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਘੇਰੀ
