ਅੰਮ੍ਰਿਤਸਰ ਸਾਹਿਬ – ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਵਫਦ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਜੀ ਦੀ ਅਗਵਾਈ ਹੇਠ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਨਤਮਸਤਕ ਹੋਇਆ। ਇਸ ਮੌਕੇ ਵਫਦ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਨਾਮ ਇੱਕ ਪੱਤਰ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪਿਆ ਗਿਆ।
ਪੱਤਰ ਵਿੱਚ ਚਿੰਤਾ ਜਾਹਿਰ ਕਰਦਿਆਂ ਲਿਖਿਆ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਕਈ ਧੜਿਆਂ ਵਿੱਚ ਵੰਡਿਆ ਹੋਇਆ ਹੈ ਜਿਸ ਨਾਲ ਪੰਥ ਨੂੰ ਨੁਕਸਾਨ ਪਹੁੰਚ ਰਿਹਾ ਹੈ। ਪੱਤਰ ਰਾਹੀਂ ਬੇਨਤੀ ਕੀਤੀ ਗਈ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਇੱਕ ਸਪਸ਼ਟ ਆਦੇਸ਼ ਜਾਰੀ ਕੀਤਾ ਜਾਵੇ ਜਿਸ ਅਧੀਨ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਧੜੇ ਇਕੱਠੇ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਇਕ ਹੀ ਧੜੇ ਵਿੱਚ ਮਿਲ ਜਾਣ ਤਾਂ ਜੋ ਸਿੱਖ ਕੌਮ ਚੜ੍ਹਦੀ ਕਲਾ ਵਿੱਚ ਰਹੇ।
ਇਸ ਮੌਕੇ ਪ੍ਰਧਾਨ ਸਾਹਿਬ ਦੇ ਨਾਲ ਸਰਦਾਰ ਬਲਵਿੰਦਰ ਸਿੰਘ ਸੰਯੁਕਤ ਸਕੱਤਰ, ਮੈਂਬਰ ਸਰਦਾਰ ਗੁਰਨਾਮ ਸਿੰਘ ਲਾਡੀ ਡਬਰੀ ਅਤੇ ਮੈਂਬਰ ਸਰਦਾਰ ਮੇਜਰ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਅੰਤ ਵਿੱਚ ਵਫਦ ਨੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ।
