ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਹੁਨਰ ਰੁਜ਼ਗਾਰ ਨਿਗਮ (ਐੱਚਕੇਆਰਐੱਨ) ਦੇ ਕਰਮਚਾਰੀਆਂ ਨੇ ਅੱਜ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਮਿਨੀ ਸਕੱਤਰੇਤ ਤੱਕ ਰੋਸ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਦੇ ਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ। ਕਰਮਚਾਰੀ ਵਿਭਾਗਾਂ ’ਚੋਂ ਐੱਚਕੇਆਰਐੱਨ ਸਕੀਮ ਤਹਿਤ ਰੱਖੇ ਗਏ ਕਰਮਚਾਰੀਆਂ ਨੂੰ ਸਰਪਲਸ ਦੇ ਨਾਂ ’ਤੇ ਹਟਾਏ ਜਾਣ ਦਾ ਵਿਰੋਧ ਕਰ ਰਹੇ ਸਨ।
ਹਰਿਆਣਾ ਹੁਨਰ ਰੁਜ਼ਗਾਰ ਨਿਗਮ ਦੇ ਤਹਿਤ ਲੱਗੇ ਕਰਮਚਾਰੀ ਅੱਜ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਇਕੱਠੇ ਹੋਏ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਮਿਨੀ ਸਕੱਤਰੇਤ ਤੱਕ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਐੱੱਚਕੇਆਰਐੱਨ ਸਕੀਮ ਤਹਿਤ ਨੌਕਰੀ ’ਤੇ ਲਾਇਆ ਗਿਆ ਹੈ। ਚੋਣਾਂ ਵੇਲੇ ਮੁੱਖ ਮੰਤਰੀ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਨੌਕਰੀ ਤੋਂ ਨਹੀਂ ਹਟਾਇਆ ਜਾਵੇਗਾ ਪਰ ਹੁਣ ਵਿਭਾਗਾਂ ਵਿੱਚ ਉਨ੍ਹਾਂ ਨੂੰ ਸਰਪਲਸ ਦੱਸ ਕੇ ਹਟਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਐੱਚਕੇਆਰਐੱਨ ਸਕੀਮ ਤਹਿਤ ਰੱਖੇ ਸਾਰੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਏ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀ ਨੌਕਰੀ ਪੱਕੀ ਨਾ ਕੀਤੀ ਗਈ ਤਾਂ ਉਹ ਪੂਰੇ ਹਰਿਆਣਾ ’ਚ ਪ੍ਰਦਰਸ਼ਨ ਕਰਨਗੇ ਅਤੇ 20 ਅਪਰੈਲ ਨੂੰ ਮੁੱਖ ਮੰਤਰੀ ਦੇ ਦਫ਼ਤਰ ਦਾ ਘਿਰਾਓ ਕਰਨਗੇ।
ਹਰਿਆਣਾ ਹੁਨਰ ਰੁਜ਼ਗਾਰ ਨਿਗਮ ਦੇ ਕਰਮਚਾਰੀਆਂ ਦਾ ਪ੍ਰਦਰਸ਼ਨ, ਨੌਕਰੀ ਪੱਕੀ ਕਰਨ ਦੀ ਮੰਗ
