ਚੰਡੀਗੜ੍ਹ (ਬਲਵਿੰਦਰ ਸਿੰਘ): ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਉਦਯੋਗਪਤੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਵਿਆਪਕ ਅਤੇ ਭਵਿੱਖਮੁਖੀ ਉਦਯੋਗਿਕ ਨੀਤੀ (ਇੰਡਸਟਰੀ ਪਾਲਿਸੀ) ਤਿਆਰ ਕਰ ਰਹੀ ਹੈ। ਇਸ ਨੀਤੀ ਦਾ ਮੁੱਖ ਉਦੇਸ਼ ਹਰਿਆਣਾ ਨੂੰ ਦੇਸ਼ ਦਾ ਮੋਹਰੀ ਉਦਯੋਗਿਕ ਕੇਂਦਰ ਬਣਾਉਣਾ, ਵੱਧ ਤੋਂ ਵੱਧ ਨਿਵੇਸ਼ ਆਕਰਸ਼ਿਤ ਕਰਨਾ ਅਤੇ ਸੂਬੇ ਦੇ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਨੀਤੀ ਨੂੰ ਵਿਵਹਾਰਕ ਅਤੇ ਪ੍ਰਭਾਵੀ ਬਣਾਉਣ ਲਈ ਉਦਯੋਗ ਜਗਤ ਤੋਂ ਸੁਝਾਅ ਵੀ ਮੰਗੇ ਗਏ ਹਨ, ਤਾਂ ਜੋ ਜ਼ਮੀਨੀ ਪੱਧਰ ‘ਤੇ ਸਕਾਰਾਤਮਕ ਬਦਲਾਅ ਯਕੀਨੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸੰਤ ਕਬੀਰ ਕੁਟੀਰ ਸਥਿਤ ਆਪਣੇ ਆਵਾਸ ‘ਤੇ ਪੰਜਾਬ ਦੇ ਪ੍ਰਮੁੱਖ ਉਦਯੋਗਪਤੀਆਂ ਨਾਲ ਰੂ-ਬ-ਰੂ ਹੋਏ। ਇਸ ਮੌਕੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਵੱਖ-ਵੱਖ ਉਦਯੋਗਿਕ, ਨਿਵੇਸ਼ ਅਤੇ ਰੁਜ਼ਗਾਰ ਨਾਲ ਜੁੜੇ ਵਿਸ਼ਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਦਾ ਉਦੇਸ਼ ਰਾਜਾਂ ਵਿਚਕਾਰ ਉਦਯੋਗਿਕ ਸਹਿਯੋਗ ਨੂੰ ਹੁਲਾਰਾ ਦੇਣਾ ਅਤੇ ਸਾਂਝੇ ਵਿਕਾਸ ਦੀਆਂ ਸੰਭਾਵਨਾਵਾਂ ਨੂੰ ਮਜ਼ਬੂਤ ਕਰਨਾ ਰਿਹਾ।
ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਅੱਜ ਦੇਸ਼ ਦੇ ਸਭ ਤੋਂ ਤੇਜ਼ੀ ਨਾਲ ਵਿਕਸਤ ਹੋ ਰਹੇ ਰਾਜਾਂ ਵਿੱਚ ਸ਼ਾਮਲ ਹੈ ਅਤੇ “ਨੰਬਰ ਵਨ ਪ੍ਰਦੇਸ਼” ਬਣਨ ਦੀ ਦਿਸ਼ਾ ਵਿੱਚ ਨਿਰੰਤਰ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਹਰ ਜ਼ਿਲ੍ਹਾ ਮਜ਼ਬੂਤ ਸੜਕੀ ਨੈੱਟਵਰਕ ਅਤੇ ਰਾਸ਼ਟਰੀ ਰਾਜਮਾਰਗਾਂ ਨਾਲ ਜੁੜਿਆ ਹੋਇਆ ਹੈ, ਜਿਸ ਨਾਲ ਉਦਯੋਗਾਂ ਅਤੇ ਵਪਾਰ ਲਈ ਅਨੁਕੂਲ ਵਾਤਾਵਰਣ ਤਿਆਰ ਹੋਇਆ ਹੈ। ਇਸ ਤੋਂ ਇਲਾਵਾ, ਰਾਜ ਸਰਕਾਰ ਵੱਲੋਂ ਵੱਖ-ਵੱਖ ਥਾਵਾਂ ‘ਤੇ ਇੰਡਸਟਰੀਅਲ ਮਾਡਲ ਟਾਊਨਸ਼ਿਪ (IMT) ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ਲਈ ਜ਼ਮੀਨ ਪ੍ਰਾਪਤੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸਿਰਫ਼ ਉਦਯੋਗਿਕ ਵਿਕਾਸ ਤੱਕ ਸੀਮਤ ਨਹੀਂ ਹੈ, ਸਗੋਂ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ‘ਤੇ ਵੀ ਬਰਾਬਰ ਧਿਆਨ ਦੇ ਰਹੀ ਹੈ। ਨੌਜਵਾਨਾਂ ਨੂੰ ਹੁਨਰ ਅਤੇ ਰੁਜ਼ਗਾਰ ਨਾਲ ਜੋੜਨ, ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਸਮਾਜ ਦੇ ਪਛੜੇ ਤੇ ਅਤਿ ਪਛੜੇ ਵਰਗਾਂ ਦੇ ਉਥਾਨ ਲਈ ਕਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ “ਡਬਲ ਇੰਜਣ” ਸਰਕਾਰ ਦੀਆਂ ਪਾਰਦਰਸ਼ੀ ਨੀਤੀਆਂ ਕਾਰਨ ਨੌਜਵਾਨਾਂ ਦਾ ਭਰੋਸਾ ਲਗਾਤਾਰ ਵਧਿਆ ਹੈ। ਬਿਨਾਂ ਪਰਚੀ ਅਤੇ ਬਿਨਾਂ ਖਰਚੀ ਦੇ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਮਿਲਣ ਕਾਰਨ ਨੌਜਵਾਨ ਹੁਣ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਵਧੇਰੇ ਦਿਲਚਸਪੀ ਲੈ ਰਹੇ ਹਨ। ਇਹੀ ਕਾਰਨ ਹੈ ਕਿ ਹਰਿਆਣਾ ਤੋਂ ਹਰ ਸਾਲ 60 ਤੋਂ ਵੱਧ ਨੌਜਵਾਨਾਂ ਦੀ ਚੋਣ ਯੂ.ਪੀ.ਐਸ.ਸੀ ਵਰਗੀਆਂ ਪ੍ਰਤਿਸ਼ਠਤ ਪ੍ਰੀਖਿਆਵਾਂ ਵਿੱਚ ਹੋ ਰਹੀ ਹੈ।
ਪੰਜਾਬ ਦੇ ਉਦਯੋਗਪਤੀਆਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ
ਮੁੱਖ ਮੰਤਰੀ ਨੇ ਪੰਜਾਬ ਦੇ ਉਦਯੋਗਪਤੀਆਂ ਨੂੰ ਹਰਿਆਣਾ ਵਿੱਚ ਉਦਯੋਗ ਸਥਾਪਤ ਕਰਨ ਦਾ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਉਦਯੋਗਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। “ਈਜ਼ ਆਫ ਡੂਇੰਗ ਬਿਜ਼ਨਸ” ਦੇ ਖੇਤਰ ਵਿੱਚ ਹਰਿਆਣਾ ਨੇ ਸ਼ਲਾਘਾਯੋਗ ਸੁਧਾਰ ਕੀਤੇ ਹਨ, ਜਿਨ੍ਹਾਂ ਦੇ ਹਾਂਪੱਖੀ ਨਤੀਜੇ ਹੁਣ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਵਿਕਸਤ ਭਾਰਤ-2047 ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਉਦਯੋਗ ਜਗਤ ਦੀ ਅਹਿਮ ਭੂਮਿਕਾ ਹੈ ਅਤੇ ਸਾਰਿਆਂ ਦੇ ਸਮੂਹਿਕ ਯਤਨਾਂ ਨਾਲ ਇਹ ਟੀਚਾ ਜ਼ਰੂਰ ਪ੍ਰਾਪਤ ਕੀਤਾ ਜਾਵੇਗਾ।
ਨੌਜਵਾਨਾਂ ਨੂੰ ਸਕਾਰਾਤਮਕ ਦਿਸ਼ਾ ਦੇਣੀ ਜ਼ਰੂਰੀ
ਗੱਲਬਾਤ ਦੌਰਾਨ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਮੁੱਦੇ ‘ਤੇ ਚਿੰਤਾ ਪ੍ਰਗਟਾਏ ਜਾਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸਹੀ ਦਿਸ਼ਾ ਦੇਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨਾਂ ਨੂੰ ਸਾਰਥਕ ਕੰਮ ਅਤੇ ਮੌਕੇ ਮਿਲਦੇ ਹਨ ਤਾਂ ਉਹ ਨਕਾਰਾਤਮਕ ਰੁਝਾਨਾਂ ਤੋਂ ਦੂਰ ਰਹਿੰਦੇ ਹਨ। ਸੂਬਾ ਸਰਕਾਰ ਇਸ ਦਿਸ਼ਾ ਵਿੱਚ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ, ਜਿਸ ਵਿੱਚ ਰੁਜ਼ਗਾਰ ਸਿਰਜਣ ਦੇ ਨਾਲ-ਨਾਲ ਖੇਡਾਂ, ਸਿਹਤ ਅਤੇ ਜਾਗਰੂਕਤਾ ਮੁਹਿੰਮਾਂ ਨੂੰ ਵੀ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਨੂੰ ਵੀ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਨਸ਼ਾ ਤਸਕਰੀ ਅਤੇ ਇਸ ਨਾਲ ਜੁੜੇ ਅਪਰਾਧਾਂ ‘ਤੇ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਹਰਿਆਣਾ ਵਿੱਚ ਪਾਰਦਰਸ਼ੀ ਭਰਤੀ ਪ੍ਰਣਾਲੀ ਕਾਰਨ ਨੌਜਵਾਨਾਂ ਦਾ ਵਿਸ਼ਵਾਸ ਮਜ਼ਬੂਤ ਹੋਇਆ ਹੈ ਅਤੇ ਉਹ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਂਦੇ ਹੋਏ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਉਦਾਹਰਣ ਦਿੰਦਿਆਂ ਕਿਹਾ ਕਿ ਸੂਬੇ ਦੇ ਲਗਭਗ ਹਰ ਪਿੰਡ ਤੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਵੱਡੀ ਆਬਾਦੀ ਵਾਲੇ ਪਿੰਡਾਂ ਵਿੱਚ ਤਾਂ ਇਹ ਗਿਣਤੀ 400 ਤੋਂ 500 ਤੱਕ ਵੀ ਹੈ, ਜੋ ਸਰਕਾਰ ਦੀਆਂ ਨੀਤੀਆਂ ਦੀ ਸਫਲਤਾ ਨੂੰ ਦਰਸਾਉਂਦੀ ਹੈ।
ਪੰਜਾਬ ਨੂੰ ਮੁੜ ਸਸ਼ਕਤ ਬਣਾਉਣ ਦਾ ਅਪੀਲ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕਦੇ ਦੇਸ਼ ਦਾ ਮੋਹਰੀ ਰਾਜ ਰਿਹਾ ਹੈ, ਪਰ ਮੌਜੂਦਾ ਸਮੇਂ ਵਿੱਚ ਇਸ ਨੂੰ ਮੁੜ ਮਜ਼ਬੂਤ ਬਣਾਉਣ ਦੀ ਲੋੜ ਹੈ। ਉਨ੍ਹਾਂ ਸਾਰਿਆਂ ਨੂੰ ਮਿਲ ਕੇ ਪੰਜਾਬ ਨੂੰ ਮੁੜ ਵਿਕਾਸ ਦੀ ਰਾਹ ‘ਤੇ ਅੱਗੇ ਲੈ ਜਾਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਜਤਾਇਆ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਪੰਜਾਬ ਵੀ ਵਿਕਾਸ ਅਤੇ ਖੁਸ਼ਹਾਲੀ ਦੇ ਨਵੇਂ ਆਯਾਮ ਸਥਾਪਿਤ ਕਰੇਗਾ।
ਹਰਿਆਣਾ ਸਰਕਾਰ ਵਿਦੇਸ਼ੀ ਉਦਯੋਗਪਤੀਆਂ ਨਾਲ ਤਾਲਮੇਲ ਕਰਵਾ ਰਹੀ ਹੈ, ਤਾਂ ਜੋ ਲਾਗਤ ਘੱਟ ਅਤੇ ਮੁਨਾਫਾ ਜ਼ਿਆਦਾ ਹੋਵੇ – ਮੁੱਖ ਮੰਤਰੀ
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇਸ ਮੌਕੇ ਉਦਯੋਗਪਤੀਆਂ ਅੱਗੇ ਹਰਿਆਣਾ ਦੇ ਵਿਦੇਸ਼ ਸਹਿਯੋਗ ਵਿਭਾਗ ਦੀਆਂ ਪ੍ਰਾਪਤੀਆਂ ਦਾ ਵਿਸਥਾਰ ਨਾਲ ਜ਼ਿਕਰ ਕਰਦਿਆਂ ਕਿਹਾ ਕਿ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕਰਦੇ ਹੋਏ ਵੱਖ-ਵੱਖ ਦੇਸ਼ਾਂ ਨਾਲ ਮਜ਼ਬੂਤ ਸੰਪਰਕ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦਾ ਨੌਜਵਾਨ ਵੱਡੀ ਗਿਣਤੀ ਵਿੱਚ ਵਿਦੇਸ਼ ਜਾ ਰਿਹਾ ਹੈ, ਉਸੇ ਤਰ੍ਹਾਂ ਹਰਿਆਣਾ ਦਾ ਨੌਜਵਾਨ ਵੀ ਵਿਦੇਸ਼ ਜਾ ਰਿਹਾ ਹੈ, ਪਰ ਇਸ ਦੇ ਲਈ ਸੂਬੇ ਵਿੱਚ ਬਣਾਏ ਗਏ ਵਿਦੇਸ਼ ਸਹਿਯੋਗ ਵਿਭਾਗ ਰਾਹੀਂ ਨੌਜਵਾਨਾਂ ਨੂੰ ਵਿਦੇਸ਼ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੌਜਵਾਨਾਂ ਨੂੰ ਹੁਨਰ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ, ਜਿਸ ਦੇ ਤਹਿਤ ਵਿਦੇਸ਼ ਸਹਿਯੋਗ ਵਿਭਾਗ ਰਾਹੀਂ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਵੀ ਰੁਜ਼ਗਾਰ ਦੇ ਮਜ਼ਬੂਤ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਦਯੋਗਪਤੀਆਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਵਿਦੇਸ਼ੀ ਸਰਕਾਰਾਂ ਨਾਲ ਤਾਲਮੇਲ ਸਥਾਪਿਤ ਕਰਕੇ ਨਿਰਯਾਤ ਨੂੰ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ। ਸਰਕਾਰ ਦਾ ਮੁੱਖ ਟੀਚਾ ਉਦਯੋਗਪਤੀਆਂ ਦੀ ਲਾਗਤ ਨੂੰ ਘੱਟ ਤੋਂ ਘੱਟ ਕਰਦੇ ਹੋਏ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਦੀ ਦਿਸ਼ਾ ਵੱਲ ਲੈ ਕੇ ਜਾਣਾ ਹੈ।
ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਹਰਿਆਣਾ ਦੇ ਨੌਜਵਾਨਾਂ ਨੂੰ ਵਿਦੇਸ਼ ਸਹਿਯੋਗ ਵਿਭਾਗ ਰਾਹੀਂ ਇਜ਼ਰਾਈਲ, ਜਰਮਨੀ ਸਮੇਤ ਹੋਰਨਾਂ ਦੇਸ਼ਾਂ ਵਿੱਚ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਗਏ ਹਨ, ਜਿੱਥੇ ਸੂਬੇ ਦੇ ਨੌਜਵਾਨ ਢਾਈ ਤੋਂ ਤਿੰਨ ਲੱਖ ਰੁਪਏ ਤੱਕ ਦੀ ਮਾਸਿਕ ਤਨਖਾਹ ਕਮਾ ਰਹੇ ਹਨ।
ਇਸ ਤੋਂ ਇਲਾਵਾ, ਅਫਰੀਕੀ ਦੇਸ਼ਾਂ ਨਾਲ ਵਪਾਰਕ ਸਹਿਯੋਗ ਨੂੰ ਵੀ ਲਗਾਤਾਰ ਵਧਾਇਆ ਜਾ ਰਿਹਾ ਹੈ, ਜਿਸ ਵਿੱਚ ਮਾਈਨਿੰਗ, ਪਲਾਈਵੁੱਡ, ਐਗਰੀਕਲਚਰ ਅਤੇ ਆਈ.ਟੀ. ਵਰਗੇ ਪ੍ਰਮੁੱਖ ਖੇਤਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹਨ। ਭਾਰਤ ਸਰਕਾਰ ਦੇ ਸਹਿਯੋਗ ਨਾਲ ਹਰਿਆਣਾ ਸਰਕਾਰ ਵੱਲੋਂ ਤੰਜ਼ਾਨੀਆ ਵਿੱਚ ਇੱਕ ਲੱਖ ਏਕੜ ਜ਼ਮੀਨ ਦੇ ਸੰਦਰਭ ਵਿੱਚ ਐਮ.ਓ.ਯੂ ਸਾਈਨ ਕੀਤਾ ਗਿਆ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਹਰਿਆਣਾ ਸਥਾਨਕ ਸਪਲਾਈ ਚੇਨ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਵਿਸ਼ੇਸ਼ ਕੰਮ ਕਰ ਰਿਹਾ ਹੈ। ‘ਈਜ਼ ਆਫ ਡੂਇੰਗ ਬਿਜ਼ਨਸ’ ਤੋਂ ਲੈ ਕੇ ਉਦਯੋਗਾਂ ਦੀ ਸਥਾਪਨਾ ਤੱਕ, ਸਰਕਾਰ ਉਦਯੋਗਪਤੀਆਂ ਨੂੰ ਹਰ ਪੱਧਰ ‘ਤੇ ਲੋੜੀਂਦਾ ਸਹਿਯੋਗ ਪ੍ਰਦਾਨ ਕਰ ਰਹੀ ਹੈ, ਤਾਂ ਜੋ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਨਵੇਂ ਮੁਕਾਮਾਂ ਤੱਕ ਪਹੁੰਚਾਇਆ ਜਾ ਸਕੇ।
ਉਦਯੋਗਪਤੀਆਂ ਨੇ ਸਰਕਾਰ ਦੀਆਂ ਨੀਤੀਆਂ ਦੀ ਸ਼ਲਾਘਾ ਕੀਤੀ
ਮੁੱਖ ਮੰਤਰੀ ਦੇ ਓ.ਐਸ.ਡੀ. ਸ੍ਰੀ ਬੀ.ਬੀ. ਭਾਰਤੀ ਨੇ ਦੱਸਿਆ ਕਿ ਪੰਜਾਬ ਤੋਂ ਆਏ ਉਦਯੋਗਪਤੀਆਂ ਨੇ ਹਰਿਆਣਾ ਸਰਕਾਰ ਦੀਆਂ ਉਦਯੋਗ ਅਨੁਕੂਲ ਨੀਤੀਆਂ, ਬਿਹਤਰ ਕਨੈਕਟੀਵਿਟੀ ਅਤੇ “ਈਜ਼ ਆਫ ਡੂਇੰਗ ਬਿਜ਼ਨਸ” ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨੇ ਸੂਬੇ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਨੂੰ ਹਾਂਪੱਖੀ ਦੱਸਿਆ ਅਤੇ ਭਵਿੱਖ ਵਿੱਚ ਆਪਣੇ ਕਾਰੋਬਾਰ ਦੇ ਵਿਸਥਾਰ ਵਿੱਚ ਦਿਲਚਸਪੀ ਦਿਖਾਈ। ਸ੍ਰੀ ਬੀ.ਬੀ. ਭਾਰਤੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬੇ ਵਿੱਚ ਪਾਰਦਰਸ਼ੀ ਵਿਵਸਥਾ ਅਤੇ ਤੁਰੰਤ ਫੈਸਲੇ ਲੈਣ ਦੀ ਪ੍ਰਕਿਰਿਆ ਨੇ ਨਿਵੇਸ਼ਕਾਂ ਦਾ ਵਿਸ਼ਵਾਸ ਮਜ਼ਬੂਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਗੱਲਬਾਤ ਹਾਂਪੱਖੀ ਰਹੀ ਅਤੇ ਇਸ ਨਾਲ ਸੂਬੇ ਵਿੱਚ ਉਦਯੋਗਿਕ ਨਿਵੇਸ਼ ਅਤੇ ਰੁਜ਼ਗਾਰ ਦੇ ਮੌਕੇ ਵਧਣ ਦੀ ਉਮੀਦ ਹੈ।
ਇਸ ਦੌਰਾਨ ਮੁੱਖ ਮੰਤਰੀ ਦੇ ਓ.ਐਸ.ਡੀ. ਸ੍ਰੀ ਬੀ.ਬੀ. ਭਾਰਤੀ, ਵਿਦੇਸ਼ ਸੇਵਾ ਵਿਭਾਗ ਦੇ ਸਲਾਹਕਾਰ ਸ੍ਰੀ ਪਵਨ ਚੌਧਰੀ, ਭਾਰਤ ਵਿਕਾਸ ਪਰਿਸ਼ਦ ਦੇ ਸੰਗਠਨ ਮੰਤਰੀ ਸ੍ਰੀ ਸੁਰੇਸ਼ ਜੈਨ, ਖੇਤਰੀ ਪ੍ਰਧਾਨ ਸ੍ਰੀ ਸੁਸ਼ੀਲ ਸ਼ਰਮਾ, ਪਦਮਸ਼੍ਰੀ ਸਰਦਾਰ ਓਂਕਾਰ ਸਿੰਘ ਪਾਹਵਾ, ਸਰਦਾਰ ਐਸ.ਐਸ. ਭੋਗਲ, ਡਾ. ਗੁਰਪ੍ਰੀਤ ਸਿੰਘ ਵਾਂਡਰ, ਸ੍ਰੀ ਹਰਜੀਤ ਸਿੰਘ ਅਰੋੜਾ ਸਮੇਤ ਉਦਯੋਗਪਤੀ ਵੀ ਮੌਜੂਦ ਸਨ।
