ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਤੌਰ ਵਿੱਤ ਮੰਤਰੀ ਆਪਣਾ ਪਹਿਲਾ ਵਿੱਤ ਸਾਲ 2025-26 ਦਾ ਬਜਟ ਪੇਸ਼ ਕਰਦਿਆਂ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ। ਭਾਜਪਾ ਨੇ ਵਿਧਾਨ ਸਭਾ ਚੋਣਾਂ ਦੌਰਾਨ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦੇ ਨੂੰ ਭਾਜਪਾ ਸਰਕਾਰ ਨੇ ਆਪਣੇ ਪਹਿਲੇ ਹੀ ਸਾਲ ਵਿੱਚ ਪੂਰਾ ਕਰ ਦਿੱਤਾ ਹੈ। ਸ੍ਰੀ ਸੈਣੀ ਨੇ ਕਿਹਾ ਕਿ ਇਸ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ, ਪਰ ਸੂਬਾ ਸਰਕਾਰ ਨੇ ਔਰਤਾਂ ਨੂੰ 2100 ਰੁਪਏ ਦੇਣ ਲਈ ਵਿੱਤ ਵਰ੍ਹੇ 2025-26 ਦੇ ਬਜਟ ਵਿੱਚ 5000 ਕਰੋੜ ਰੁਪਏ ਰੱਖ ਦਿੱਤੇ ਹਨ। ਇਸ ਤੋਂ ਇਲਾਵਾ ਸੂਬੇ ਵਿੱਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੰਕਲਪ ਅਥਾਰਟੀ ਦਾ ਗਠਨ ਕੀਤਾ ਜਾਵੇਗਾ।
ਹਰਿਆਣਾ ਵਿਧਾਨ ਸਭਾ ਵਿੱਚ ਅੱਜ ਮੁੱਖ ਮੰਤਰੀ ਤੇ ਵਿੱਤ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਪੇਸ਼ ਕੀਤੇ ਗਏ ਆਪਣੇ ਪਹਿਲੇ ਬਜਟ ਵਿੱਚ ਸਿੱਖਿਆ, ਸਿਹਤ, ਕਿਸਾਨੀ, ਔਰਤਾਂ ਤੇ ਨੌਜਵਾਨਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਸ੍ਰੀ ਸੈਣੀ ਨੇ ਅੱਜ ਹਰਿਆਣਾ ਵਿਧਾਨ ਸਭਾ ਵਿੱਚ ਵਿੱਤ ਵਰ੍ਹੇ 2025-26 ਲਈ 2,05,017 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ, ਜੋ ਕਿ ਪਿਛਲੇ ਸਾਲ ਨਾਲੋਂ 13.7 ਫ਼ੀਸਦ ਵੱਧ ਹੈ। ਪਿਛਲੀ ਵਾਰ ਹਰਿਆਣਾ ਸਰਕਾਰ ਵੱਲੋਂ 1,80,313 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਸੀ।