ਗੁਰਪ੍ਰੀਤ ਸਿੰਘ :- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ 8 ਨਵੰਬਰ 2026 ਨੂੰ ਦੇਹਾਂਤ ਹੋ ਗਿਆ ਸੀ। ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਦੇਹਾਂਤ ਦੀ ਪੁਸ਼ਟੀ ਉਨ੍ਹਾਂ ਦੇ ਪੁੱਤਰ ਅਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵਲੋਂ ਕੀਤੀ ਗਈ ਹੈ। ਉਨ੍ਹਾਂ ਦਾ ਮ੍ਰਿਤਕ ਸਰੀਰ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿਖੇ ਰੱਖਿਆ ਗਿਆ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਅੰਮ੍ਰਿਤਪਾਲ ਸਿੰਘ, ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਜੱਲੂਪੁਰ ਖੇੜਾ ਅਤੇ ਉਨ੍ਹਾਂ ਦੇ ਦੋਹਤੇ ਸੁਖਮਨਦੀਪ ਸਿੰਘ ਨੂੰ ਅੰਤਿਮ ਸੰਸਕਾਰ ਅਤੇ ਹੋਰ ਧਾਰਮਿਕ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿਵਾਉਣ ਲਈ ਵਕੀਲਾਂ ਦੇ ਪੈਨਲ ਨੇ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੈਰੋਲ ਦੀ ਪਟੀਸ਼ਨ ਦਾਇਰ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਲੀਗਲ ਸੈੱਲ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਪੈਰੋਲ ਦੀ ਅਰਜ਼ੀ ਅੱਜ ਬ੍ਰਾਂਚ ਵਿੱਚ ਫਾਈਲ ਕਰ ਦਿੱਤੀ ਗਈ ਸੀ, ਪਰ ਸਟਾਫ਼ ਤੋਂ ਪਤਾ ਲੱਗਾ ਕਿ ਸਬੰਧਤ ਜੱਜ ਉਪਿੰਦਰਜੀਤ ਸਿੰਘ ਅੱਜ ਛੁੱਟੀ ‘ਤੇ ਹਨ। ਉਨ੍ਹਾਂ ਦੱਸਿਆ ਕਿ ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ ਜਿਸ ਜੱਜ ਵੱਲੋਂ ਟ੍ਰਾਇਲ ਦੀ ਸੁਣਵਾਈ ਕੀਤੀ ਜਾ ਰਹੀ ਹੈ, ਉਸ ਤੋਂ ਇਲਾਵਾ ਕੋਈ ਹੋਰ ਜੱਜ ਇਸ ਅਰਜ਼ੀ ਨੂੰ ਸੁਣਵਾਈ ਲਈ ਨਹੀਂ ਲੈ ਸਕਦਾ। ਇਸ ਕਾਰਨ ਹੁਣ ਇਹ ਅਰਜ਼ੀ 12 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ। ਉਨ੍ਹਾਂ ਉਮੀਦ ਜਤਾਈ ਕਿ 12 ਨਵੰਬਰ ਨੂੰ ਅਦਾਲਤ ਵਿੱਚ ਪੈਰੋਲ ਅਰਜ਼ੀ ‘ਤੇ ਕਾਰਵਾਈ ਅੱਗੇ ਵਧੇਗੀ।
ਜ਼ਿਕਰਯੋਗ ਹੈ ਕਿ ਅਦਾਲਤ ਦੇ ਹੁਕਮਾਂ ਅਨੁਸਾਰ ਦੇਹਾਂਤ ਤੋਂ ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਤੋਂ 10 ਮਿੰਟ ਦੀ ਵੀਡੀਓ ਕਾਲ ਰਾਹੀਂ ਆਪਣੀ ਦਾਦੀ ਨਾਲ ਗੱਲਬਾਤ ਕੀਤੀ ਸੀ। ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਆਪਣੀ ਬਿਮਾਰ ਦਾਦੀ ਨਾਲ ਗੱਲ ਕਰਨ ਦੀ ਇਜਾਜ਼ਤ ਮੰਗੀ ਸੀ।
