ਨੈਸ਼ਨਲ ਟਾਈਮਜ਼ ਬਿਊਰੋ :- ਮੌਸਮ ਵਿਭਾਗ ਵਲੋਂ ਪੰਜਾਬ ਵਿੱਚ 3 ਦਿਨ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ (ਵੀਰਵਾਰ) ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਦਰਮਿਆਨੀ ਤੋਂ ਭਾਰੀ ਮੀਂਹ ਦਾ ਅਲਰਟ ਹੈ। ਖਬਰ ਲਿਖੇ ਜਾਣ ਤੋਂ ਕੁਝ ਸਮਾਂ ਪਹਿਲਾਂ ਹੀ, ਮੌਸਮ ਵਿਭਾਗ ਵਲੋਂ ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿੱਚ ਭਾਰੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਜਤਾਈ ਹੈ। ਲੁਧਿਆਣਾ ਵਿੱਚ ਸਵੇਰ ਤੋਂ ਹੀ ਬਾਰਿਸ਼ ਹੋ ਰਹੀ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਹਿੱਸਿਆਂ ਵਿੱਚ ਬਾਰਿਸ਼ ਹੋ ਰਹੀ ਹੈ।
ਪਿਛਲੇ 24 ਘੰਟਿਆਂ ਵਿੱਚ (ਬੁੱਧਵਾਰ) ਤਾਪਮਾਨ ਵਿੱਚ 2.6 ਡਿਗਰੀ ਸੈਲਸੀਅਸ ਵਾਧਾ ਦਰਜ ਕੀਤਾ ਗਿਆ ਹੈ। ਇਹ ਤਾਪਮਾਨ ਸੂਬੇ ਵਿੱਚ ਆਮ ਤਾਪਮਾਨ ਦੇ ਨੇੜੇ ਹੈ। ਹਾਲਾਂਕਿ, ਅਬੋਹਰ ਵਿੱਚ ਵੱਧ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
3 ਦਿਨ ਭਾਰੀ ਮੀਂਹ ਦਾ ਅਲਰਟ
ਮੌਸਮ ਵਿਭਾਗ ਵਲੋਂ ਅੱਜ (ਵੀਰਵਾਰ) ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਦਰਮਿਆਨੀ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੋਹਾਲੀ) ਅਤੇ ਫਤਹਿਗੜ੍ਹ ਸਾਹਿਬ ਵਿੱਚ ਭਾਰੀ ਮੀਂਹ ਦਾ ਅਲਰਟ ਹੈ। ਜਦਕਿ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਦਰਮਿਆਨੀ ਮੀਂਹ, ਤੇਜ਼-ਹਵਾਵਾਂ ਦਾ ਅਲਰਟ ਹੈ। ਇਸ ਤੋਂ ਇਲਾਵਾ, ਬਾਕੀ ਹਿੱਸਿਆਂ ਵਿੱਚ ਹਲਕੀ ਬੂੰਦਾ ਬਾਂਦੀ ਰਹੇਗੀ।
17 ਅਗਸਤ ਤੱਕ ਕਿਵੇਂ ਰਹੇਗਾ ਮੌਸਮ?
ਸੂਬੇ ਵਿੱਚ ਭਲਕੇ ਸੁਤੰਤਰਤਾ ਦਿਵਸ ਮਨਾਇਆ ਜਾਣਾ ਹੈ, ਪਰ ਇਸ ਦੇ ਜਸ਼ਨਾਂ ਉੱਤੇ ਮੀਂਹ ਦਾ ਖ਼ਤਰਾ ਮੰਡਰਾ ਰਿਹਾ ਹੈ। ਭਲਕੇ ਵੀ 5 ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੀ ਮੀਂਹ ਦਾ ਅਲਰਟ ਮੌਸਮ ਵਿਭਾਗ ਵਲੋਂ ਜਾਰੀ ਕੀਤਾ ਗਿਆ। ਇਸ ਤੋਂ ਇਲਾਵਾ, 16 ਅਤੇ 17 ਅਗਸਤ ਨੂੰ ਵੀ ਹਲਕੀ ਬਾਰਿਸ਼ ਦੇ ਆਸਾਰ ਹਨ।
ਪੰਜਾਬ ਦੇ ਕਈ ਹਿੱਸਿਆਂ ਵਿੱਚ ਹੜ੍ਹ ਦਾ ਖਤਰਾ
ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਬਿਆਸ ਦਰਿਆ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ, ਜਦੋਂ ਕਿ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਵੀ ਵਧ ਗਿਆ ਹੈ। ਇਸ ਸਥਿਤੀ ਨੇ ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਸੁਲਤਾਨਪੁਰ ਲੋਧੀ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਕਈ ਖੇਤਰ ਇਸ ਸਮੇਂ ਪਾਣੀ ਵਿੱਚ ਡੁੱਬੇ ਹੋਏ ਹਨ।
ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ –
- ਚੰਡੀਗੜ੍ਹ ਦਾ ਤਾਪਮਾਨ – ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ।
- ਅੰਮ੍ਰਿਤਸਰ ਦਾ ਤਾਪਮਾਨ – ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ।
- ਜਲੰਧਰ ਦਾ ਤਾਪਮਾਨ – ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ।
- ਲੁਧਿਆਣਾ ਦਾ ਤਾਪਮਾਨ – ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ।
- ਬਠਿੰਡਾ ਦਾ ਤਾਪਮਾਨ – ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ।
- ਪਟਿਆਲਾ ਦਾ ਤਾਪਮਾਨ – ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਚੱਲ ਰਿਹਾ ਹੈ।
