ਜਲੰਧਰ – ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਪੰਜਾਬ ਦੇ ਮੌਸਮ ਵਿਚ ਫਿਰ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ ਅਤੇ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਵੱਲੋਂ 16, 17, 18 ਅਤੇ 19 ਤਾਰੀਖ਼ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਤਾਜ਼ਾ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਵੱਲੋਂ ਮਾਨਸਾ, ਸੰਗਰੂਰ, ਪਟਿਆਲਾ ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਲੁਧਿਆਣਾ, ਫਤਿਗੜ੍ਹ ਸਾਹਿਬ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਵਿੱਚ ਹਲਕਾ ਮੀਂਹ ਦੀ ਸੰਭਾਵਨਾ ਹੈ।
ਇਥੇ ਦੱਸ ਦੇਈਏ ਕਿ ਬੀਤੇ ਦਿਨ ਕੁਝ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਈ ਸੀ। ਇਸ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਆਈ ਹੈ। ਉੱਥੇ ਹੀ ਮੀਂਹ ਪੈਣ ਕਾਰਨ ਪਹਿਲਾਂ ਹੀ ਦਰਿਆਵਾਂ ਦੇ ਪਾਣੀ ਦਾ ਪੱਧਰ ਵਧਿਆ ਹੋਇਆ ਹੈ ਅਤੇ ਕਿਸਾਨਾਂ ਦੀਆਂ ਫ਼ਸਲਾਂ ਡੁੱਬੀਆਂ ਹੋਈਆਂ ਹਨ। ਲੋਕਾਂ ਨੂੰ ਪਹਿਲਾਂ ਹੀ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਜੇਕਰ ਅਗਲੇ ਦਿਨਾਂ ‘ਚ ਵੀ ਸੂਬੇ ਅੰਦਰ ਭਾਰੀ ਮੀਂਹ ਪਿਆ ਤਾਂ ਹਾਲਾਤ ਹੋਰ ਵੀ ਜ਼ਿਆਦਾ ਵਿਗੜ ਸਕਦੇ ਹਨ। ਫਿਲਹਾਲ ਮੌਸਮ ਵਿਭਾਗ ਵੱਲੋਂ ਇਨ੍ਹਾਂ ਤਾਰੀਖ਼ਾਂ ਨੂੰ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।
