ਸਿੱਖ ਜਥੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਮਨਜ਼ੂਰੀ ਸਰਕਾਰ ਦਾ ਸ਼ਲਾਘਾਯੋਗ ਕਦਮ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਮਨਜ਼ੂਰੀ ਦੇਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਮੀਡੀਆ ਰੀਪੋਰਟਾਂ ਰਾਹੀਂ ਸਾਹਮਣੇ ਆਇਆ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਪ੍ਰਸੰਸਾ ਕਰਦੀ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਸਿੱਖ ਜਗਤ ਹੀ ਨਹੀਂ ਸਗੋਂ ਪੂਰੀ ਮਨੁੱਖਤਾ ਲਈ ਵੱਡੀ ਮਹੱਤਤਾ ਰੱਖਦਾ ਹੈ। ਇਸ ਮੌਕੇ ਸਿੱਖ ਸੰਗਤਾਂ ਵੱਲੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਦਰਸ਼ਨ ਕਰਨ ਅਤੇ ਸ਼ਰਧਾ ਪ੍ਰਗਟਾਉਣ ਦੀ ਤਾਂਘ ਭਾਵਨਾਤਮਕ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸਿੱਖ ਜਥੇ ਉਤੇ ਰੋਕ ਦੇ ਫੈਸਲੇ ਨੇ ਸੰਗਤ ਨੂੰ ਨਿਰਾਸ਼ ਕਰ ਦਿੱਤਾ ਸੀ, ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਸਰਕਾਰ ਨੂੰ ਆਪਣੇ ਫੈਸਲੇ ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਗਈ ਸੀ। ਇਸ ਸਬੰਧ ਵਿਚ ਚਾਰ ਦਿਨ ਪਹਿਲਾਂ 29 ਸਤੰਬਰ 2025 ਨੂੰ ਹੀ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਗਿਆ ਸੀ, ਜਿਸ ਉਤੇ ਸਰਕਾਰ ਵੱਲੋਂ ਗੌਰ ਕਰਨਾ ਸੰਤੁਸ਼ਟੀਜਨਕ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਲਿਆ ਗਿਆ ਫ਼ੈਸਲਾ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦਾ ਆਦਰ ਕਰਦਾ ਹੈ, ਜਿਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਸੀਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦਾ ਧੰਨਵਾਦ ਕਰਦੇ ਹਾਂ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਹਰ ਸਾਲ ਸਿੱਖ ਸੰਗਤਾਂ ਵੱਡੀ ਉਮੀਦ ਨਾਲ ਇਸ ਯਾਤਰਾ ਲਈ ਪਾਸਪੋਰਟ ਜਮ੍ਹਾਂ ਕਰਵਾਉਂਦੀਆ ਹਨ, ਪਰ ਜਦੋਂ ਜਥਾ ਨਾ ਜਾਣ ਦੀਆਂ ਖਬਰਾਂ ਬਣਦੀਆਂ ਹਨ ਤਾਂ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਆਪਸੀ ਸਾਂਝਾਂ ਅਤੇ ਰਿਸ਼ਤਿਆਂ ਵਿਚ ਮਜ਼ਬੂਤੀ ਦੀ ਪ੍ਰਤੀਕ ਹੈ, ਜਿਸ ਦੀ ਨਿਰੰਤਰਤਾ ਬਣੀ ਰਹਿਣੀ ਬੇਹੱਦ ਜ਼ਰੂਰੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਵੀ ਅਪੀਲ ਕੀਤੀ।

By Gurpreet Singh

Leave a Reply

Your email address will not be published. Required fields are marked *