ਗੁਰਪ੍ਰੀਤ ਸਿੰਘ :- ਸ੍ਰੀ ਸਿੱਧ ਬਾਬਾ ਸੋਢਲ ਮਹਾਰਾਜ ਜੀ ਦੇ ਸਲਾਨਾ ਮੇਲੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ 25 ਸਤੰਬਰ 2026, ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ ਸਥਾਨਕ (ਲੋਕਲ) ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਮੇਲੇ ਵਿੱਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਪਹੁੰਚਣ ਵਾਲੀਆਂ ਸੰਗਤਾਂ ਦੀ ਧਾਰਮਿਕ ਸ਼ਰਧਾ ਅਤੇ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।
ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਜਾਰੀ ਹੁਕਮਾਂ ਅਨੁਸਾਰ 25 ਸਤੰਬਰ ਨੂੰ ਜ਼ਿਲ੍ਹਾ ਜਲੰਧਰ ਦੀ ਹਦੂਦ ਅੰਦਰ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ, ਨਿਗਮਾਂ, ਬੋਰਡਾਂ, ਵਿਦਿਅਕ ਅਦਾਰਿਆਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿੱਚ ਸਥਾਨਕ ਛੁੱਟੀ ਰਹੇਗੀ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਸਬੰਧਤ ਵਿਭਾਗਾਂ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ।
