ਨੈਸ਼ਨਲ ਟਾਈਮਜ਼ ਬਿਊਰੋ :- ਪਟਿਆਲਾ ਪੁਲਿਸ ਨੇ ਹਨੀ ਟਰੈਪ ਲਗਾ ਕੇ ਲੋਕਾਂ ਨੂੰ ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਦੀ ਇੱਕ ਔਰਤ ਮੈਂਬਰ ਆਸ਼ੂ ਕੌਰ ਨੂੰ ਗ੍ਰਿਫ਼ਤਾਰ ਕੀਤਾ, ਜਦਕਿ ਉਸ ਦੇ ਸਾਥੀ ਦੀ ਤਲਾਸ਼ ਜਾਰੀ ਹੈ। ਮਾਮਲਾ ਭੁਪਿੰਦਰ ਸਿੰਘ ਨਾਂ ਦੇ ਵਿਅਕਤੀ ਦੀ ਸ਼ਿਕਾਇਤ ਤੋਂ ਸ਼ੁਰੂ ਹੋਇਆ, ਜਿਸ ਨੇ ਦੱਸਿਆ ਕਿ ਜਲੇਬੀ ਚੌਂਕ ਨੇੜੇ ਇੱਕ ਔਰਤ ਨੇ 500 ਰੁਪਏ ਦੀ ਮੰਗ ਕੀਤੀ ਅਤੇ ਗੂਗਲ ਪੇਅ ਕਰਵਾਇਆ। ਇਸ ਦੌਰਾਨ ਉਸ ਦੇ ਸਾਥੀ ਨੇ ਪਿੰਨ ਦੇਖ ਲਿਆ ਅਤੇ ਮੋਬਾਈਲ ਖੋਹ ਕੇ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਲੁਟੇਰਿਆਂ ਨੇ ਉਨ੍ਹਾਂ ਦੇ ਖਾਤੇ ਵਿੱਚੋਂ 1,09,253 ਰੁਪਏ ਵੱਖ-ਵੱਖ ਖਾਤਿਆਂ ਵਿੱਚ ਟ੍ਰਾਂਸਫਰ ਕਰ ਲਏ।
ਪੁਲਿਸ ਨੇ ਸ਼ਿਕਾਇਤ ਮਿਲਣ ਉੱਤੇ ਜਾਂਚ ਸ਼ੁਰੂ ਕੀਤੀ ਅਤੇ ਆਸ਼ੂ ਕੌਰ ਨੂੰ ਗ੍ਰਿਫ਼ਤਾਰ ਕਰਕੇ 10 ਹਜ਼ਾਰ ਰੁਪਏ ਬਰਾਮਦ ਕੀਤੇ। ਪੁਲਿਸ ਹੁਣ ਉਸ ਦੇ ਸਾਥੀ ਗੁਰਪ੍ਰੀਤ ਸਿੰਘ ਦੀ ਤਲਾਸ਼ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਗ੍ਰਿਫ਼ਤਾਰ ਕੀਤੀ ਗਈ ਔਰਤ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ, ਤਾਂ ਜੋ ਪਤਾ ਲੱਗ ਸਕੇ ਕਿ ਇਹ ਗਿਰੋਹ ਪਹਿਲਾਂ ਵੀ ਹੋਰ ਵਾਰਦਾਤਾਂ ਵਿੱਚ ਸ਼ਾਮਲ ਰਿਹਾ ਹੈ ਜਾਂ ਨਹੀਂ।