ਗੁਰਪ੍ਰੀਤ ਸਿੰਘ :- ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ’ਤੇ ਵੀਰਵਾਰ ਨੂੰ ਵਾਪਰੇ ਸੜਕ ਹਾਦਸੇ ਨੇ ਇਕ ਵਾਰ ਫਿਰ ਨਸ਼ੇ ਦੀ ਹਾਲਤ ਵਿਚ ਵਾਹਨ ਚਲਾਉਣ ਦੇ ਖ਼ਤਰੇ ਨੂੰ ਉਜਾਗਰ ਕੀਤਾ ਹੈ। ਸਕੂਲ ਤੋਂ ਛੁੱਟੀ ਹੋਣ ਮਗਰੋਂ ਘਰ ਪਰਤ ਰਹੀ 12 ਸਾਲਾ ਬੱਚੀ ਨੂੰ ਤੇਜ਼ ਰਫ਼ਤਾਰ ਆਲਟੋ ਕਾਰ ਨੇ ਆਪਣੀ ਲਪੇਟ ਵਿਚ ਲੈ ਲਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਬੱਚੀ ਕਾਰ ਦੇ ਹੇਠਾਂ ਜਾ ਫਸੀ। ਆਸ-ਪਾਸ ਮੌਜੂਦ ਲੋਕਾਂ ਨੇ ਤੁਰੰਤ ਕਾਰ ਰੁਕਵਾਈ ਅਤੇ ਬੱਚੀ ਨੂੰ ਬਾਹਰ ਕੱਢ ਕੇ ਇਲਾਜ ਲਈ ਹਸਪਤਾਲ ਪਹੁੰਚਾਇਆ। ਹਾਦਸੇ ਵਿਚ ਉਸ ਦੀ ਲੱਤ ਟੁੱਟ ਗਈ ਹੈ ਅਤੇ ਉਸ ਦਾ ਇਲਾਜ ਜਾਰੀ ਹੈ।
ਘਟਨਾ ਤੋਂ ਬਾਅਦ ਜਦੋਂ ਲੋਕਾਂ ਨੇ ਕਾਰ ਚਾਲਕ ਨੂੰ ਬਾਹਰ ਕੱਢਿਆ ਤਾਂ ਪਤਾ ਲੱਗਾ ਕਿ ਉਹ ਪੰਜਾਬ ਪੁਲਸ ਵਿਚ ਹੌਲਦਾਰ ਹੈ ਅਤੇ ਉਸ ਸਮੇਂ ਵਰਦੀ ਵਿਚ ਸੀ। ਚਸ਼ਮਦੀਦ ਰਾਹੁਲ ਸੋਰੀ ਨੇ ਦੋਸ਼ ਲਾਇਆ ਕਿ ਹੌਲਦਾਰ ਨੇ ਸ਼ਰਾਬ ਪੀਤੀ ਹੋਈ ਸੀ। ਉਸ ਦੀ ਹਾਲਤ ਇੰਨੀ ਖ਼ਰਾਬ ਸੀ ਕਿ ਉਹ ਠੀਕ ਤਰ੍ਹਾਂ ਆਪਣੀਆਂ ਅੱਖਾਂ ਵੀ ਨਹੀਂ ਖੋਲ੍ਹ ਪਾ ਰਿਹਾ ਸੀ। ਲੋਕਾਂ ਵੱਲੋਂ ਕਾਰ ਦੀ ਜਾਂਚ ਕਰਨ ’ਤੇ ਅੰਦਰੋਂ ਸ਼ਰਾਬ ਦੀ ਬੋਤਲ, ਬੀੜੀ ਅਤੇ ਸਿਗਰਟਾਂ ਮਿਲਣ ਦੀ ਗੱਲ ਵੀ ਸਾਹਮਣੇ ਆਈ ਹੈ।
ਹਾਦਸੇ ਤੋਂ ਬਾਅਦ ਗੁੱਸੇ ਵਿਚ ਆਏ ਸਥਾਨਕ ਲੋਕਾਂ ਨੇ ਹੌਲਦਾਰ ਨੂੰ ਮੌਕੇ ਤੋਂ ਜਾਣ ਨਹੀਂ ਦਿੱਤਾ ਅਤੇ ਪੁਲਸ ਨੂੰ ਸੂਚਿਤ ਕਰ ਦਿੱਤਾ। ਇਸ ਦੌਰਾਨ ਘਟਨਾ ਦੀ ਵੀਡੀਓ ਵੀ ਬਣਾਈ ਗਈ। ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਨੇ ਕਾਰ ਚਾਲਕ ਮੁਲਾਜ਼ਮ ਅਤੇ ਉਸ ਦੀ ਕਾਰ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ।
ਘਟਨਾ ਨੂੰ ਲੈ ਕੇ ਇਲਾਕਾ ਵਾਸੀਆਂ ਵਿਚ ਨਾਰਾਜ਼ਗੀ ਹੈ। ਲੋਕਾਂ ਦਾ ਕਹਿਣਾ ਹੈ ਕਿ ਸੜਕਾਂ ’ਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਪੁਲਸ ਦੀ ਹੈ, ਪਰ ਜੇਕਰ ਪੁਲਸ ਮੁਲਾਜ਼ਮ ਹੀ ਕਥਿਤ ਤੌਰ ’ਤੇ ਸ਼ਰਾਬ ਪੀ ਕੇ ਗੱਡੀ ਚਲਾਉਣਗੇ ਤਾਂ ਲੋਕਾਂ ਦੀ ਜਾਨ ਦੀ ਰਾਖੀ ਕੌਣ ਕਰੇਗਾ। ਪੁਲਸ ਅਧਿਕਾਰੀਆਂ ਮੁਤਾਬਕ ਜ਼ਖ਼ਮੀ ਬੱਚੀ ਅਤੇ ਕਾਰ ਚਾਲਕ ਹੌਲਦਾਰ ਦੋਵਾਂ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਮੈਡੀਕਲ ਰਿਪੋਰਟ ਅਤੇ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਮੁਲਾਜ਼ਮ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
