ਤਰਨਤਾਰਨ: ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ‘ਚ ਇਕ ਵਪਾਰੀ ‘ਤੇ ਤਾਬੜਤੋੜ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਮੁਗਲਾਨੀ ਪਿੰਡ ਦੀ ਹੈ, ਜਿਥੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਇੱਕ ਵਪਾਰੀ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਇਕ ਗੋਲੀ ਵਪਾਰੀ ਦੀ ਲੱਤ ‘ਚ ਜਾ ਲੱਗੀ। ਇਸ ਦੌਰਾਨ ਵਪਾਰੀ ਭਗਵੰਤ ਸਿੰਘ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਕੋਲੋਂ 9 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਰੋਬਾਰੀ ਭਗਵੰਤ ਸਿੰਘ ਨਾਲ ਕੰਮ ਕਰਨ ਵਾਲੇ ਕਰਮਚਾਰੀਆਂ ਨੇ ਦੱਸਿਆ ਕਿ ਉਹ ਅੱਜ ਜਦੋਂ ਉਹ ਕਾਰੋਬਾਰ ਦੇ ਸਾਰੇ ਪੈਸੇ ਇਕੱਠੇ ਕਰਨ ਤੋਂ ਬਾਅਦ ਆਪਣੀ ਕਾਰ ਵਿੱਚ ਘਰ ਵਾਪਸ ਆ ਰਹੇ ਸੀ, ਤਾਂ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਵਿਅਕਤੀ ਆਏ ਅਤੇ ਉਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਘਟਨਾ ਵਿੱਚ, ਇੱਕ ਗੋਲੀ ਭਗਵੰਤ ਸਿੰਘ ਦੀ ਲੱਤ ਵਿੱਚ ਲੱਗੀ। ਗੋਲੀ ਲੱਗਣ ਤੋਂ ਬਾਅਦ ਜਿਵੇਂ ਹੀ ਭਗਵੰਤ ਸਿੰਘ ਜ਼ਮੀਨ ‘ਤੇ ਡਿੱਗ ਪਿਆ, ਜਿਸ ਤੋਂ ਬਾਅਦ ਮੁਲਜ਼ਮ ਪੈਸੇ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਦੌਰਾਨ ਮੌਕੇ ‘ਤੇ ਘਟਨਾ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ। ਵੈਰੋਜਵਾਲ ਥਾਣੇ ਦੀ ਪੁਲਸ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।