ਇਸ ਸੂਬੇ ‘ਚ ਵਧਿਆ ਤਣਾਅ: 5 ਜ਼ਿਲ੍ਹਿਆਂ ‘ਚ ਇੰਟਰਨੈੱਟ ਬੰਦ, ਮੈਤੇਈ ਨੇਤਾ ਦੀ ਗ੍ਰਿਫ਼ਤਾਰੀ ਪਿੱਛੋਂ ਵਿਗੜੇ ਹਾਲਾਤ

ਇੰਫਾਲ : ਮਣੀਪੁਰ ਦੇ 5 ਜ਼ਿਲ੍ਹਿਆਂ- ਇੰਫਾਲ ਪੱਛਮੀ, ਇੰਫਾਲ ਪੂਰਬੀ, ਥੌਬਲ, ਬਿਸ਼ਨੂਪੁਰ ਅਤੇ ਕਾਕਚਿੰਗ ਵਿੱਚ ਸ਼ਨੀਵਾਰ ਦੇਰ ਰਾਤ ਤੋਂ ਇੰਟਰਨੈੱਟ ਅਤੇ ਮੋਬਾਈਲ ਡਾਟਾ ਸੇਵਾਵਾਂ 5 ਦਿਨਾਂ ਲਈ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਇਹ ਫੈਸਲਾ ਅਰੰਬਾਈ ਟੇਂਗੋਲ ਨਾਂ ਦੇ ਮੈਤੇਈ ਭਾਈਚਾਰੇ ਦੇ ਨੇਤਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੈਦਾ ਹੋਈ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਲਿਆ ਗਿਆ ਹੈ। ਪ੍ਰਸ਼ਾਸਨ ਨੂੰ ਡਰ ਹੈ ਕਿ ਕੁਝ ਸਮਾਜ ਵਿਰੋਧੀ ਤੱਤ ਸੋਸ਼ਲ ਮੀਡੀਆ ਰਾਹੀਂ ਭੜਕਾਊ ਸੰਦੇਸ਼, ਤਸਵੀਰਾਂ ਅਤੇ ਵੀਡੀਓ ਫੈਲਾਅ ਸਕਦੇ ਹਨ, ਜਿਸ ਨਾਲ ਸ਼ਾਂਤੀ ਭੰਗ ਹੋ ਸਕਦੀ ਹੈ ਅਤੇ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ।

ਗ੍ਰਹਿ ਵਿਭਾਗ ਦੇ ਸਕੱਤਰ ਐੱਨ. ਅਸ਼ੋਕ ਕੁਮਾਰ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਇਹ ਫ਼ੈਸਲਾ ਐਮਰਜੈਂਸੀ ਸਥਿਤੀ ਵਿੱਚ ਬਿਨਾਂ ਕਿਸੇ ਪੂਰਵ ਸੂਚਨਾ ਦੇ ਲਿਆ ਗਿਆ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਫਵਾਹ ਜਾਂ ਭੜਕਾਹਟ ਨੂੰ ਰੋਕਿਆ ਜਾ ਸਕੇ। ਹੁਕਮ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਹਦਾਇਤ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਦਰਅਸਲ, ਇੰਫਾਲ ਪੂਰਬੀ ਅਤੇ ਪੱਛਮੀ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਦੇਰ ਰਾਤ ਅਰੰਬਾਈ ਟੇਂਗੋਲ ਨੂੰ ਗ੍ਰਿਫ਼ਤਾਰ ਕੀਤੇ ਜਾਣ ‘ਤੇ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਹੋਏ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਸਥਿਤੀ ਨੂੰ ਕਾਬੂ ਵਿੱਚ ਲਿਆਉਣ ਅਤੇ ਅਫਵਾਹਾਂ ਨੂੰ ਰੋਕਣ ਲਈ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਜਨਤਾ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਗੁੰਮਰਾਹਕੁੰਨ ਜਾਣਕਾਰੀ ‘ਤੇ ਭਰੋਸਾ ਨਾ ਕਰਨ ਦੀ ਅਪੀਲ ਕੀਤੀ ਹੈ।

ਸਮਾਚਾਰ ਏਜੰਸੀ ਪੀਟੀਆਈ ਮੁਤਾਬਕ, ਸ਼ਨੀਵਾਰ ਰਾਤ ਨੂੰ ਮਣੀਪੁਰ ਦੀ ਰਾਜਧਾਨੀ ਇੰਫਾਲ ਦੇ ਕੁਝ ਇਲਾਕਿਆਂ ਵਿੱਚ ਉਸ ਸਮੇਂ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ, ਜਦੋਂ ਖ਼ਬਰ ਆਈ ਕਿ ਅਰੰਬਾਈ ਟੇਂਗੋਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਰਿਪੋਰਟਾਂ ਅਨੁਸਾਰ, ਕਵਾਕੈਥੇਲ ਅਤੇ ਉਰੀਪੋਕ ਖੇਤਰਾਂ ਵਿੱਚ ਲੋਕਾਂ ਨੇ ਸੜਕਾਂ ‘ਤੇ ਟਾਇਰ ਅਤੇ ਪੁਰਾਣਾ ਫਰਨੀਚਰ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਗ੍ਰਿਫ਼ਤਾਰ ਨੇਤਾ ਦੀ ਰਿਹਾਈ ਦੀ ਮੰਗ ਕੀਤੀ। ਸਥਿਤੀ ਨੂੰ ਕਾਬੂ ਕਰਨ ਲਈ ਪ੍ਰਸ਼ਾਸਨ ਵੱਲੋਂ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਹਾਲਾਂਕਿ, ਪ੍ਰਸ਼ਾਸਨ ਵੱਲੋਂ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਕੌਣ ਹੈ ਅਤੇ ਉਸ ‘ਤੇ ਕੀ ਦੋਸ਼ ਲਗਾਏ ਗਏ ਹਨ।

By Rajeev Sharma

Leave a Reply

Your email address will not be published. Required fields are marked *