ਉੱਤਰ ਪ੍ਰਦੇਸ਼: ਉੱਤਰ ਪ੍ਰਦੇਸ਼ ਦੇ ਬਹਿਰਾਈਚ ਜ਼ਿਲ੍ਹੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ ਜਿੱਥੇ ਵਿਸ਼ਵਰਗੰਜ ਥਾਣਾ ਖੇਤਰ ਦੇ ਅਧੀਨ ਆਉਂਦੇ ਮਝਵਾ ਬਨਕਟ ਪਿੰਡ ਵਿੱਚ ਭੀੜ ਨੇ ਬਲਾਤਕਾਰ ਦੇ ਦੋਸ਼ੀ ਇੱਕ ਨੌਜਵਾਨ ਦੇ ਕੱਪੜੇ ਉਤਾਰ ਦਿੱਤੇ, ਉਸਨੂੰ ਬੈਲਗੱਡੀ ਨਾਲ ਰੱਸੀ ਨਾਲ ਬੰਨ੍ਹ ਦਿੱਤਾ ਅਤੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਅਣਮਨੁੱਖੀ ਘਟਨਾ ਦਾ ਵੀਡੀਓ ਵੀਰਵਾਰ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ, ਜਿਸ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ।
ਵੀਡੀਓ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਨੌਜਵਾਨ ਨੂੰ ਬੈਲਗੱਡੀ ਨਾਲ ਬੰਨ੍ਹਿਆ ਹੋਇਆ ਹੈ ਅਤੇ ਪਿੰਡ ਦੇ ਕੁਝ ਲੋਕ ਉਸਨੂੰ ਡੰਡਿਆਂ ਨਾਲ ਕੁੱਟ ਰਹੇ ਹਨ। ਸ਼ੁੱਕਰਵਾਰ ਨੂੰ ਪੀੜਤ ਮੁਬਾਰਕ ਅਲੀ ਦੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ‘ਤੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਡਿਪਟੀ ਸੁਪਰਡੈਂਟ ਆਫ਼ ਪੁਲਿਸ ਰਮੇਸ਼ ਪਾਂਡੇ ਨੇ ਦੱਸਿਆ ਕਿ ਮਹਿਲਾ ਸ਼ਿਕਾਇਤਕਰਤਾ ਆਇਸ਼ਾ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ 3 ਅਪ੍ਰੈਲ ਨੂੰ ਉਸ ਦੇ ਜੀਜਾ ਮੁਬਾਰਕ ਅਲੀ ਨੂੰ ਪਿੰਡ ਦੇ ਕੁਝ ਲੋਕਾਂ ਨੇ ਕੁੱਟਿਆ ਅਤੇ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਪਰਿਵਾਰ ਉਸਨੂੰ ਇਲਾਜ ਲਈ ਲੈ ਗਿਆ ਅਤੇ ਬਾਅਦ ਵਿੱਚ ਦੋਸ਼ੀ ਖਿਲਾਫ ਕਾਰਵਾਈ ਦੀ ਮੰਗ ਕੀਤੀ।
ਐਸਐਚਓ ਗਿਆਨ ਸਿੰਘ ਨੇ ਦੱਸਿਆ ਕਿ ਮਾਮਲਾ ਦੋ ਭਾਈਚਾਰਿਆਂ ਨਾਲ ਸਬੰਧਤ ਹੈ, ਪਰ ਇਸ ਵੇਲੇ ਫਿਰਕੂ ਤਣਾਅ ਦੀ ਕੋਈ ਸਥਿਤੀ ਨਹੀਂ ਹੈ। ਸਾਵਧਾਨੀ ਦੇ ਤੌਰ ‘ਤੇ ਪਿੰਡ ਵਿੱਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।
ਵਧੀਕ ਪੁਲਿਸ ਸੁਪਰਡੈਂਟ (ਸ਼ਹਿਰ) ਰਾਮਾਨੰਦ ਪ੍ਰਸਾਦ ਕੁਸ਼ਵਾਹਾ ਨੇ ਕਿਹਾ ਕਿ ਇੱਕ ਔਰਤ ਨੇ ਇਸ ਮਹੀਨੇ ਮੁਬਾਰਕ ਅਲੀ ਖ਼ਿਲਾਫ਼ ਬਲਾਤਕਾਰ ਦਾ ਕੇਸ ਦਰਜ ਕਰਵਾਇਆ ਸੀ, ਜਿਸ ਤੋਂ ਬਾਅਦ ਉਹ ਫਰਾਰ ਸੀ ਅਤੇ ਪੁਲਿਸ ਉਸਦੀ ਭਾਲ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਵਾਇਰਲ ਵੀਡੀਓ ਰਾਹੀਂ ਨੌਜਵਾਨ ‘ਤੇ ਹੋਏ ਹਮਲੇ ਬਾਰੇ ਪਹਿਲਾਂ ਜਾਣਕਾਰੀ ਨਹੀਂ ਸੀ। ਹੁਣ ਇਸ ਮਾਮਲੇ ਵਿੱਚ ਵੀ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਵਾਂ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਇਸ ਵੇਲੇ ਪੀੜਤ ਅਤੇ ਦੋਸ਼ੀ ਦੋਵਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਵਾਇਰਲ ਵੀਡੀਓ ਦੀ ਪ੍ਰਮਾਣਿਕਤਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
