ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਖੁਦਕੁਸ਼ੀ ਦਾ ਮਾਮਲਾ ਅਜੇ ਵੀ ਅਣਸੁਲਝਿਆ ਹੈ। ਪਰਿਵਾਰ ਦੀ ਸਹਿਮਤੀ ਨਾ ਹੋਣ ਕਾਰਨ ਅਜੇ ਤਕ ਲਾਸ਼ ਦਾ ਪੋਸਟਮਾਰਟਮ ਨਹੀਂ ਹੋ ਸਕਿਆ। ਪਰਿਵਾਰਿਕ ਮੈਂਬਰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਸ਼ਤਰੂਘਨ ਕਪੂਰ ਨੂੰ ਹਟਾਉਣ ‘ਤੇ ਅੜੇ ਹੋਏ ਹਨ। ਸਰਕਾਰ ਵੱਲੋਂ ਰੋਹਤਕ ਦੇ ਪੁਲਿਸ ਸੁਪਰਡੈਂਟ ਨਰਿੰਦਰ ਬਿਜਾਰਨੀਆ ਨੂੰ ਹਟਾ ਕੇ ਪਰਿਵਾਰ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਚੁੱਕੀ ਹੈ।
ਇਸ ਵਿਚਾਲੇ ਹੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅੱਜ ਵਾਈ ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਹਰਿਆਣਾ ਦੇ ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਵਲੋਂ ਚੰਡੀਗੜ੍ਹ ਵਿੱਚ ਬੀਤੇ ਦਿਨੀਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿਚ ਸੂ-ਮੋਟੋ ਨੋਟਿਸ ਲੈਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਚੰਡੀਗੜ੍ਹ ਤੋਂ ਰਿਪੋਰਟ ਵੀ ਤਲਬ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਅਖ਼ਬਾਰ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ, ਜਿਸ ‘ਤੇ ਕਾਰਵਾਈ ਕਰਦਿਆਂ ਉਨ੍ਹਾਂ ਡਾਇਰੈਕਟਰ ਜਨਰਲ ਆਫ਼ ਪੁਲਿਸ ਚੰਡੀਗੜ੍ਹ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਮਾਮਲੇ ਸਬੰਧੀ ਰਿਪੋਰਟ ਅਤੇ ਮ੍ਰਿਤਕ ਅਧਿਕਾਰੀ ਦੇ ਸੁਸਾਇਡ ਨੋਟ ਅਤੇ ਉਨ੍ਹਾਂ ਦੀ ਪਤਨੀ ਅਮਨੀਤ ਕੌਰ ਵਲੋਂ ਦਿੱਤੀ ਗਈ ਸ਼ਿਕਾਇਤ ਉਤੇ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਏਡੀਜੀਪੀ ਪੱਧਰ ਦੇ ਅਧਿਕਾਰੀ ਰਾਹੀਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਖੇ 13 ਅਕਤੂਬਰ 2025 ਨੂੰ ਪੇਸ਼ ਕਰਨ।
