ਨੈਸ਼ਨਲ ਟਾਈਮਜ਼ ਬਿਊਰੋ :- ਕੇਂਦਰ ਨਾਲ ਕਿਸਾਨਾਂ ਦੀ 7ਵੇਂ ਗੇੜ ਦੀ ਮੀਟਿੰਗ ਬੇਸਿੱਟਾ ਰਹੀ। ਇਸ ਮੀਟਿੰਗ ਤੋਂ ਬਾਅਦ ਪੰਜਾਬ ਪੁਲਿਸ ਨੇ ਕਾਰਵਾਈ ਕੀਤੀ ਅਤੇ ਬਾਰਡਰ ਤੋਂ ਕਿਸਾਨਾਂ ਦੇ ਤੰਬੂ ਉਖਾੜ ਦਿੱਤੇ। ਇਸ ਦੌਰਾਨ ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ। ਪੁਲਿਸ ਨੇ ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੂੰ ਵੀ ਹਿਰਾਸਤ ਵਿੱਚ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਦੇਰ ਰਾਤ 2 ਵਜੇ ਡੱਲੇਵਾਲ ਨੂੰ ਜਲੰਧਰ ਦੇ PIMS ਹਸਪਤਾਲ ਲੈ ਆਈ।
ਭਾਵੇਂ ਪੁਲਿਸ ਨੇ ਪਿਮਸ ਹਸਪਤਾਲ ਵਿੱਚ ਡੱਲੇਵਾਲ ਨੂੰ ਲੈ ਕੇ ਆਉਣ ਦੀ ਪੁਸ਼ਟੀ ਨਹੀਂ ਕੀਤੀ, ਪਰ ਹਸਪਤਾਲ ਵਿੱਚ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ। ਜਿਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਕੁਝ ਗੱਡੀਆਂ ਦੇਰ ਰਾਤ ਹਸਪਤਾਲ ਗਈਆਂ ਹਨ। ਇਸ ਦੌਰਾਨ, ਪੁਲਿਸ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੂੰ ਹਸਪਤਾਲ ਵਿੱਚ ਦਾਖਲ ਨਹੀਂ ਹੋਣ ਦੇ ਰਹੀ ਹੈ। ਜਿਸ ਕਾਰਨ ਉਨ੍ਹਾਂ ਨੂੰ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਸਵੇਰੇ ਵੀ ਇਹ ਦੇਖਿਆ ਜਾ ਸਕਦਾ ਹੈ ਕਿ ਹਸਪਤਾਲ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਹੈ। ਡੱਲੇਵਾਲ ਨੂੰ ਪਿਮਸ ਹਸਪਤਾਲ ਵਿੱਚ ਦਾਖਲ ਕਰਵਾਉਣ ਬਾਰੇ ਪੁਲਿਸ ਅਧਿਕਾਰੀਆਂ ਨੇ ਚੁੱਪੀ ਧਾਰੀ ਹੋਈ ਹੈ, ਜਿਸ ਕਾਰਨ ਕੋਈ ਵੀ ਅਧਿਕਾਰੀ ਡੱਲੇਵਾਲ ਨੂੰ ਪਿਮਸ ਹਸਪਤਾਲ ਵਿੱਚ ਦਾਖਲ ਕਰਵਾਉਣ ਬਾਰੇ ਕੋਈ ਬਿਆਨ ਨਹੀਂ ਦੇ ਰਿਹਾ ਹੈ।
