ਜਗਜੀਤ ਸਿੰਘ ਡੱਲੇਵਾਲ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਵਾਬ, ਕਿਹਾ- ‘ਲੋਕਾਂ ਦੀ ਅਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ’

ਜਗਜੀਤ ਸਿੰਘ ਡੱਲੇਵਾਲ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਵਾਬ, ਕਿਹਾ- 'ਲੋਕਾਂ ਦੀ ਅਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ'

ਚੰਡੀਗੜ੍ਹ (ਨੈਸ਼ਨਲ ਟਾਈਮਜ਼): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੜਕਾਂ ਰੋਕਣ ਵਾਲੇ ਪ੍ਰਦਰਸ਼ਨਾਂ ਅਤੇ ਹੜਤਾਲਾਂ ਨੂੰ ਜਨਤਾ ਵਿਰੁੱਧ ਕਰਾਰ ਦਿੰਦਿਆਂ ਸਖ਼ਤ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਦੇਣ ਦੇ ਬਿਆਨ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਤਿੱਖਾ ਪਲਟਵਾਰ ਕੀਤਾ ਹੈ। ਡੱਲੇਵਾਲ ਨੇ ਸਰਕਾਰ ‘ਤੇ ਲੋਕਤੰਤਰੀ ਅਵਾਜ਼ ਨੂੰ ਪੁਲਿਸੀ ਜ਼ਬਰ ਨਾਲ ਦਬਾਉਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਸਰਕਾਰ ਕਿਸਾਨ ਸੰਘਰਸ਼ ਦੇ ਜਜ਼ਬੇ ਨੂੰ ਲੋਕਾਂ ਦੇ ਮਨਾਂ ‘ਚੋਂ ਨਹੀਂ ਕੱਢ ਸਕਦੀ।

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਪ੍ਰਮੁੱਖ ਆਗੂ ਜਗਜੀਤ ਸਿੰਘ ਡੱਲੇਵਾਲ, ਜਿਨ੍ਹਾਂ ਨੂੰ ਸੋਮਵਾਰ ਤੜਕੇ ਪੁਲਿਸ ਨੇ ਸ਼ੰਭੂ ਪੁਲਿਸ ਸਟੇਸ਼ਨ ਅੱਗੇ ਪ੍ਰਸਤਾਵਿਤ ਧਰਨੇ ਤੋਂ ਪਹਿਲਾਂ ਨਜ਼ਰਬੰਦ ਕਰ ਲਿਆ ਸੀ, ਨੇ ਆਪਣੇ ਬਿਆਨ ਵਿੱਚ ਕਿਹਾ, “ਲੋਕਾਂ ਦੀ ਅਵਾਜ਼ ਨੂੰ ਪੁਲਿਸੀ ਜ਼ਬਰ ਨਾਲ ਦਬਾਇਆ ਜਾ ਸਕਦਾ ਹੈ, ਪਰ ਲੋਕਾਂ ਦੇ ਮਨਾਂ ਵਿੱਚੋਂ ਸੰਘਰਸ਼ ਦੇ ਜਜ਼ਬੇ ਨੂੰ ਕੱਢਿਆ ਨਹੀਂ ਜਾ ਸਕਦਾ। ਕਿਸਾਨ ਸੰਘਰਸ਼ ਮੁੜ ਉਠੇਗਾ ਅਤੇ ਸਰਕਾਰ ਨੂੰ ਆਪਣੀਆਂ ਵਧੀਕੀਆਂ ਦਾ ਖਾਮਿਆਜ਼ਾ ਭੁਗਤਣਾ ਪਵੇਗਾ।”

ਡੱਲੇਵਾਲ ਨੇ ਮੁੱਖ ਮੰਤਰੀ ਮਾਨ ਦੇ ਉਸ ਬਿਆਨ ‘ਤੇ ਸਖ਼ਤ ਇਤਰਾਜ਼ ਜਤਾਇਆ, ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਸੜਕਾਂ ਜਾਂ ਰੇਲਗੱਡੀਆਂ ਰੋਕਣ ਵਾਲੇ ਕਿਸੇ ਵੀ ਪ੍ਰਦਰਸ਼ਨ ਨੂੰ ਜਨਤਾ ਵਿਰੁੱਧ ਮੰਨਿਆ ਜਾਵੇਗਾ ਅਤੇ ਅਜਿਹੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡੱਲੇਵਾਲ ਨੇ ਇਸ ਨੂੰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਦਬਾਉਣ ਦੀ ਸਰਕਾਰੀ ਸਾਜ਼ਿਸ਼ ਕਰਾਰ ਦਿੱਤਾ ਅਤੇ ਕਿਹਾ ਕਿ ਅਜਿਹੇ ਦਮਨਕਾਰੀ ਕਦਮ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਕਰਨਗੇ।

ਉਨ੍ਹਾਂ ਨੇ ਅੱਗੇ ਕਿਹਾ, “ਸਰਕਾਰ ਸੋਚਦੀ ਹੈ ਕਿ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਜਾਂ ਪੁਲਿਸੀ ਜ਼ਬਰ ਵਰਤ ਕੇ ਕਿਸਾਨਾਂ ਦੀ ਅਵਾਜ਼ ਨੂੰ ਖ਼ਤਮ ਕਰ ਦੇਵੇਗੀ, ਪਰ ਇਹ ਸੰਘਰਸ਼ ਹੁਣ ਸਿਰਫ਼ ਕੁਝ ਆਗੂਆਂ ਤੱਕ ਸੀਮਤ ਨਹੀਂ। ਇਹ ਪੰਜਾਬ ਦੇ ਹਰ ਕਿਸਾਨ, ਮਜ਼ਦੂਰ ਅਤੇ ਆਮ ਲੋਕਾਂ ਦੇ ਦਿਲਾਂ ਵਿੱਚ ਹੈ। ਅਸੀਂ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਅਤੇ ਹੋਰ ਜਾਇਜ਼ ਮੰਗਾਂ ਲਈ ਆਪਣੀ ਲੜਾਈ ਜਾਰੀ ਰੱਖਾਂਗੇ।”

By Gurpreet Singh

Leave a Reply

Your email address will not be published. Required fields are marked *