ਜੰਡਿਆਲਾ ਗੁਰੂ: ਮੋਟਰ ਵਾਲੇ ਕਮਰੇ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਦੋ ਦਿਨਾਂ ਤੋਂ ਸੀ ਲਾਪਤਾ

ਗੁਰਪ੍ਰੀਤ ਸਿੰਘ :- ਅੰਮ੍ਰਿਤਸਰ ਦੇ ਦੇ ਜੰਡਿਆਲਾ ਗੁਰੂ ਇਲਾਕੇ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਜੀਟੀ ਰੋਡ ਨੇੜੇ ਪਿੰਡ ਮੱਲੀਆਂ ਵਿਖੇ ਦਾਣਾ ਪਾਣੀ ਢਾਬੇ ਦੇ ਸਾਹਮਣੇ ਖੇਤਾਂ ‘ਚ ਬਣੇ ਮੋਟਰ ਦੇ ਕਮਰੇ ‘ਚੋਂ ਇੱਕ 28 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਕਸ਼ਮੀਰ ਸਿੰਘ, ਵਾਸੀ ਪਿੰਡ ਥੋਥੀਆ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਜੰਡਿਆਲਾ ਗੁਰੂ ਪੁਲਿਸ ਮੌਕੇ ‘ਤੇ ਪਹੁੰਚੀ ਤੇ ਲਾਸ਼ ਨੂੰ ਆਪਣੇ ਕਬਜ਼ੇ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਅੰਮ੍ਰਿਤਸਰ ਭੇਜ ਦਿੱਤਾ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ 13 ਜੁਲਾਈ ਦੀ ਸ਼ਾਮ ਆਪਣੇ ਮੋਟਰਸਾਈਕਲ ‘ਤੇ ਘਰੋਂ ਕਿਸੇ ਨਿੱਜੀ ਕੰਮ ਲਈ ਜੰਡਿਆਲਾ ਗੁਰੂ ਗਿਆ ਸੀ, ਪਰ ਉਸ ਤੋਂ ਬਾਅਦ ਘਰ ਵਾਪਸ ਨਹੀਂ ਆਇਆ। ਪਰਿਵਾਰ ਵੱਲੋਂ ਦੋ ਦਿਨ ਤੱਕ ਉਸ ਦੀ ਹਰ ਸੰਭਵ ਥਾਂ ‘ਤੇ ਭਾਲ ਕੀਤੀ ਗਈ, ਪਰ ਕੋਈ ਸੁਰਾਗ ਨਹੀਂ ਮਿਲਿਆ। ਬੁੱਧਵਾਰ ਸਵੇਰੇ ਉਸ ਦੀ ਲਾਸ਼ ਖੇਤਾਂ ‘ਚ ਬਣੇ ਮੋਟਰ ਦੇ ਕਮਰੇ ਵਿੱਚੋਂ ਮਿਲਣ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।

ਮ੍ਰਿਤਕ ਦੀ ਤੀਜ਼ੀ ਧੀ ਦਾ ਪੰਜ ਦਿਨ ਪਹਿਲਾਂ ਹੀ ਹੋਇਆ ਸੀ ਜਨਮ

ਮ੍ਰਿਤਕ ਦੀ ਮਾਤਾ ਸੁਖਵਿੰਦਰ ਕੌਰ, ਜੋ ਪਿੰਡ ਥੋਥੀਆ ਦੀ ਮੌਜੂਦਾ ਪੰਚਾਇਤ ਮੈਂਬਰ ਹਨ ਨੇ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਪੇਂਟ ਦਾ ਕੰਮ ਕਰਦਾ ਸੀ ਤੇ ਕੁਝ ਸਮੇਂ ਤੋਂ ਮਾਨਸਿਕ ਤਣਾਅ ‘ਚ ਰਹਿੰਦਾ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਉਹ ਨਸ਼ੇ ਦਾ ਆਦੀ ਸੀ। ਗੁਰਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ ਤੇ ਤਿੰਨ ਧੀਆਂ ਛੱਡ ਗਿਆ ਹੈ, ਜਿਨ੍ਹਾਂ ‘ਚੋਂ ਸਭ ਤੋਂ ਛੋਟੀ ਧੀ ਦਾ ਜਨਮ ਸਿਰਫ਼ ਪੰਜ ਦਿਨ ਪਹਿਲਾਂ ਹੀ ਹੋਇਆ ਸੀ।

ਘਟਨਾ ਸਥਾਨ ‘ਤੇ ਮੌਜੂਦ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਸਿਰ ‘ਤੇ ਗੰਭੀਰ ਸੱਟਾਂ ਦੇ ਨਿਸ਼ਾਨ ਸਨ ਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਹੈ। ਹਾਲਾਂਕਿ ਪੁਲਿਸ ਨੇ ਇਸ ਮਾਮਲੇ ‘ਚ ਅਜੇ ਕਿਸੇ ਵੀ ਸੰਭਾਵਨਾ ਦੀ ਪੁਸ਼ਟੀ ਨਹੀਂ ਕੀਤੀ ਤੇ ਪੋਸਟਮਾਰਟਮ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।

ਪੁਲਿਸ ਕਰ ਰਹੀ ਜਾਂਚ

ਜਾਂਚ ਅਧਿਕਾਰੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ। ਪੁਲਿਸ ਵੱਲੋਂ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਨੇ ਧਾਰਾ 174 ਸੀ.ਆਰ.ਪੀ.ਸੀ. ਅਧੀਨ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜੇਕਰ ਪੋਸਟਮਾਰਟਮ ਜਾਂ ਜਾਂਚ ਦੌਰਾਨ ਕਿਸੇ ਅਪਰਾਧਿਕ ਸਾਜ਼ਿਸ਼ ਜਾਂ ਕਤਲ ਦੇ ਸਬੂਤ ਮਿਲਦੇ ਹਨ ਤਾਂ ਉਸੇ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਇਹ ਮਾਮਲਾ ਪੂਰੇ ਇਲਾਕੇ ‘ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਤੇ ਪੁਲਿਸ ਹਰ ਪਹਿਲੂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਅੱਗੇ ਵਧਾ ਰਹੀ ਹੈ।

By Gurpreet Singh

Leave a Reply

Your email address will not be published. Required fields are marked *