ਸਿੱਖਾਂ ਦੇ ਮਸਲਿਆਂ ‘ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ

ਫਤਿਹਗੜ੍ਹ ਸਾਹਿਬ- ਸਿੱਖਾਂ ਦੇ ਮਸਲਿਆਂ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੱਡਾ ਬਿਆਨ ਦਿੱਤਾ ਹੈ। ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖਾਂ ਦੇ ਮਸਲਿਆਂ ਨੂੰ ਅਦਾਲਤਾਂ ਵਿੱਚ ਲਿਜਾਣ ਦੀ ਬਜਾਏ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਲਿਆਉਣੇ ਚਾਹੀਦੇ ਹਨ, ਕਿਉਂਕਿ ਗੁਰਮਤਿ ਦੇ ਸਿਧਾਂਤ ‘ਤੇ ਚਲਦਿਆਂ ਹੋਇਆਂ ਹਰ ਮਸਲੇ ਦਾ ਹੱਲ ਸੰਵਾਦ ਰਾਹੀਂ ਕੱਢਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਤਾਂ ਹੀ ਛੇਵੇਂ ਪਾਤਸ਼ਾਹ ਮੀਰੀ-ਪੀਰੀ ਦੇ ਮਾਲਕ ਸ੍ਰੀ ਹਰਗੋਬਿੰਦ ਸਿੰਘ ਸਾਹਿਬ ਜੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਨਾ ਕੀਤੀ ਗਈ ਸੀ ਤਾਂ ਜੋ ਇਥੇ ਬੈਠ ਕੇ ਸਿੱਖਾਂ ਦੇ ਮਸਲਿਆਂ ਦੇ ਹੱਲ ਕੱਢੇ ਜਾ ਸਕਣ । 

ਜਥੇਦਾਰ ਕੁਲਦੀਪ ਸਿੰਘ ਗੜਗੱਜ ਖਮਾਣੋਂ ਦੇ ਇਤਿਹਾਸਕ ਅਸਥਾਨ ਪਾਤਸ਼ਾਹੀ ਛੇਵੀਂ ਅਤੇ ਦਸਵੀਂ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾ ਸਾਹਿਬ ਵਿਖੇ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਸਨ। ਉਨ੍ਹਾਂ ਮਾਨਵਤਾ ਨੂੰ ਸੁਨੇਹਾ ਦਿੰਦੇ ਕਿਹਾ ਕਿ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦਿੱਤੀਆਂ ਗਈਆਂ ਸਿੱਖਿਆਵਾਂ ‘ਤੇ ਪਹਿਰਾ ਦਿੱਤਾ ਜਾਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦੇ ਮਾਲਕ ਸ੍ਰੀ ਹਰਗੋਬਿੰਦ ਸਾਹਿਬ ਵੱਲੋਂ ਹਰ ਸਿੱਖ ਨੂੰ ਆਪਣੇ ਕੋਲ ਰਵਾਇਤੀ ਹਥਿਆਰ (ਸ੍ਰੀ ਸਾਹਿਬ) ਰੱਖਣ ਦਾ ਹੁਕਮ ਦਿੱਤਾ ਸੀ, ਜਿਸ ‘ਤੇ ਅੱਜ ਦੇ ਮਾਹੌਲ ਨੂੰ ਵੇਖਦੇ ਹੋਏ ਸਮੁੱਚੀ ਸੰਗਤ ਨੂੰ ਅਮਲ ਕਰਨ ਦੀ ਲੋੜ ਹੈ ਅਤੇ ਹਰ ਸਿੱਖ ਨੂੰ ਆਪਣੇ ਕੋਲ ਸ੍ਰੀ ਸਾਹਿਬ ਵਰਗੇ ਹਥਿਆਰ ਰੱਖਣ ਦੀ ਲੋੜ ਹੈ ਤਾਂ ਜੋ ਲੋੜ ਪੈਣ ‘ਤੇ ਮਜਲੂਮਾਂ ਦੀ ਰੱਖਿਆ ਕੀਤੀ ਜਾ ਸਕੇ ਅਤੇ ਨਾਲ ਹੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਿਆ ਜਾਵੇ। ਇਸ ਮੌਕੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਬੋਲਦੇ ਕਿਹਾ ਕਿ ਅੱਜ ਲੋੜ ਹੈ ਆਪਣੀ ਨੌਜਵਾਨੀ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਗਏ ਮਾਰਗ ‘ਤੇ ਚੱਲ ਕੇ ਸਮਾਜਿਕ ਕੁਰੀਤੀਆਂ ਤੋਂ ਦੂਰ ਕਰਕੇ ਵਿੱਚ ਯੋਗਦਾਨ ਪਾਇਆ ਜਾਵੇ। 

By Gurpreet Singh

Leave a Reply

Your email address will not be published. Required fields are marked *