ਨੈਸ਼ਨਲ ਟਾਈਮਜ਼ ਬਿਊਰੋ :- ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ਼੍ਰੀ ਆਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਮੁਕਤ ਕਰਨ ਤੋਂ ਬਾਅਦ ਇਹ ਸੇਵਾ ਸੌਂਪੀ ਗਈ ਹੈ। ਗਿਆਨੀ ਰਘਬੀਰ ਸਿੰਘ ਦੀ ਥਾਂ ਸੇਵਾ ਨਿਭਾਉਣ ਵਾਲੇ ਕੁਲਦੀਪ ਸਿੰਘ ਗੜਗੱਜ ਕੌਣ ਹਨ, ਜ਼ਿਕਰਯੋਗ ਹੈ ਕਿ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਉਨ੍ਹਾਂ ਦੀ ਸਿੱਖੀ ਵਿੱਚ ਪਰਿਪੱਕਤਾ, ਡੂੰਘੇ ਗਿਆਨ ਅਤੇ ਪਿਛੋਕੜ ਨੂੰ ਮੱਦੇਨਜ਼ਰ ਰੱਖ ਕੇ ਲਾਇਆ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਜੱਬੋਵਾਲ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਰਹਿਣ ਵਾਲੇ ਹਨ। ਉਨ੍ਹਾਂ ਦੀ ਉਮਰ 40 ਸਾਲ ਹੈ। ਵਿਦਿਆ ਪੱਖੋਂ ਉਹ ਐਮ. ਏ. ਇਤਿਹਾਸ ਦੀ ਡਿਗਰੀ ਧਾਰਕ ਹਨ ਅਤੇ ਸਿੱਖ ਮਿਸ਼ਨਰੀ ਕਾਲਜ ਤੋਂ ਧਾਰਮਿਕ ਵਿੱਦਿਆ ਪ੍ਰਾਪਤ ਕੀਤੀ ਹੈ।
ਜਾਣਕਾਰੀ ਅਨੁਸਾਰ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਪਿਛਲੇ 3 ਸਾਲ ਤੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਕਥਾ ਕਰਦੇ ਆ ਰਹੇ ਹਨ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕਾਰਜਕਾਰੀ ਜਥੇਦਾਰ ਤੋਂ ਇਲਾਵਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਸੇਵਾ ਵੀ ਲਾਈ ਗਈ ਹੈ । ਇਸ ਤੋਂ ਪਹਿਲਾਂ ਉਨ੍ਹਾਂ ਦੀ ਜਗ੍ਹਾ ਗਿਆਨੀ ਸੁਲਤਾਨ ਸਿੰਘ ਪਾਸੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਸਨ ਪਰ ਅੱਜ ਉਨ੍ਹਾਂ ਦੀਆਂ ਸੇਵਾਵਾਂ ਵੀ ਵਾਪਸ ਲੈ ਲਈਆਂ ਗਈਆਂ ਹਨ, ਜੋ ਕਿ ਹੁਣ ਗਿਆਨੀ ਕੁਲਦੀਪ ਸਿੰਘ ਨਿਭਾਉਣਗੇ।