ਕੋਮਲ ਮਿੱਤਲ ਨੇ ਐਸਏਐਸ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਕੋਮਲ ਮਿੱਤਲ ਨੇ ਐਸਏਐਸ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਐਸਏਐਸ ਨਗਰ, 25 ਫਰਵਰੀ (ਗੁਰਪ੍ਰੀਤ ਸਿੰਘ): 2014 ਬੈਚ ਦੀ ਆਈਏਐਸ ਅਧਿਕਾਰੀ ਸ਼੍ਰੀਮਤੀ ਕੋਮਲ ਮਿੱਤਲ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਐਸਏਐਸ ਨਗਰ) ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ 2015 ਬੈਚ ਦੇ ਆਈਏਐਸ ਅਧਿਕਾਰੀ ਸ਼੍ਰੀਮਤੀ ਆਸ਼ਿਕਾ ਜੈਨ ਦੀ ਥਾਂ ਲਈ ਹੈ, ਜਿਨ੍ਹਾਂ ਨੂੰ ਹੁਸ਼ਿਆਰਪੁਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਸ਼੍ਰੀਮਤੀ ਕੋਮਲ ਮਿੱਤਲ, ਜੋ ਕਿ ਐਸਏਐਸ ਨਗਰ ਵਿੱਚ ਅਹੁਦਾ ਸੰਭਾਲਣ ਤੋਂ ਪਹਿਲਾਂ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਸਨ, ਪਹਿਲਾਂ ਸਾਹਿਬਜ਼ਾਦਾ ਵਿਖੇ ਏਡੀਸੀ (ਜੀ) ਅਤੇ ਏਡੀਸੀ (ਯੂਡੀ), ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਪੰਜਾਬ ਦੇ ਵਧੀਕ ਸਕੱਤਰ, ਨਗਰ ਨਿਗਮ ਅੰਮ੍ਰਿਤਸਰ ਦੇ ਵਧੀਕ ਕਮਿਸ਼ਨਰ ਅਤੇ ਐਸਡੀਐਮ ਮੁਕੇਰੀਆਂ ਵਜੋਂ ਸੇਵਾ ਨਿਭਾ ਚੁੱਕੇ ਹਨ।

ਆਪਣੀਆਂ ਤਰਜੀਹਾਂ ਗਿਣਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਨੂੰ ਜ਼ਿਲ੍ਹੇ ਵਿੱਚ ਲਾਗੂ ਕਰਨਾ ਉਨ੍ਹਾਂ ਦੀ ਤਰਜੀਹ ਹੋਵੇਗੀ ਅਤੇ ਇਸ ਦੇ ਨਾਲ ਹੀ ਨਸ਼ਿਆਂ ਵਿਰੁੱਧ ਮੁਹਿੰਮ ਵੀ ਚਲਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸ਼ਾਸਨ ਵਿੱਚ ਪਾਰਦਰਸ਼ਤਾ, ਭ੍ਰਿਸ਼ਟਾਚਾਰ ਵਿਰੁੱਧ ਲੜਾਈ ਜਾਰੀ ਰੱਖਣਾ ਅਤੇ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਸਮੇਂ ਸਿਰ ਸਪੁਰਦਗੀ ਨੂੰ ਵੀ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਘੱਟ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ. ਨਗਰ, ਖਾਸ ਕਰਕੇ ਮੋਹਾਲੀ ਵਿੱਚ ਵੱਧ ਰਹੇ ਸ਼ਹਿਰੀਕਰਨ ਨੂੰ ਧਿਆਨ ਵਿੱਚ ਰੱਖਦੇ ਹੋਏ, ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਗੈਰ-ਕਾਨੂੰਨੀ ਉਸਾਰੀਆਂ ਅਤੇ ਕਬਜ਼ਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਵਸਨੀਕਾਂ ਦੇ ਹਿੱਤਾਂ ਦੀ ਗੈਰ-ਕਾਨੂੰਨੀ ਪ੍ਰਵਾਸ ਵਿਰੁੱਧ ਰਾਖੀ ਲਈ ਜਲਦੀ ਹੀ ਟਰੈਵਲ ਏਜੰਟਾਂ ਨਾਲ ਇੱਕ ਮੀਟਿੰਗ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਰਜਿਸਟਰਡ ਟਰੈਵਲ ਏਜੰਟਾਂ ਬਾਰੇ ਜਾਗਰੂਕ ਕੀਤਾ ਜਾਵੇਗਾ।

ਚਾਰਜ ਸੰਭਾਲਣ ਤੋਂ ਪਹਿਲਾਂ, ਉਨ੍ਹਾਂ ਨੂੰ ਜ਼ਿਲ੍ਹਾ ਪੁਲਿਸ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।

ਉਨ੍ਹਾਂ ਦਾ ਸਵਾਗਤ ਏਡੀਸੀ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਏਡੀਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਐਸਡੀਐਮ ਮੋਹਾਲੀ ਦਮਨਦੀਪ ਕੌਰ, ਐਸਡੀਐਮ ਖਰੜ ਗੁਰਮਿੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਵਧੀਕ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਗੁਰਮੀਤ ਸਿੰਘ ਅਤੇ ਡੀਡੀਪੀਓ ਬਲਜਿੰਦਰ ਸਿੰਘ ਗਰੇਵਾਲ ਅਤੇ ਡੀਸੀ ਦਫ਼ਤਰ ਦੇ ਸਟਾਫ਼ ਨੇ ਕੀਤਾ।

By Gurpreet Singh

Leave a Reply

Your email address will not be published. Required fields are marked *