ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ ਨਾਭਾ ਜੇਲ੍ਹ ‘ਚੋਂ ਰਿਹਾਅ, ਮਾਨਸਾ ਮੋਰਚੇ ‘ਚ ਹੋਣਗੇ ਸ਼ਾਮਲ

ਗੁਰਪ੍ਰੀਤ ਸਿੰਘ :- ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਵਿਚਾਲੇ ਵੱਡੀ ਖ਼ਬਰ ਸਾਹਮਣੇ ਆਈ ਹੈ। ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਹੈ। ਦੋਵਾਂ ਦੀ ਰਿਹਾਈ ਤੋਂ ਬਾਅਦ ਜੇਲ੍ਹ ਦੇ ਬਾਹਰ ਵੱਡੀ ਗਿਣਤੀ ਵਿੱਚ ਸਮਰਥਕ ਇਕੱਠੇ ਹੋਏ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਆਗੂ ਕਰੀਬ 12 ਦਿਨਾਂ ਤੋਂ ਹਿਰਾਸਤ ਵਿੱਚ ਸਨ।

ਦਰਅਸਲ ਮਾਨਸਾ ਵਿੱਚ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਪੁਲਿਸ ਨੇ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਇਰਾਦਾ ਕਤਲ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਪਹਿਲਾਂ ਦੋਵਾਂ ਨੂੰ ਪੁਲਿਸ ਰਿਮਾਂਡ ‘ਤੇ ਰੱਖਿਆ ਗਿਆ ਅਤੇ ਬਾਅਦ ਵਿੱਚ ਨਿਆਂਇਕ ਹਿਰਾਸਤ ਵਿੱਚ ਨਾਭਾ ਜੇਲ੍ਹ ਭੇਜ ਦਿੱਤਾ ਗਿਆ ਸੀ।

ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਦੀ ਸੰਘਰਸ਼ ਕਮੇਟੀ ਵਿਚਾਲੇ ਲੰਬੀ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿੱਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਸਰਕਾਰ ਵੱਲੋਂ ਝੋਟਾ ਦੇ ਪਰਿਵਾਰ ਨੂੰ 2 ਕਰੋੜ ਰੁਪਏ ਮੁਆਵਜ਼ਾ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਖਿਆਲਾ ਕਲਾਂ ਵਿੱਚ ਝੋਟਾ ਦੇ ਨਾਮ ’ਤੇ ਟਰੌਮਾ ਸੈਂਟਰ ਬਣਾਉਣ ਦਾ ਭਰੋਸਾ ਦਿੱਤਾ ਗਿਆ। ਇਸ ਦੇ ਨਾਲ ਹੀ ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਦਾ ਮੁੱਦਾ ਵੀ ਵਿਚਾਰਿਆ ਗਿਆ।

ਉੱਧਰ, ਜੇਲ੍ਹ ਤੋਂ ਬਾਹਰ ਆਉਂਦਿਆਂ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੇ ਕਿਹਾ ਕਿ ਹਿਰਾਸਤ ਵਿੱਚ ਹੋਣ ਕਾਰਨ ਉਨ੍ਹਾਂ ਨੂੰ ਮੋਰਚੇ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵਿਚਾਲੇ ਹੋਈ ਗੱਲਬਾਤ ਬਾਰੇ ਪੂਰੀ ਜਾਣਕਾਰੀ ਨਹੀਂ ਹੈ। ਉਨ੍ਹਾਂ ਐਲਾਨ ਕੀਤਾ ਕਿ ਉਹ ਜੇਲ੍ਹ ਤੋਂ ਸਿੱਧਾ ਮਾਨਸਾ ਵਿਖੇ ਚੱਲ ਰਹੇ ਇਨਸਾਫ਼ ਮੋਰਚੇ ਦੀ ਸਟੇਜ ’ਤੇ ਪਹੁੰਚਣਗੇ। ਦੱਸ ਦੇਈਏ ਕਿ ਸੰਘਰਸ਼ ਕਮੇਟੀ ਨੇ ਪਹਿਲਾਂ ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਤੱਕ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਨਾ ਕਰਨ ਦਾ ਫ਼ੈਸਲਾ ਕੀਤਾ ਸੀ। ਹੁਣ ਦੋਵਾਂ ਆਗੂਆਂ ਦੀ ਰਿਹਾਈ ਤੋਂ ਬਾਅਦ ਮੋਰਚੇ ਦੇ ਅਗਲੇ ਕਦਮਾਂ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ।

By Gurpreet Singh

Leave a Reply

Your email address will not be published. Required fields are marked *