ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਸਬੰਧੀ ਹਿਮਾਚਲ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਲਾਇਰਜ਼ ਫਾਰ ਹਿਊਮਨ ਰਾਈਟਸ ਦੇ ਐਡਵੋਕੇਟ ਨਵਕਿਰਨ ਸਿੰਘ ਨੇ ਇਹ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ’ਚ ਅਵਾਰਾ ਜਾਨਵਰਾਂ ਦੇ ਰੱਖ ਰਖਾਅ ਨੂੰ ਨਾ ਕਰਨ ਸਬੰਧੀ ਹਿਮਾਚਲ ਪ੍ਰਦੇਸ਼ ਦੀ ਸਰਕਾਰ ’ਤੇ ਇਲਜ਼ਾਮ ਲਗਾਇਆ ਗਿਆ ਹੈ।
ਪਟੀਸ਼ਨ ਵਿੱਚ ਇਲਜ਼ਾਮ ਲਗਾਇਆ ਗਿਆ ਹੈ ਕਿ ਹਿਮਾਚਲ ਸਰਕਾਰ ਸ਼ਰਾਬ ਦੀ ਹਰ ਬੋਤਲ ‘ਤੇ ਗਊ ਸੈੱਸ ਵਸੂਲਦੀ ਹੈ ਅਤੇ ਪਿਛਲੇ ਸਾਲ ਇਸ ਗਊ ਸੈੱਸ ਤੋਂ 100 ਕਰੋੜ ਰੁਪਏ ਇਕੱਠੇ ਕੀਤੇ ਹਨ। ਇਸ ਦੇ ਬਾਵਜੂਦ, ਅਵਾਰਾ ਜਾਨਵਰ ਹਰ ਰੋਜ਼ ਸੜਕਾਂ ‘ਤੇ ਹਾਦਸੇ ਕਰਵਾ ਰਹੇ ਹਨ ਅਤੇ ਜਾਨਾਂ ਲੈ ਰਹੇ ਹਨ।
ਪਟੀਸ਼ਨਕਰਤਾ ਨੇ ਮੰਗ ਕੀਤੀ ਹੈ ਕਿ ਸਰਕਾਰ ਇਨ੍ਹਾਂ ਹਾਦਸਿਆਂ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਦੇਵੇ, ਅਤੇ ਹਾਈ ਕੋਰਟ ਹਿਮਾਚਲ ਸਰਕਾਰ ਨੂੰ ਇਹ ਦੱਸਣ ਲਈ ਕਹੇ ਕਿ ਇਸ ਗਊ ਸੈੱਸ ਤੋਂ ਇਕੱਠੇ ਕੀਤੇ ਫੰਡ ਕਿੱਥੇ ਅਤੇ ਕਿਹੜੇ ਉਦੇਸ਼ਾਂ ਲਈ ਪਿਛਲੇ ਤਿੰਨ ਸਾਲਾਂ ਵਿੱਚ ਵਰਤੇ ਗਏ ਹਨ।
ਇਹ ਇਹ ਵੀ ਮੰਗ ਕਰਦਾ ਹੈ ਕਿ ਭਵਿੱਖ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਅਤੇ ਸੜਕਾਂ ਤੋਂ ਅਵਾਰਾ ਪਸ਼ੂਆਂ ਨੂੰ ਖਤਮ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਵੇ। ਫਿਲਹਾਲ ਇਸ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਬੈਂਚ ਨੇ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਕਾਬਿਲੇਗੌਰ ਹੈ ਕਿ ਗਾਇਕ ਰਾਜਵੀਰ ਜਵੰਦਾ 27 ਸਤੰਬਰ ਨੂੰ ਆਪਣੀ ਬਾਈਕ ‘ਤੇ ਸ਼ਿਮਲਾ ਜਾਂਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਜਿਸ ਤੋਂ ਬਾਅਦ ਰਾਜਵੀਰ ਜਵੰਦਾ ਨੂੰ ਦੁਪਹਿਰ 1:45 ਵਜੇ ਫੋਰਟਿਸ ਹਸਪਤਾਲ ਲਿਆਂਦਾ ਗਿਆ ਸੀ। ਉਸਦੇ ਸਿਰ ਅਤੇ ਰੀੜ੍ਹ ਦੀ ਹੱਡੀ ‘ਤੇ ਗੰਭੀਰ ਸੱਟਾਂ ਲੱਗੀਆਂ ਸਨ। ਡਾਕਟਰਾਂ ਅਨੁਸਾਰ ਉਸਨੂੰ ਦਿਲ ਦਾ ਦੌਰਾ ਵੀ ਪਿਆ ਸੀ। ਉਸਦੀ ਹਾਲਤ ਬਹੁਤ ਨਾਜ਼ੁਕ ਸੀ। ਰਾਜਵੀਰ 11 ਦਿਨਾਂ ਤੋਂ ਲਗਾਤਾਰ ਵੈਂਟੀਲੇਟਰ ‘ਤੇ ਸੀ।
