ਨੈਸ਼ਨਲ ਟਾਈਮਜ਼ ਬਿਊਰੋ :- ਭਾਰਤੀ ਕਿਸਾਨ ਯੂਨੀਅਨ ਚੜੂਨੀ ਦੀ ਬਲਾਕ ਪੱਧਰੀ ਬੈਠਕ ਅਨਾਜ ਮੰਡੀ ਸਥਿਤ ਕਿਸਾਨ ਆਰਾਮ ਘਰ ਵਿਚ ਹੋਈ। ਬੈਠਕ ਦੀ ਪ੍ਰਧਾਨਗੀ ਭਾਕਿਯੂ ਚੜੂਨੀ ਦੇ ਕੌਮੀ ਪ੍ਰੈਸ ਬੁਲਾਰੇ ਰਾਕੇਸ਼ ਬੈਂਸ ਨੇ ਕੀਤੀ। ਬੈਠਕ ਵਿਚ ਹਰਿਆਣਾ ਬੀਜ ਐਕਟ 2025 ਬੀਜ ਕਾਨੂੰਨ ਸਬੰਧੀ ਉਨ੍ਹਾਂ ਕਿਹਾ ਕਿ ਉਹ ਕਿਸੇ ਦੇ ਖ਼ਿਲਾਫ਼ ਨਹੀਂ ਪਰ ਵਿਵਸਥਾ ਸੁਧਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਇਹ ਐਕਟ ਫਸਲਾਂ ਦੇ ਬੀਜ ਤੇ ਕੀਟਨਾਸ਼ਕ ਦਵਾਈਆਂ ਦੀ ਗੁਣਵੱਤਾ ਸਹੀ ਪੈਮਾਨੇ ’ਤੇ ਰੱਖਣ ਲਈ ਕਾਰਗਾਰ ਸਾਬਤ ਹੋਵੇਗਾ। ਇਸ ਨਾਲ ਕਿਸਾਨਾਂ ਨੂੰ ਹੋਣ ਵਾਲੇ ਕਰੋੜਾਂ ਰੁਪਏ ਦੇ ਨੁਕਸਾਨ ਤੋਂ ਬਚਾਇਆ ਜਾ ਸਕੇਗਾ। ਭਾਕਿਯੂ ਬੁਲਾਰੇ ਰਾਕੇਸ਼ ਬੈਂਸ ਨੇ ਕਿਹਾ ਕਿ ਬੀਜ ਐਕਟ ਵਿੱਚ ਸੋਧ ਕਰ ਕੇ ਹਰਿਆਣਾ ਸਰਕਾਰ ਨੇ ਕਿਸਾਨਾਂ ਦੀ ਸਾਲਾਂ ਪੁਰਾਣੀ ਮੰਗ ਨੂੰ ਪੂਰਾ ਕੀਤਾ ਹੈ ਕਿਉਂਕਿ ਸੂਬੇ ਦੇ ਕਿਸਾਨ ਕਈ ਸਾਲਾਂ ਤੋਂ ਨਕਲੀ ਬੀਜ ਦੀ ਰੋਕਥਾਮ ਲਈ ਸਖ਼ਤ ਕਾਨੂੰਨ ਦੀ ਮੰਗ ਕਰ ਰਹੇ ਸਨ। ਇਸ ਤੋਂ ਪਹਿਲਾਂ ਕਾਨੂੰਨ ਵਿੱਚ ਸਿਰਫ 500 ਰੁਪਏ ਜੁਰਮਾਨਾ ਹੋ ਸਕਦਾ ਸੀ ਜਿਸ ਦਾ ਫਾਇਦਾ ਉਠਾ ਕੇ ਕੁਝ ਲੋਕ ਨਕਲੀ ਤੇ ਮਿਲਾਵਟੀ ਬੀਜ ਕਿਸਾਨਾਂ ਨੂੰ ਦੇ ਕੇ ਮੋਟਾ ਮੁਨਾਫਾ ਕਮਾਉਂਦੇ ਸਨ ਤੇ ਕਿਸਾਨ ਨੂੰ ਨਕਲੀ ਬੀਜ ਦੇ ਕਾਰਨ ਭਾਰੀ ਆਰਥਿਕ ਨੁਕਸਾਨ ਹੁੰਦਾ ਸੀ।
ਸ੍ਰੀ ਬੈਂਸ ਨੇ ਕਿਹਾ ਕਿ ਕਿਸਾਨਾਂ ਦੇ ਲੰਮੇ ਸੰਘਰਸ਼ ਤੋਂ ਬਾਅਦ ਸਰਕਾਰ ਨੇ ਕਾਨੂੰਨ ਬਣਾਇਆ ਹੈ ਜਿਸ ਵਿਚ ਤਿੰਨ ਮਹੀਨੇ ਤੋਂ 6 ਮਹੀਨੇ ਕੈਦ ਹੋ ਸਕਦੀ ਹੈ।ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਇਸ ਦਾ ਵਿਰੋਧ ਕਰ ਰਹੇ ਹਨ ਜਦਕਿ ਇਸ ਬਿੱਲ ਵਿਚ ਕੁਝ ਵੀ ਇਤਰਾਜ਼ਯੋਗ ਨਹੀਂ। ਉਨਾਂ ਕਿਹਾ ਕਿ ਜੇ ਕੋਈ ਨਕਲੀ ਬੀਜ ਨਹੀਂ ਵੇਚਦਾ ਤਾਂ ਉਸ ਨੂੰ ਡਰ ਕਿਸ ਦਾ ਹੈ। ਉਨਾਂ ਕਿਹਾ ਕਿ ਭਾਕਿਯੂ ਇਸ ਬਿੱਲ ਦਾ ਸਮਰਥਨ ਕਰਦੀ ਹੈ ਤੇ ਮੰਗ ਕਰਦੀ ਹੈ ਕਿ ਸਰਕਾਰ ਕਿਸੇ ਦੇ ਦਬਾਅ ਹੇਠ ਆ ਕੇ ਇਸ ਨੂੰ ਵਾਪਸ ਨਾ ਲਵੇ ਤੇ ਬੀਜ ਵਿਕਰੇਤਾਵਾਂ ਦੀ ਹੜਤਾਲ ਖਤਮ ਕਰਾਈ ਜਾਏ।
