LPU ਦਾ ਵੱਡਾ ਬਿਆਨ : ‘ਯੂਨੀਵਰਸਿਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼’, ਜਿਨਸੀ ਸ਼ੋਸ਼ਣ ਦੀਆਂ ਅਫ਼ਵਾਹਾਂ ਨੂੰ ਦੱਸਿਆ ਬੇਬੁਨਿਆਦ

ਗੁਰਪ੍ਰੀਤ ਸਿੰਘ :- ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਗਰਲਜ਼ ਹੋਸਟਲ GH3 ਦੇ ਨੇੜੇ ਇੱਕ ਵਿਦਿਆਰਥਣ ਨਾਲ ਕਥਿਤ ਯੌਨ ਉਤਪੀੜਨ ਦੇ ਗੰਭੀਰ ਦੋਸ਼ ਸਾਹਮਣੇ ਆਉਣ ਤੋਂ ਬਾਅਦ ਵਿਦਿਆਰਥੀਆਂ ‘ਚ ਰੋਸ ਦੇਖਣ ਨੂੰ ਮਿਲ ਰਿਹਾ ਹੈ। ਰਾਤ ਨੂੰ ਕੈਂਪਸ ‘ਚ ਵਿਦਿਆਰਥੀਆਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਸਵੇਰੇ ਮੁੜ ਚੰਡੀਗੜ੍ਹ-ਅੰਮ੍ਰਿਤਸਰ ਰਾਸ਼ਟਰੀ ਮਾਰਗ ਨੂੰ ਬੰਦ ਕਰ ਦਿੱਤਾ ਗਿਆ। ਪ੍ਰਦਰਸ਼ਨ ਨਾਲ ਸਬੰਧਤ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਸੇ ਦੌਰਾਨ LPU ਨੇ ਇਨ੍ਹਾਂ ਸਾਰੀਆਂ ਗੱਲਾਂ ਦਾ ਖੰਡਨ ਕੀਤਾ ਹੈ।

LPU ਯੂਨੀਵਰਸਿਟੀ ਨੇ ਅਫ਼ਵਾਹਾਂ ਦਾ ਕੀਤਾ ਖੰਡਨ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਨੇ ਕਿਹਾ ਕਿ ਕੁਝ ਅਸਮਾਜਿਕ ਤੱਤ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਰਾਹੀਂ ਪੂਰੀ ਤਰ੍ਹਾਂ ਝੂਠੀਆਂ, ਬੇਬੁਨਿਆਦ ਅਤੇ ਮਨਘੜਤ ਅਫ਼ਵਾਹਾਂ ਫੈਲਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਾਰਨ ਵਿਦਿਆਰਥੀਆਂ ‘ਚ ਬੇਵਜ੍ਹਾ ਭੰਬਲਭੂਸਾ ਪੈਦਾ ਹੋ ਰਿਹਾ ਹੈ ਅਤੇ ਯੂਨੀਵਰਸਿਟੀ ਦੇ ਸ਼ਾਂਤੀਪੂਰਨ ਅਕਾਦਮਿਕ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਜਿਹੀ ਝੂਠੀ ਅਤੇ ਗੁੰਮਰਾਹ ਕਰਨ ਵਾਲੀ ਜਾਣਕਾਰੀ ਨੂੰ ਵਿਵਸਥਿਤ ਢੰਗ ਨਾਲ ਫੈਲਾਇਆ ਜਾ ਰਿਹਾ ਹੈ, ਉਸ ਤੋਂ ਲੱਗਦਾ ਹੈ ਕਿ ਇਹ ਯੂਨੀਵਰਸਿਟੀ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਅਤੇ ਇਸ ਦੀ ਛਵੀ ਖਰਾਬ ਕਰਨ ਦੀ ਸੋਚੀ-ਸਮਝੀ ਅਤੇ ਯੋਜਨਾਬੱਧ ਕੋਸ਼ਿਸ਼ ਹੈ।

ਅਫ਼ਵਾਹਾਂ ‘ਚ ਕੋਈ ਸੱਚਾਈ ਨਹੀਂ: ਯੂਨੀਵਰਸਿਟੀ

ਯੂਨੀਵਰਸਿਟੀ ਨੇ ਸਪੱਸ਼ਟ ਕੀਤਾ ਹੈ ਕਿ ਇਸ ਸਮੇਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ‘ਚ ਕੋਈ ਸੱਚਾਈ ਨਹੀਂ ਹੈ। ਵਿਦਿਆਰਥੀਆਂ, ਮਾਪਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਜਿਹੀਆਂ ਅਫ਼ਵਾਹਾਂ ‘ਤੇ ਵਿਸ਼ਵਾਸ ਨਾ ਕਰਨ, ਨਾ ਹੀ ਉਨ੍ਹਾਂ ਨੂੰ ਅੱਗੇ ਫੈਲਾਉਣ ਅਤੇ ਨਾ ਹੀ ਉਨ੍ਹਾਂ ਨੂੰ ਹੱਲਾਸ਼ੇਰੀ ਦੇਣ। ਯੂਨੀਵਰਸਿਟੀ ਨੇ ਲੋਕਾਂ ਨੂੰ ਸਿਰਫ਼ ਆਪਣੇ ਅਧਿਕਾਰਤ ਮਾਧਿਅਮਾਂ ਰਾਹੀਂ ਜਾਰੀ ਕੀਤੀ ਜਾਣਕਾਰੀ ‘ਤੇ ਹੀ ਭਰੋਸਾ ਕਰਨ ਦੀ ਅਪੀਲ ਕੀਤੀ ਹੈ।

By Gurpreet Singh

Leave a Reply

Your email address will not be published. Required fields are marked *