ਨੈਸ਼ਨਲ ਟਾਈਮਜ਼ ਬਿਊਰੋ :- ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਡਰੱਗ ਮਾਮਲੇ ਵਿੱਚ ਸੋਮਵਾਰ ਨੂੰ ਐਸਆਈਟੀ ਨੇ ਕਰੀਬ ਅੱਠ ਘੰਟੇ ਪੁੱਛਗਿੱਛ ਕੀਤੀ। ਮਜੀਠੀਆ ਨੂੰ ਅੱਜ ਮੁੜ ਵਿਸ਼ੇਸ਼ ਜਾਂਚ ਟੀਮ (S.I.T.) ਸਾਹਮਣੇ ਦੁਬਾਰਾ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਕੱਲ੍ਹ ਕਮੇਟੀ ਨੇ ਉਹਨਾਂ ਤੋਂ 8 ਘੰਟੇ ਪੁੱਛਗਿੱਛ ਕੀਤੀ। ਜਿਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਜਾਂਚ 18 ਮਾਰਚ ਤੱਕ ਪੂਰੀ ਕੀਤੀ ਜਾਵੇ ਅਤੇ ਚਲਾਨ ਪੇਸ਼ ਕੀਤਾ ਜਾਵੇ। ਇਸ ਤੋਂ ਬਾਅਦ ਐਸਆਈਟੀ ਮੈਂਬਰ ਅਤੇ ਸੀਨੀਅਰ ਆਈਪੀਐਸ ਅਧਿਕਾਰੀ ਵਰੁਣ ਸ਼ਰਮਾ ਨੇ ਖੁਲਾਸਾ ਕੀਤਾ ਕਿ ਅਸੀਂ ਵਿਦੇਸ਼ਾਂ ਵਿੱਚ ਕੀਤੇ ਵਿੱਤੀ ਲੈਣ-ਦੇਣ ਨੂੰ ਵੀ ਸ਼ਾਮਲ ਕਰਨ ਲਈ ਆਪਣੀ ਜਾਂਚ ਦਾ ਦਾਇਰਾ ਵਧਾ ਦਿੱਤਾ ਹੈ।
ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਸਬੰਧੀ ਹੋਰ ਸਵਾਲਾਂ ਦੇ ਜਵਾਬ ਦੇਣ ਲਈ ਬਿਕਰਮ ਸਿੰਘ ਮਜੀਠੀਆ ਨੂੰ ਮੰਗਲਵਾਰ ਨੂੰ ਦੁਬਾਰਾ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਨ.ਡੀ.ਪੀ.ਐਸ.ਐਕਟ ਤਹਿਤ ਦਰਜ ਕੀਤੇ ਗਏ ਹਰ ਕੇਸ ਦੀ ਬਹੁਤ ਗੰਭੀਰਤਾ ਅਤੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਵੀ ਐਸਆਈਟੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਦੇਸ਼-ਵਿਦੇਸ਼ ਵਿੱਚ ਸਾਰੇ ਵਿੱਤੀ ਲੈਣ-ਦੇਣ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਵਿਦੇਸ਼ਾਂ ਵਿੱਚ ਬੈਠੇ ਬਾਕੀ ਮੁਲਜ਼ਮਾਂ ਨੂੰ ਭਾਰਤ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।