ਨੈਸ਼ਨਲ ਟਾਈਮਜ਼ ਬਿਊਰੋ :- ਮੈਕਸੀਕੋ ਵਿੱਚ ਬੁੱਧਵਾਰ ਰਾਤ ਨੂੰ ਵਾਪਰੇ ਇੱਕ ਵੱਡੇ ਸੜਕ ਹਾਦਸੇ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਇੱਕ ਨੈਸ਼ਨਲ ਹਾਈਵੇਅ (NH) ‘ਤੇ ਇੱਕ ਗੈਸ ਟੈਂਕਰ ਪਲਟ ਗਿਆ, ਜੋ ਜ਼ੋਰਦਾਰ ਧਮਾਕਾ ਹੋਣ ਮਗਰੋਂ ਫਟ ਗਿਆ। ਇਸ ਹਾਦਸੇ ਵਿੱਚ ਘੱਟੋ-ਘੱਟ 3 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 70 ਤੋਂ ਵੱਧ ਲੋਕ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ 18 ਵਾਹਨਾਂ ਨੂੰ ਅੱਗ ਲੱਗ ਗਈ ਅਤੇ ਉਹ ਸੜ ਕੇ ਸੁਆਹ ਹੋ ਗਏ। ਇਸ ਹਾਦਸੇ ਕਾਰਨ ਜ਼ਖ਼ਮੀ ਹੋਏ ਲੋਕਾਂ ਵਿਚੋਂ ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਮੁੱਢਲੀ ਜਾਂਚ ਦੇ ਅਨੁਸਾਰ ਗੈਸ ਟੈਂਕਰ ਇੱਕ ਹਾਈਵੇਅ ਤੋਂ ਲੰਘ ਰਿਹਾ ਸੀ, ਜਦੋਂ ਇਹ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ ਪਲਟ ਗਿਆ। ਪਲਟਣ ਤੋਂ ਕੁਝ ਪਲਾਂ ਬਾਅਦ ਇੱਕ ਵੱਡਾ ਧਮਾਕਾ ਹੋਇਆ, ਜਿਸ ਕਾਰਨ ਟੈਂਕਰ ਦੇ ਆਲੇ-ਦੁਆਲੇ ਖੜ੍ਹੇ ਅਤੇ ਲੰਘ ਰਹੇ ਵਾਹਨਾਂ ਨੂੰ ਵੀ ਅੱਗ ਲੱਗ ਗਈ। ਇਸ ਘਟਨਾ ਤੋਂ ਬਾਅਦ ਹਾਦਸੇ ਦਾ ਦ੍ਰਿਸ਼ ਬਹੁਤ ਭਿਆਨਕ ਸੀ। ਚਾਰੇ ਪਾਸੇ ਧੂੰਆਂ ਹੀ ਧੂੰਆਂ, ਲੋਕਾਂ ਦੇ ਚੀਕਾਂ ਮਾਰਨ ਦੀ ਆਵਾਜ਼ ਅਤੇ ਆਲੇ-ਦੁਆਲੇ ਸੜ ਰਹੇ ਵਾਹਨਾਂ ਨੂੰ ਦੇਖ ਹਰ ਕਿਸੇ ਦਾ ਦਿਲ ਕੰਬ ਗਿਆ।
ਮੈਕਸੀਕੋ ਸਿਟੀ ਦੀ ਮੇਅਰ ਕਲਾਰਾ ਬਰੂਗਾਡਾ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਫਾਇਰ ਬ੍ਰਿਗੇਡ ਨੇ ਅੱਗ ‘ਤੇ ਕਾਬੂ ਪਾਉਣ ਲਈ ਕਈ ਘੰਟਿਆਂ ਤੱਕ ਸਖ਼ਤ ਮਿਹਨਤ ਕੀਤੀ। 70 ਤੋਂ ਵੱਧ ਜ਼ਖਮੀਆਂ ਵਿੱਚੋਂ 19 ਦੀ ਹਾਲਤ ਬਹੁਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਸਥਾਨਕ ਪ੍ਰਸ਼ਾਸਨ ਨੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਧਮਾਕਾ ਇੰਨਾ ਜ਼ੋਰਦਾਰ ਸੀ ਕਿ ਇਸਦੇ ਝਟਕੇ ਨੇੜਲੇ ਰਿਹਾਇਸ਼ੀ ਇਲਾਕਿਆਂ ਵਿੱਚ ਵੀ ਮਹਿਸੂਸ ਕੀਤੇ ਗਏ। ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ ਅਤੇ ਕੁਝ ਸਮੇਂ ਲਈ ਪੂਰੇ ਇਲਾਕੇ ਵਿੱਚ ਬਿਜਲੀ ਅਤੇ ਆਵਾਜਾਈ ਵਿਵਸਥਾ ਠੱਪ ਹੋ ਗਈ। ਚਸ਼ਮਦੀਦਾਂ ਨੇ ਦੱਸਿਆ ਕਿ ਅੱਗ ਦੀਆਂ ਲਪਟਾਂ ਅਸਮਾਨ ਤੱਕ ਪਹੁੰਚ ਰਹੀਆਂ ਸਨ ਅਤੇ ਸੜਕ ‘ਤੇ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਸੁਰੱਖਿਆ ਦੇ ਮੱਦੇਨਜ਼ਰ ਹਾਈਵੇਅ ਦੇ ਉਸ ਹਿੱਸੇ ਨੂੰ ਜਿੱਥੇ ਇਹ ਘਟਨਾ ਵਾਪਰੀ, ਫਿਲਹਾਲ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਟੋਲ ਪਲਾਜ਼ਾ ਦੇ ਆਲੇ-ਦੁਆਲੇ ਦੇ ਸਾਰੇ ਪ੍ਰਵੇਸ਼ ਸਥਾਨਾਂ ਨੂੰ ਸੀਲ ਕਰ ਦਿੱਤਾ ਹੈ ਤਾਂ ਜੋ ਬਚਾਅ ਕਾਰਜਾਂ ਵਿੱਚ ਕੋਈ ਰੁਕਾਵਟ ਨਾ ਆਵੇ।
