ਅੰਮ੍ਰਿਤਸਰ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਤਤਕਾਲੀ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀ. ਡੀ. ਪੀ. ਓ.) ਲਖਬੀਰ ਸਿੰਘ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੀ ਗ੍ਰਾਮ ਪੰਚਾਇਤ ਗਹਿਰੀ ਮੰਡੀ ਦੇ ਸਾਬਕਾ ਸਰਪੰਚ ਮਨਜਿੰਦਰ ਸਿੰਘ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਹਨ। ਦੋਵੇਂ ਪੰਚਾਇਤ ਫੰਡਾਂ ਵਿੱਚੋਂ 24 ਲੱਖ 69 ਹਜ਼ਾਰ 949 ਰੁਪਏ ਦੇ ਗਬਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਖਿਲਾਫ ਕੇਸ ਦਰਜ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਦਾ ਇੱਕ ਦਿਨ ਦਾ ਰਿਮਾਂਡ ਲਿਆ ਸੀ।
ਐੱਸ. ਐੱਸ. ਪੀ. ਵਿਜੀਲੈਂਸ ਲਖਬੀਰ ਸਿੰਘ ਅਨੁਸਾਰ ਜਾਂਚ ਦੇ ਆਧਾਰ ’ਤੇ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ ਅੰਮ੍ਰਿਤਸਰ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਦੋਵਾਂ ਨੂੰ ਕੱਲ੍ਹ ਇੱਕ ਦਿਨ ਦੇ ਰਿਮਾਂਡ ’ਤੇ ਲਿਆ ਗਿਆ ਸੀ। ਸੋਮਵਾਰ ਨੂੰ ਜਦੋਂ ਉਕਤ ਮੁਲਜ਼ਮਾਂ ਨੂੰ ਰਿਮਾਂਡ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਅਦਾਲਤ ਨੇ ਰਿਮਾਂਡ ਵਿੱਚ ਵਾਧਾ ਨਹੀਂ ਕੀਤਾ ਅਤੇ ਦੋਵਾਂ ਨੂੰ ਨਿਆਂਇਕ ਹਿਰਾਸਤ ਵਿਚ ਜੇਲ ਭੇਜਣ ਦੇ ਹੁਕਮ ਦਿੱਤੇ।
