ਬਟਾਲਾ ‘ਚ ਵੱਡੀ ਵਾਰਦਾਤ: ਗੋਲੀਆਂ ਮਾਰ ਕਰਤਾ 5 ਭੈਣਾਂ ਦੇ ਇਕਲੌਤੇ ਭਰਾ ਦਾ ਕਤਲ

ਗੁਰਪ੍ਰੀਤ ਸਿੰਘ :- ਬਟਾਲਾ ਦੇ ਪਿੰਡ ਮੱਲਿਆਂਵਾਲ ਵਿੱਚ ਰਾਤ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਘਰ ਦੇ ਬਾਹਰ ਸੈਰ ਕਰ ਰਹੇ ਕਰੀਬ 35 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਸਿਰ ਵਿੱਚ ਗੋਲੀ ਲੱਗਣ ਕਾਰਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਉਸ ਦੇ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਲੈ ਕੇ ਪਹੁੰਚੇ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਨੌਜਵਾਨ 5 ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਘਟਨਾ ਨਾਲ ਘਰ ਵਿਚ ਚੀਕ-ਚਿਹਾੜਾ ਮਚ ਗਿਆ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਫਲਜੀਤ ਸਿੰਘ ਉਰਫ਼ ਲਾਲੀ, ਪੁੱਤਰ ਸੁਲੱਖਣ ਸਿੰਘ, ਵਾਸੀ ਪਿੰਡ ਮੱਲਿਆਂਵਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਫਲਜੀਤ ਸਿੰਘ ਆਪਣੇ ਘਰ ਦੇ ਬਾਹਰ ਸੈਰ ਕਰ ਰਿਹਾ ਸੀ। ਇਸ ਦੌਰਾਨ ਕੁਝ ਵਿਅਕਤੀ ਪੈਦਲ ਉਸ ਕੋਲ ਆਏ ਅਤੇ ਉਸ ਨਾਲ ਗੱਲਬਾਤ ਕਰਨ ਲੱਗੇ। ਪਰਿਵਾਰ ਮੁਤਾਬਕ ਗੱਲਬਾਤ ਦੌਰਾਨ ਉਨ੍ਹਾਂ ਦੀ ਤਕਰਾਰ ਹੋ ਗਈ ਅਤੇ ਉਨ੍ਹਾਂ ਨੇ ਫਲਜੀਤ ‘ਤੇ ਗੋਲੀ ਚਲਾ ਦਿੱਤੀ। ਪਰਿਵਾਰਕ ਮੈਂਬਰਾਂ ਅਨੁਸਾਰ ਗੋਲੀ ਨੌਜਵਾਨ ਦੇ ਸਿਰ ਵਿੱਚ ਲੱਗੀ, ਜਿਸ ਕਾਰਨ ਉਸ ਦੀ ਹਾਲਤ ਗੰਭੀਰ ਹੋ ਗਈ। ਉਸ ਨੂੰ ਤੁਰੰਤ ਬਟਾਲਾ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ। 

ਮ੍ਰਿਤਕ ਦੇ ਚਾਚਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਵਿੱਚ ਚੱਲ ਰਹੇ ਸ਼ਰੀਕੇ ਦੇ ਵਿਵਾਦ ਨੂੰ ਤਣਾਅ ਚੱਲ ਰਿਹਾ ਸੀ। ਸ਼ਰੀਕੇ ਵਿੱਚ ਪਹਿਲਾਂ ਤੋਂ ਇੱਕ ਕੰਬਾਈਨ ਸੀ, ਜਦਕਿ ਫਲਜੀਤ ਸਿੰਘ ਉਰਫ਼ ਲਾਲੀ ਨੇ ਵੀ ਕੰਬਾਈਨ ਖਰੀਦ ਲਈ ਸੀ। ਚਾਚੇ ਮੁਤਾਬਕ ਇਸ ਤੋਂ ਬਾਅਦ ਫਲਜੀਤ ਸਿੰਘ ਦਾ ਕੰਬਾਈਨ ਦਾ ਕੰਮ ਚੱਲ ਪਿਆ, ਜਦਕਿ ਦੂਜੇ ਪੱਖ ਦਾ ਕੰਮ ਪ੍ਰਭਾਵਿਤ ਹੋਇਆ ਅਤੇ ਇਸੇ ਗੱਲ ਨੂੰ ਲੈ ਕੇ ਰੰਜਿਸ਼ ਚੱਲ ਰਹੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਦੀ ਇੱਕ ਮਹੀਨਾ ਪਹਿਲਾਂ ਹੀ ਮੌਤ ਹੋਈ ਸੀ ਅਤੇ ਹੁਣ ਇਸ ਦੀ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਡਿੱਗ ਪਿਆ। ਫਲਜੀਤ ਸਿੰਘ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸ ਦੇ ਦੋ ਛੋਟੇ ਬੱਚੇ ਵੀ ਹਨ। 

ਦੂਜੇ ਪਾਸੇ ਇਸ ਸਬੰਧੀ ਬਟਾਲਾ ਸਿਵਲ ਹਸਪਤਾਲ ਦੇ ਡਾਕਟਰ ਵਿਪਨਦੀਪ ਸਿੰਘ ਨੇ ਦੱਸਿਆ ਕਿ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਨੌਜਵਾਨ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਪੋਸਟਮਾਰਟਮ ਲਈ ਰਖਵਾ ਦਿੱਤਾ ਤੇ ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਪਿੰਡ ਮੱਲਿਆਂਵਾਲ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਅਤੇ ਗੋਲੀਕਾਂਡ ਦੇ ਅਸਲ ਕਾਰਨਾਂ ਦੀ ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਹੀ ਸਥਿਤੀ ਸਪਸ਼ਟ ਹੋਵੇਗੀ।

By Gurpreet Singh

Leave a Reply

Your email address will not be published. Required fields are marked *