ਬਟਾਲਾ : ਬੀਤੀ ਦੇਰ ਰਾਤ ਸਥਾਨਕ ਸਮਾਧ ਰੋਡ ਨਜ਼ਦੀਕ ਜੱਸਾ ਸਿੰਘ ਹਾਲ ਦੇ ਕੋਲ ਸਥਿਤ ਇਕ ਰੈਡੀਮੇਡ ਕੱਪੜਿਆਂ ਦੇ ਸ਼ੋਅ ਰੂਮ ’ਤੇ ਮੋਟਰਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਡੀ. ਐੱਸ. ਪੀ. ਸਿਟੀ ਸੰਜੀਵ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਜੱਸਾ ਸਿੰਘ ਹਾਲ ਦੇ ਨਜ਼ਦੀਕ ਸਥਿਤ ਇਕ ਰੈਡੀਮੇਡ ਕੱਪੜਿਆਂ ਦੇ ਸ਼ੋਅ ਰੂਮ ਦੇ ਕਰਮਚਾਰੀ ਜਦ ਸ਼ੋਅ ਰੂਮ ਬੰਦ ਕਰ ਰਹੇ ਸਨ ਤਾਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ 2 ਵਿਅਕਤੀਆਂ ਨੇ ਸ਼ੋਅ ਰੂਮ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਏ।
ਉਨ੍ਹਾਂ ਕਿਹਾ ਕਿ ਇਹ ਸਾਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ ਹੈ। ਉਨ੍ਹਾਂ ਕਿਹਾ ਕਿ ਉਕਤ ਸ਼ੋਅ ਰੂਮ ਦੇ ਮਾਲਕ ਨੂੰ ਲਗਾਤਾਰ ਫਿਰੌਤੀ ਲਈ ਧਮਕੀਆਂ ਮਿਲ ਰਹੀਆਂ ਸੀ। ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਪੁਲਸ ਪਾਰਟੀ ਸਮੇਤ ਘਟਨਾ ਸਥਲ ’ਤੇ ਪਹੁੰਚ ਕੇ ਗੋਲੀ ਦੇ ਖੋਲ ਬਰਾਮਦ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਗੋਲੀ ਚਲਾਉਣ ਵਾਲਿਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।