ਨੈਸ਼ਨਲ ਟਾਈਮਜ਼ ਬਿਊਰੋ :- ਬੁਢਲਾਡਾ ਵਿੱਚ ਦੇਰ ਰਾਤ ਪੁਰਾਣੀ ਰੰਜਿਸ਼ ਨੂੰ ਲੈ ਕੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਨੂੰ ਸ਼ਰੇਆਮ ਗੋਲੀ ਮਾਰ ਕੇ ਕਤਲ ਕਰ ਦੇਣ ਦੀ ਘਟਨਾ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਕਾਤਲਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਧਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਜਲਦ ਹੀ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਬੁਢਲਾਡਾ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲ ਰਹੇ ਸਮਝੌਤੇ ਦੌਰਾਨ ਮਾਮਲਾ ਕਤਲ ਤੱਕ ਪਹੁੰਚ ਗਿਆ ਹੈ। ਬੀਤੀ ਰਾਤ ਬੁਢਲਾਡਾ ਵਿੱਚ ਇੱਕ ਪੁਰਾਣੀ ਲੜਾਈ ਨੂੰ ਲੈ ਕੇ ਚੱਲ ਰਹੇ ਸਮਝੌਤੇ ਦੌਰਾਨ ਤਕਰਾਰ ਮੁੜ ਤੋਂ ਵਧਣ ਕਾਰਨ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਸਿਵਲ ਹਸਪਤਾਲ ਬੁਢਲਾਡਾ ਵਿੱਚ ਇਕੱਠੇ ਹੋ ਕੇ ਵਿਰੋਧ ਪ੍ਰਦਰਸ਼ਨ ਕੀਤਾ ਤੇ ਤੁਰੰਤ ਕਾਤਲਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ ਹੈ।
ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਕੁਝ ਦਿਨ ਪਹਿਲਾਂ ਸ਼ਰਾਬ ਦੇ ਠੇਕੇਦਾਰਾਂ ਦੇ ਕਰਿੰਦਿਆਂ ਦੇ ਨਾਲ ਲੜਾਈ ਹੋਈ ਸੀ ਜਿਸ ਨੂੰ ਲੈ ਕੇ ਸਮਝੌਤਾ ਕਰਨ ਦੀ ਗੱਲ ਚੱਲ ਰਹੀ ਸੀ ਅਤੇ ਉਨ੍ਹਾਂ ਵੱਲੋਂ ਮ੍ਰਿਤਕ ਨੌਜਵਾਨ ਸੇਵਕ ਸਿੰਘ ਨੂੰ ਸਮਝੌਤੇ ਦੇ ਲਈ ਬੁਲਾਇਆ ਗਿਆ ਸੀ ਪਰ ਉੱਥੇ ਪਹਿਲਾਂ ਹੀ ਮੌਜੂਦ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਕੇ ਸੇਵਕ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਤੁਰੰਤ ਕਾਤਲਾਂ ਨੂੰ ਗ੍ਰਿਫਤਾਰ ਕੀਤਾ ਜਾਵੇ।
