ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, AK-47 ਤੇ 2 ਹੈਂਡ ਗ੍ਰਨੇਡ ਸਮੇਤ ਮੁਲਜ਼ਮ ਕਾਬੂ

ਗੁਰਪ੍ਰੀਤ ਸਿੰਘ :- ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚਲਾਏ ਜਾ ਰਹੇ ਅਭਿਆਨ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਹਥਿਆਰਾਂ ਤੇ ਵਿਸਫੋਟਕਾਂ ਦੀ ਗੈਰ-ਕਾਨੂੰਨੀ ਸਪਲਾਈ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ‘ਚੋਂ ਇੱਕ AK-47 ਰਾਈਫਲ, ਇੱਕ ਮੈਗਜ਼ੀਨ, ਜ਼ਿੰਦਾ ਕਾਰਤੂਸ ਤੇ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।

ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਦੇ ਕਥਿਤ ਤੌਰ ਤੇ ਵਿਦੇਸ਼ ‘ਚ ਬੈਠੇ ਹਥਿਆਰ ਤਸਕਰਾਂ ਨਾਲ ਸੰਪਰਕ ਹਨ। ਪੁਲਿਸ ਮੁਤਾਬਕ ਮੁਲਜ਼ਮ ਗੈਰ-ਕਾਨੂੰਨੀ ਹਥਿਆਰਾਂ ਦੀ ਖਰੀਦ ਤੇ ਸਪਲਾਈ ਨਾਲ ਜੁੜੀਆਂ ਗਤੀਵਿਧੀਆਂ ‘ਚ ਸ਼ਾਮਲ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਹੁਣ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਤੇ ਉਸ ਦੇ ਸੰਪਰਕਾਂ ਦਾ ਪਤਾ ਲਗਾਉਣ ‘ਚ ਜੁਟੀ ਹੋਈ ਹੈ।

ਪੁਲਿਸ ਅਧਿਕਾਰੀਆਂ ਮੁਤਾਬਕ ਇਸ ਕਾਰਵਾਈ ਦੌਰਾਨ ਹਥਿਆਰਾਂ ਤੇ ਵਿਸਫੋਟਕ ਸਮੱਗਰੀ ਦੀ ਬਰਾਮਦਗੀ ਨੂੰ ਵੱਡੀ ਕਾਮਯਾਬੀ ਮੰਨਿਆ ਜਾ ਰਿਹਾ ਹੈ। ਜਾਂਚ ਏਜੰਸੀਆਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਬਰਾਮਦ ਕੀਤੇ ਹਥਿਆਰ ਤੇ ਵਿਸਫੋਟਕ ਕਿੱਥੋਂ ਲਿਆਂਦੇ ਗਏ ਸਨ ਤੇ ਇਨ੍ਹਾਂ ਨੂੰ ਅੱਗੇ ਕਿਨ੍ਹਾਂ ਲੋਕਾਂ ਤੱਕ ਪਹੁੰਚਾਇਆ ਜਾਣਾ ਸੀ।

ਇਸ ਸਬੰਧੀ ਥਾਣਾ ਘਰਿੰਡਾ, ਅੰਮ੍ਰਿਤਸਰ ‘ਚ ਆਰਮਜ਼ ਐਕਟ ਤੇ ਐਕਸਪਲੋਸਿਵ ਸਬਸਟੈਂਸਿਜ਼ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਪੂਰੇ ਨੈੱਟਵਰਕ ਦੀ ਬੈਕਵਰਡ ਤੇ ਫਾਰਵਰਡ ਲਿੰਕ ਦਾ ਪਤਾ ਲਗਾਇਆ ਜਾ ਸਕੇ।

ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਸੰਗਠਿਤ ਅਪਰਾਧਿਕ ਨੈੱਟਵਰਕ ਤੇ ਹਥਿਆਰਾਂ ਦੀ ਗੈਰ-ਕਾਨੂੰਨੀ ਸਪਲਾਈ ‘ਚ ਸ਼ਾਮਲ ਲੋਕਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ। ਪੁਲਿਸ ਹੁਣ ਗ੍ਰਿਫ਼ਤਾਰ ਮੁਲਜ਼ਮ ਤੋਂ ਪੁੱਛਗਿੱਛ ਦੇ ਆਧਾਰ ਤੇ ਨੈੱਟਵਰਕ ਨਾਲ ਜੁੜੇ ਹੋਰ ਸ਼ੱਕੀ ਵਿਅਕਤੀਆਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ।

By Gurpreet Singh

Leave a Reply

Your email address will not be published. Required fields are marked *