ਗੁਰਪ੍ਰੀਤ ਸਿੰਘ :- ਨਸ਼ਾ ਤਸਕਰੀ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਪੁਲਿਸ ਨੇ ਇੱਕ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ 5 ਕਿੱਲੋ 28 ਗ੍ਰਾਮ ਹੈਰੋਇਨ ਬਰਾਮਦ ਕੀਤੀ। ਜ਼ਬਤ ਕੀਤੀ ਗਈ ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਲਗਭਗ 35 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਹ ਹਾਲ ਹੀ ਦੇ ਦਿਨਾਂ ਵਿੱਚ ਹੋਈਆਂ ਵੱਡੀਆਂ ਬਰਾਮਦਗੀਆਂ ਵਿੱਚੋਂ ਇੱਕ ਮੰਨੀ ਜਾ ਰਹੀ ਹੈ।
ਥਾਣਾ ਘਰਿੰਡਾ ਦੀ ਪੁਲਿਸ ਟੀਮ ਵੱਲੋਂ ਕੀਤੀ ਗਈ ਇਸ ਸਫ਼ਲ ਕਾਰਵਾਈ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਹੁਣ ਗੰਭੀਰਤਾ ਨਾਲ ਇਸ ਗੱਲ ਦੀ ਜਾਂਚ ‘ਚ ਜੁਟੀ ਹੋਈ ਹੈ ਕਿ ਇਹ ਹੈਰੋਇਨ ਦੀ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਕਿਹੜੇ-ਕਿਹੜੇ ਖੇਤਰਾਂ ਵਿੱਚ ਸਪਲਾਈ ਕੀਤਾ ਜਾਣਾ ਸੀ। ਜਾਂਚ ਦੌਰਾਨ ਪੁਲਿਸ ਇਸ ਗੈਰ-ਕਾਨੂੰਨੀ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਨਸ਼ੇ ਦੇ ਕਾਰੋਬਾਰ ‘ਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨਸ਼ਾ ਵਿਰੋਧੀ ਮੁਹਿੰਮ ਤਹਿਤ ਪੁਲਿਸ ਦਾ ਐਕਸ਼ਨ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੱਸਿਆ ਕਿ ਇਹ ਕਾਰਵਾਈ ਪੰਜਾਬ ਸਰਕਾਰ ਅਤੇ ਪੁਲਿਸ ਹੈੱਡਕੁਆਰਟਰ ਦੀਆਂ ਹਦਾਇਤਾਂ ‘ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਵਿਸ਼ੇਸ਼ ਮੁਹਿੰਮ ਦਾ ਹਿੱਸਾ ਹੈ। ਪੁਲਿਸ ਦਾ ਮੁੱਖ ਮਕਸਦ ਸਮਾਜ ਨੂੰ ਨਸ਼ਾ ਮੁਕਤ ਬਣਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਸਣ ਤੋਂ ਬਚਾਉਣਾ ਹੈ।
ਨਸ਼ੀਲੇ ਪਦਾਰਥਾਂ ਦੀ ਬਿਕਰੀ ਦੀ ਸੂਚਨਾ ਪੁਲਿਸ ਨੂੰ ਦੇਣ ਦੀ ਅਪੀਲ
ਪੁਲਿਸ ਪ੍ਰਸ਼ਾਸਨ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਨਸ਼ਾ ਤਸਕਰੀ ਜਾਂ ਨਸ਼ੀਲੇ ਪਦਾਰਥਾਂ ਦੀ ਵਿਕਰੀ ਨਾਲ ਸਬੰਧਤ ਕੋਈ ਵੀ ਜਾਣਕਾਰੀ ਮਿਲਦੀ ਹੈ, ਤਾਂ ਉਹ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦੇਣ। ਆਮ ਲੋਕਾਂ ਦੇ ਸਹਿਯੋਗ ਅਤੇ ਭਾਗੀਦਾਰੀ ਨਾਲ ਹੀ ਇਸ ਗੈਰ-ਕਾਨੂੰਨੀ ਧੰਦੇ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਾਈ ਜਾ ਸਕਦੀ ਹੈ।
