ਵਪਾਰੀਆਂ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਲਈ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਤੇ ਅਧਿਕਾਰੀਆਂ ਦੀ ਮੀਟਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਸਤੰਬਰ (ਗੁਰਪ੍ਰੀਤ ਸਿੰਘ) : ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਣਜੀਤ ਪਾਲ ਸਿੰਘ ਵੱਲੋਂ ਜ਼ਿਲ੍ਹੇ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਸਮੀਖਿਆ ਕਰਨ ਲਈ ਸਬੰਧਤ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਨੇ ਵਿਭਾਗਵਾਰ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਬੰਧਤ ਮਾਮਲਿਆਂ ’ਤੇ ਨਿਰਧਾਰਤ ਨਿਯਮਾਂ ਅਤੇ ਸਮਾਂ-ਸੀਮਾ ਅਨੁਸਾਰ ਤਰਜੀਹ ਦੇ ਆਧਾਰ ’ਤੇ ਲੋੜੀਂਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਬੇਲੋੜੀ ਦੇਰੀ ਤੋਂ ਬਚਣ ਲਈ ਵਿਭਾਗਾਂ ਦਰਮਿਆਨ ਪ੍ਰਭਾਵਸ਼ਾਲੀ ਤਾਲਮੇਲ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ।

ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰਕ ਭਾਈਚਾਰੇ ਲਈ ਸੁਖਾਵਾਂ ਮਾਹੌਲ ਯਕੀਨੀ ਬਣਾਉਣ ਅਤੇ ਵਪਾਰੀਆਂ ਤੇ ਸਰਕਾਰੀ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਸਥਾਪਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਪਣੇ-ਆਪਣੇ ਅਧਿਕਾਰ ਖੇਤਰ ਨਾਲ ਸਬੰਧਤ ਮਾਮਲਿਆਂ ’ਤੇ ਸੰਵੇਦਨਸ਼ੀਲ ਅਤੇ ਤੁਰੰਤ ਪਹੁੰਚ ਅਪਣਾਉਣ ਲਈ ਕਿਹਾ।

ਇਸ ਮੌਕੇ ਚੇਅਰਮੈਨ ਸ੍ਰੀ ਰਣਜੀਤ ਪਾਲ ਸਿੰਘ ਅਤੇ ਟਰੇਡਰਜ਼ ਕਮਿਸ਼ਨ ਦੇ ਹੋਰ ਨੁਮਾਇੰਦਿਆਂ ਵੱਲੋਂ ਵਪਾਰਕ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਮੁੱਦੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੇ ਗਏ। ਸਬੰਧਤ ਅਧਿਕਾਰੀਆਂ ਨੇ ਵੱਖ-ਵੱਖ ਮਾਮਲਿਆਂ ਵਿੱਚ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੱਤੀ ਅਤੇ ਜਿੱਥੇ ਲੋੜ ਸੀ, ਉੱਥੇ ਪ੍ਰਕਿਰਿਆ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ।

ਮੀਟਿੰਗ ਵਿੱਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਤਰਲੋਚਨ ਸਿੰਘ ਬੈਦਵਾਨ, ਮੋਹਾਲੀ ਹਲਕੇ ਦੇ ਚੇਅਰਮੈਨ ਸ੍ਰੀ ਅਕਵਿੰਦਰ ਸਿੰਘ ਗੋਸਲ, ਖਰੜ ਤੋਂ ਸ੍ਰੀ ਯਸ਼ਪਾਲ ਬਾਂਸਲ, ਤੋਂ ਇਲਾਵਾ ਜੁਆਇੰਟ ਡਿਪਟੀ ਡਾਇਰੈਕਟਰ, ਲੋਕਲ ਬਾਡੀਜ਼ ਸ੍ਰੀ ਵਰਿੰਦਰ ਜੈਨ, ਸਹਾਇਕ ਕਮਿਸ਼ਨਰ, ਨਗਰ ਨਿਗਮ ਮੋਹਾਲੀ ਸ੍ਰੀ ਮਨਪ੍ਰੀਤ ਸਿੰਘ, ਕਾਰਜਕਾਰੀ ਇੰਜੀਨੀਅਰ, ਪੀ.ਐਸ.ਪੀ.ਸੀ.ਐਲ. ਸ਼ਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ।

ਸਹਾਇਕ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਟਰੇਡਰਜ਼ ਕਮਿਸ਼ਨ ਨਾਲ ਨਿਰੰਤਰ ਤਾਲਮੇਲ ਬਣਾਈ ਰੱਖਣ ਅਤੇ ਵਿਭਾਗੀ ਕਾਰਵਾਈ ਦੀ ਸਮੇਂ ਸਿਰ ਪੈਰਵੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਬੰਧਤ ਨੁਮਾਇੰਦਿਆਂ ਨੂੰ ਕੀਤੀ ਗਈ ਕਾਰਵਾਈ ਅਤੇ ਨਤੀਜੇ ਬਾਰੇ ਸਮੇਂ ਸਿਰ ਜਾਣਕਾਰੀ ਦੇਣ ’ਤੇ ਵੀ ਜ਼ੋਰ ਦਿੱਤਾ।

ਜ਼ਿਲ੍ਹਾ ਪ੍ਰਸ਼ਾਸਨ ਨੇ ਵਪਾਰਕ ਭਾਈਚਾਰੇ ਨਾਲ ਬਿਹਤਰ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਅਤੇ ਸਰਕਾਰੀ ਸੇਵਾਵਾਂ ਦੀ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਸਮਾਂਬੱਧ ਡਿਲੀਵਰੀ ਯਕੀਨੀ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ।

By Gurpreet Singh

Leave a Reply

Your email address will not be published. Required fields are marked *