ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸ਼ੁਰੂ; ਅਹਿਮ ਪੰਥਕ ਮੁੱਦੇ ਵਿਚਾਰੇ ਜਾਣਗੇ

ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿੱਚ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਵਿੱਚ ਪਿਛਲੇ ਕੁਝ ਸਮੇਂ ਤੋਂ ਚੱਲ ਰਹੇ ਕਈ ਮਾਮਲਿਆਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਮੀਟਿੰਗ ਵਿੱਚ ਅਹਿਮ ਪੰਥਕ ਮਸਲੇ ਵਿਚਾਰੇ ਜਾਣਗੇ। ਇਸ ਵਿੱਚ ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਹੋਰ ਮਹੱਤਵਪੂਰਨ ਮਾਮਲੇ ਵਿਚਾਰੇ ਜਾਣਗੇ।

ਨਾਨਕਸ਼ਾਹੀ ਕੈਲੰਡਰ ਅਨੁਸਾਰ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ 27 ਦਸੰਬਰ ਨੂੰ ਆ ਰਿਹਾ ਹੈ। ਇਸ ਤਾਰੀਖ ਵਿੱਚ ਸੋਧ ਕਰਕੇ ਗੁਰਪੁਰਬ ਕਿਸੇ ਹੋਰ ਦਿਨ ਮਨਾਉਣ ਬਾਰੇ ਵੀ ਫੈਸਲਾ ਕੀਤਾ ਜਾ ਸਕਦਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀਸੀ ਡਾ.ਕਰਮਜੀਤ ਸਿੰਘ ਖਿਲਾਫ਼ ਆਈ ਸ਼ਿਕਾਇਤ ‘ਤੇ ਵੀ ਫੈਸਲਾ ਹੋਵੇਗਾ। ਇਸ ਤੋਂ ਇਲਾਵਾ, 2015 ਵਿੱਚ ਡੇਰਾ ਸਿਰਸਾ ਮੁਖੀ ਦੇ ਸਪਸ਼ਟੀਕਰਨ ਨੂੰ ਪ੍ਰਵਾਨ ਕਰਨ ਵਾਲੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਵੀ ਧਾਰਮਿਕ ਸਜ਼ਾ ਦਿੱਤੀ ਜਾਵੇਗੀ।

ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ‘ਤੇ ਅਕਾਲੀ ਦਲ ਵੱਲੋਂ ਲਗਾਈ ਗਈ 10 ਸਾਲ ਦੀ ਰੋਕ ਹਟਾਉਣ ਬਾਰੇ ਵੀ ਮੀਟਿੰਗ ਵਿੱਚ ਫੈਸਲਾ ਹੋ ਸਕਦਾ ਹੈ। ਇਸ ਇਕੱਤਰਤਾ ਵਿੱਚ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ, ਸ੍ਰੀ ਅਨੰਦਪੁਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਤੇ ਪੰਜ ਪਿਆਰਿਆਂ ਵਿੱਚੋਂ ਭਾਈ ਮੰਗਲ ਸਿੰਘ ਵੀ ਸ਼ਾਮਲ ਹਨ।

ਕਾਬਿਲੇਗੌਰ ਹੈ ਕਿ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਅਤੇ ਇਸ ਵਿਭਾਗ ਦੇ ਡਾਇਰੈਕਟਰ ਪਾਸੋਂ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ, ਸ੍ਰੀ ਆਨੰਦਪੁਰ ਸਾਹਿਬ ਵਿਖੇ ਸਿੱਖ ਸਿਧਾਂਤਾਂ, ਪ੍ਰੰਪਰਾਵਾਂ ਤੇ ਮਰਿਆਦਾ ਵਿਰੁੱਧ ਪੇਸ਼ਕਾਰੀ ਕਰਨ ਦੇ ਦੋਸ਼ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫੋਂ ਸਪਸ਼ਟੀਕਰਨ ਮੰਗਿਆ ਗਿਆ ਸੀ। ਇਸ ਸਬੰਧੀ ਵੀ ਵਿਚਾਰ ਚਰਚਾ ਕੀਤੀ ਜਾਵੇਗੀ।

By Gurpreet Singh

Leave a Reply

Your email address will not be published. Required fields are marked *