ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਅਤੇ ਹਰਿਆਣਾ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ, ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ। ਸੂਬੇ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਮੌਸਮ ਵਿਭਾਗ ਨੇ ਅੱਜ ਹੀਟਵੇਵ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ, ਰਾਤ ਨੂੰ ਵੀ ਗਰਮੀ ਜ਼ਿਆਦਾ ਰਹੇਗੀ।
ਸੂਬੇ ਵਿੱਚ ਪਾਰਾ ਲਗਾਤਾਰ ਵਧਦਾ ਜਾ ਰਿਹਾ ਹੈ,ਤਾਪਮਾਨ ਆਮ ਤਾਪਮਾਨ ਨਾਲੋਂ 5.4 ਡਿਗਰੀ ਵੱਧ ਹੈ। ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 45.8 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ, 14 ਜੂਨ ਤੱਕ ਲੋਕਾਂ ਨੂੰ ਇਸ ਤਰ੍ਹਾਂ ਦੇ ਮੌਸਮ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਅਨੁਸਾਰ ਅੱਜ ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਹੀਟਵੇਵ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਮੋਗਾ, ਸੰਗਰੂਰ, ਰੂਪਨਗਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਗਰਮੀ ਅਤੇ ਲੂਅ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਲਈ ਅਪੀਲ ਕੀਤੀ ਹੈ ਅਤੇ ਗਰਮੀ ਕਾਰਨ ਕਿਸੇ ਤਰ੍ਹਾਂ ਦੀ ਸਿਹਤ ਸਮੱਸਿਆ ਹੋਣ ’ਤੇ ਡਾਕਟਰੀ ਸਲਾਹ ਲੈਣ ਲਈ ਅਪੀਲ ਕੀਤੀ ਹੈ।
ਗਰਮੀ ’ਚ ਲੂਅ ਤੋਂ ਬਚਣ ਦੇ ਲਈ ਸਾਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ ਜਿਵੇਂ ਕਿ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਵੇ ਤਾਂ ਜ਼ਿਆਦਾ ਮਾਤਰਾ ਵਿੱਚ ਪਾਣੀ ਪੀਤਾ ਜਾਵੇ, ਸੂਤੀ, ਹਲਕੇ ਅਤੇ ਆਰਾਮਦਾਇਕ ਕੱਪੜੇ ਪਾ ਕੇ ਅਤੇ ਸਿਰ ਨੂੰ ਢੱਕ ਕੇ ਰੱਖਿਆ ਜਾਵੇ, ਤਰਲ ਪਦਾਰਥਾਂ ਜਿਵੇਂ ਪਾਣੀ, ਨਿੰਬੂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ ਅਤੇ ਦੁਪਹਿਰ ਦੇ ਵੇਲੇ ਘਰ ਵਿੱਚ ਹੀ ਰਿਹਾ ਜਾਵੇ ਅਤੇ ਘਰ ਤੋਂ ਬਾਹਰ ਬਹੁਤ ਜਿਆਦਾ ਜਰੂਰੀ ਹੋਣ ‘ਤੇ ਹੀ ਨਿਕਲਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਅਤੇ ਬਜ਼ਾਰ ਦੇ ਖਾਣੇ ਤੋਂ ਪ੍ਰਹੇਜ਼ ਕੀਤਾ ਜਾਵੇ, ਕੁਲਰ ਜਾਂ ਏ.ਸੀ. ਵਾਲੇ ਕਮਰੇ ਵਿੱਚ ਬੈਠਣ ਤੋਂ ਬਾਅਦ ਇੱਕ ਦਮ ਧੁੱਪ ਵਿੱਚ ਨਾ ਨਿਕਲਿਆ ਜਾਵੇ।
ਮੌਸਮ ਵਿਭਾਗ ਅਨੁਸਾਰ 14 ਜੂਨ ਤੋਂ ਪੰਜਾਬ ਵਿੱਚ ਗਰਜ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਸੰਭਾਵਨਾ ਹੈ। ਇਸ ਨਾਲ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।
