ਗੁਰਪ੍ਰੀਤ ਸਿੰਘ :- ਪੰਜਾਬ ਨੂੰ ਸਾਫ਼-ਸੁਥਰਾ ਬਣਾਉਣ ਲਈ ‘Mission Clean Punjab 2.0’ ਦੀ ਸ਼ੁਰੂਆਤ ਅੱਜ 29 ਅਗਸਤ ਤੋਂ ਕੀਤੀ ਜਾ ਰਹੀ ਹੈ। ਇਹ ਵਿਸ਼ੇਸ਼ ਸਫ਼ਾਈ ਮੁਹਿੰਮ 29 ਅਗਸਤ ਤੋਂ 7 ਸਤੰਬਰ ਤੱਕ ਚਲਾਈ ਜਾਵੇਗੀ। ਮੁਹਿੰਮ ਤਹਿਤ ਸ਼ਹਿਰਾਂ ਅਤੇ ਪਿੰਡਾਂ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਸੜਕਾਂ, ਗਲੀਆਂ ਅਤੇ ਜਨਤਕ ਥਾਵਾਂ ‘ਤੇ ਲੱਗੇ ਕੂੜੇ ਦੇ ਢੇਰਾਂ ਨੂੰ ਹਟਾਉਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਹਰਜੋਤ ਬੈਂਸ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ 10 ਰੋਜ਼ਾ ਮੁਹਿੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ‘ਮਿਸ਼ਨ ਕਲੀਨ ਪੰਜਾਬ’ ਪਹਿਲਕਦਮੀ ਵਿੱਚ ਹੋਰ ਤੇਜ਼ੀ ਲਿਆਵੇਗੀ, ਜਿਸ ਤਹਿਤ ਸੀਨੀਅਰ ਅਧਿਕਾਰੀ ਪਹਿਲਾਂ ਹੀ ਸਵੇਰੇ 7 ਵਜੇ ਤੋਂ 8 ਵਜੇ ਤੱਕ ਰੋਜ਼ਾਨਾ ਜ਼ਮੀਨੀ ਪੱਧਰ ‘ਤੇ ਨਿਰੀਖਣ ਕਰ ਰਹੇ ਹਨ। ਬੈਂਸ ਨੇ ਕਿਹਾ, “ਪੰਜਾਬ ਸਾਡੇ ਗੁਰੂਆਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਹੈ ਅਤੇ ਇਸ ਦੇ ਕਣ-ਕਣ ਵਿੱਚ ਅਧਿਆਤਮਿਕਤਾ ਸਮੋਈ ਹੋਈ ਹੈ। ਇਸ ਨੂੰ ਸਾਫ਼-ਸੁਥਰਾ ਅਤੇ ਸੁੰਦਰ ਰੱਖਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ। ਇਸ ਮੁਹਿੰਮ ਵਿੱਚ ਸਾਰੇ ਵਿਧਾਇਕ, ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ, ਈਓਜ਼ ਅਤੇ ਗੈਰ ਸਰਕਾਰੀ ਸੰਗਠਨ ਹਿੱਸਾ ਲੈਣਗੇ।”
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ‘ਐਮ ਸੇਵਾ’ ਐਪ ਰਾਹੀਂ ਨਾਗਰਿਕ ਵੀ ਆਪਣੇ ਖੇਤਰਾਂ ਵਿੱਚ ਜੀ.ਵੀ.ਪੀਜ਼. ਦੀਆਂ ਫੋਟੋਆਂ ਅਪਲੋਡ ਕਰਕੇ ਇਸ ਮੁਹਿੰਮ ਵਿੱਚ ਸ਼ਾਮਲ ਹੋ ਸਕਦੇ ਹਨ। ਹਰੇਕ ਸ਼ਿਕਾਇਤ ਦੀ ਵੱਖਰੀ ਆਈਡੀ ਤਿਆਰ ਹੋਵੇਗੀ, ਜਿਸ ਨਾਲ ਨਾਗਰਿਕ ਆਪਣੀ ਸ਼ਿਕਾਇਤ ਨੂੰ ਟਰੈਕ ਕਰ ਸਕਦੇ ਹਨ ਅਤੇ ਉਸ ਸਥਾਨ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਹਰ ਸ਼ਹਿਰ ਅਤੇ ਕਸਬੇ ਵਿੱਚ ਕੂੜੇ-ਕਰਕਟ ਵਾਲੇ ਸਥਾਨਾਂ ਦੀ ਮੁਕੰਮਲ ਸਫ਼ਾਈ ਕਰਨ ‘ਤੇ ਕੇਂਦਰਿਤ ਹੋਵੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਰਗੇ ਵੱਡੇ ਸ਼ਹਿਰਾਂ ਵਿੱਚ 600 ਅਤੇ ਪਟਿਆਲਾ ਵਿੱਚ ਲਗਭਗ 450 ਜੀਵੀਪੀਜ਼ ਦੀ ਪਛਾਣ ਕੀਤੀ ਗਈ ਹੈ। ਬੈਂਸ ਨੇ ਕਿਹਾ, “ਅਗਲੇ 10 ਦਿਨਾਂ ਵਿੱਚ, ਸਾਰੇ ਵਿਧਾਇਕ ਅਤੇ ਅਧਿਕਾਰੀ ਜੀਵੀਪੀਜ਼ ਨੂੰ ਖ਼ਤਮ ਕਰਨ ਲਈ ਹਰ ਰੋਜ਼ ਸਵੇਰੇ ਜ਼ਮੀਨੀ ਪੱਧਰ ‘ਤੇ ਨਿਰੀਖਣ ਕਰਨਗੇ। ਮੈਂ ਖੁਦ ਵੀ ਫ਼ੀਲਡ ਵਿੱਚ ਮੌਜੂਦ ਰਹਾਂਗਾ।”
ਹਰਜੋਤ ਬੈਂਸ ਨੇ ਨਾਗਰਿਕਾਂ ਨੂੰ ਇਸ ਮਿਸ਼ਨ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਮਹਿਜ਼ ਸਰਕਾਰੀ ਮੁਹਿੰਮ ਨਹੀਂ ਸਗੋਂ ਲੋਕ ਲਹਿਰ ਹੈ। ਉਨ੍ਹਾਂ ਸਫ਼ਾਈ ਕਰਮਚਾਰੀਆਂ ਦੇ ਸਨਮਾਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਅਤੇ ਕਿਹਾ ਕਿ ਇਹ ਯਕੀਨੀ ਬਣਾਉਣਾ ਸਾਡਾ ਫਰਜ਼ ਹੈ ਕਿ ਉਨ੍ਹਾਂ ਦੇ ਯਤਨ ਸਾਡੇ ਗੈਰ-ਜ਼ਿੰਮੇਵਾਰਾਨਾ ਵਤੀਰੇ ਕਾਰਨ ਅਜਾਈਂ ਨਾ ਜਾਣ। ਬੈਂਸ ਨੇ ਕਿਹਾ, “ਸਾਨੂੰ ਆਪਣੇ ਸਫ਼ਾਈ ਸੇਵਕਾਂ ਦਾ ਸਮਰਥਨ ਕਰਨਾ ਚਾਹੀਦਾ ਹੈ।
ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਨੂੰ ਐਮ-ਸੇਵਾ ਐਪ ਡਾਊਨਲੋਡ ਕਰਨ, ਆਪਣੇ ਖੇਤਰਾਂ ਵਿੱਚ ਗਾਰਬੇਜ ਵੁਲਨੇਰੇਬਲ ਪੁਆਇੰਟਸ ਦੀਆਂ ਤਸਵੀਰਾਂ ਅਪਲੋਡ ਕਰਨ ਅਤੇ ਸਫ਼ਾਈ ਮੁਹਿੰਮ ਨੂੰ ਟਰੈਕ ਕਰਨ ਲਈ ਹਰੇਕ ਸ਼ਿਕਾਇਤ ਲਈ ਤਿਆਰ ਕੀਤੀ ਵਿਲੱਖਣ ਆਈਡੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਸ-ਪਾਸ ਦੇ ਆਂਢ-ਗੁਆਂਢ ਵਿੱਚ ਸਫ਼ਾਈ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਇਸ ਮੁਹਿੰਮ ਨੂੰ ਇੱਕ ਲੋਕ ਲਹਿਰ ਬਣਾਉਣ। ਉਨ੍ਹਾਂ ਕਿਹਾ, “ਸਮੁੱਚੀ ਮੁਹਿੰਮ ਦੀ ਸਮਰਪਿਤ ਢਾਂਚੇ ਰਾਹੀਂ ਨਿਗਰਾਨੀ ਕੀਤੀ ਜਾਵੇਗੀ, ਹਰੇਕ ਨਗਰ ਨਿਗਮ ਅਤੇ ਨਗਰ ਕੌਂਸਲ ਵਿਖੇ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਜਾਵੇਗਾ ਤਾਂ ਜੋ ਪਛਾਣੇ ਗਏ ਪੁਆਇੰਟਾਂ ਦਾ ਪ੍ਰਭਾਵੀ ਅਤੇ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।”
